August 27, 2013 admin

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ-ਕੀਰਤਨ 1 ਸਤੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌ ਸੱਜਣਗੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ ਸ਼ਬਦ-ਵਿਚਾਰ ਸਮਾਗਮ ਪੀ.ਟੀ.ਸੀ. ਚੈਨਲ ਵੱਲੋਂ ਸਿੱਧਾ ਪ੍ਰਸਾਰਨ ਹੋਵੇਗਾ

 ਅੰਮ੍ਰਿਤਸਰ- 27 ਅਗਸਤ- ਬਾਣੀ ਦੇ ਬੋਹਿਥ, ਸ਼ਬਦ-ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੀਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਅਲੌਕਿਕ ਨਗਰ-ਕੀਰਤਨ 1 ਸਤੰਬਰ ਨੂੰ ਸਵੇਰੇ 7 ਵਜੇ ਆਰੰਭ ਹੋਵੇਗਾ। ਜਿਸ ਵਿੱਚ ਸਕੂਲਾਂ/ਕਾਲਜਾਂ ਦੇ ਵਿੱਦਿਆਰਥੀ, ਸਟਾਫ਼ ਤੇ ਬੈਂਡ, ਸ਼ਹਿਰ ਦੀਆਂ ਵੱਖ-ਵੱਖ ਬੈਂਡ ਪਾਰਟੀਆਂ, ਸ਼ਬਦੀ ਜਥੇ, ਧਾਰਮਿਕ ਸਭਾ-ਸੁਸਾਇਟੀਆਂ ਤੇ ਗੁਰੂ-ਜਸ ਗਾਇਨ ਕਰਦੀਆਂ ਸੰਗਤਾਂ ਸ਼ਮੂਲੀਅਤ ਕਰਨਗੀਆਂ।
ਇਸੇ ਦਿਨ ਪਹਿਲੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਾਮ 8.00 ਵਜੇ ਤੋਂ ਦੇਰ ਰਾਤ 1.00 ਵਜੇ ਤੀਕ ਸ਼ਬਦ-ਵਿਚਾਰ ਤੇ ਕੀਰਤਨ ਦਰਬਾਰ ਹੋਵੇਗਾ ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਸੰਗਤਾਂ ਨਾਲ ਗੁਰਸ਼ਬਦ ਵਿਚਾਰਾਂ ਦੀ ਸਾਂਝ ਕੀਤੀ ਜਾਵੇਗੀ। ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ, ਭਾਈ ਗੁਰਮੀਤ ਸਿੰਘ ਸ਼ਾਂਤ, ਭਾਈ ਗੁਰਨਾਮ ਸਿੰਘ ਪਟਿਆਲਾ, ਡਾ:ਗੁਰਿੰਦਰ ਸਿੰਘ ਬਟਾਲਾ, ਭਾਈ ਅਮਰਜੀਤ ਸਿੰਘ ਪਟਿਆਲਾ, ਬੀਬੀ ਬਲਜੀਤ ਕੌਰ ਖਾਲਸਾ ਤਲਵਾੜੇ ਵਾਲੇ, ਬੀਬੀ ਆਸ਼ੂਪ੍ਰੀਤ ਕੌਰ ਜਲੰਧਰ ਵਾਲੇ ਤੇ ਬੀਬੀਆਂ ਦਾ ਜਥਾ (ਬਾਬਾ ਕੁੰਦਨ ਸਿੰਘ ਭਲਾਈ ਕੇਂਦਰ ਟਰੱਸਟ) ਲੁਧਿਆਣੇ ਵਾਲਿਆਂ ਦੇ ਜਥਿਆਂ ਵੱਲੋਂ ਕਥਾ ਵਖਿਆਨਾਂ ਤੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 1 ਸਤੰਬਰ ਨੂੰ ਸਵੇਰੇ 8.30 ਵਜੇ ਤੋਂ 12 ਵਜੇ ਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਜਾਣਗੇ। ਰਾਤ ਨੂੰ ਦੀਪਮਾਲਾ ਹੋਵੇਗੀ ‘ਤੇ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਚਲਾਈ ਜਾਵੇਗੀ। ਇਸ ਦਿਨ ਸਾਰੇ ਸਮਾਗਮਾਂ ਦਾ ਪੀ.ਟੀ.ਸੀ. ਚੈਨਲ ਵੱਲੋਂ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ 31 ਅਗਸਤ ਨੂੰ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਸ਼ਾਮ 4 ਵਜੇ ਤੋਂ ਰਾਤ 11 ਵਜੇ ਤੀਕ ਮਹਾਨ ਗੁਰਮਤਿ ਸਮਾਗਮ ਹੋਵੇਗਾ। ਜਿਸ ਵਿੱਚ ਸਿੰਘ ਸਾਹਿਬਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ, ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਕੁਲਜੀਤ ਸਿੰਘ ਨੈਰੋਬੀ ਵਾਲੇ, ਭਾਈ ਕਿਸ਼ਨ ਸਿੰਘ ਸੰਤਨ ਕੀ ਕੁਟੀਆ, ਭਾਈ ਸਤਿੰਦਰਪਾਲ ਸਿੰਘ ਲੁਧਿਆਣਾ, ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲੇ, ਭਾਈ ਸਤਬੀਰ ਸਿੰਘ ਚੋਜੀ, ਬੀਬੀ ਆਸ਼ੂਪ੍ਰੀਤ ਕੌਰ ਜਲੰਧਰ, ਬੀਬੀ ਹਰਭਜਨ ਕੌਰ, ਬੀਬੀ ਪੁਖਰਾਜ ਕੌਰ ਅੰਮ੍ਰਿਤਸਰ ਆਦਿ ਦੇ ਜਥਿਆਂ ਵੱਲੋਂ ਕਥਾ ਵਖਿਆਨਾਂ ਤੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸੰਗਤਾਂ ਨੂੰ ਅਪੀਲ ਹੈ ਕਿ ਪਰਿਵਾਰਾਂ ਸਮੇਤ ਨਗਰ-ਕੀਰਤਨ ਅਤੇ ਸਜੇ ਦੀਵਾਨ ‘ਚ ਸ਼ਮੂਲੀਅਤ ਕਰਕੇ ਸਤਿਗੁਰਾਂ ਦੀਆਂ ਬਖਸ਼ਿਸ਼ਾਂ ਦੇ ਪਾਤਰ ਬਣਨ।

Translate »