ਪਟਿਆਲਾ -” ਕਿਸਾਨਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਲਗਾਏ ਜਾਣ ਵਾਲੇ ਕਿਸਾਨ ਮੇਲਿਆਂ ਦਾ ਵੱਧ ਤੋਂ ਵੱਧ ਕਿਸਾਨਾਂ ਨੂੰ ਲਾਭ ਉਠਾਉਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਖੇਤੀ ਅਤੇ ਇਸਦੇ ਸਹਾਇਕ ਧੰਦਿਆਂ ਨਾਲ ਜੁੜੀਆਂ ਮੁਸ਼ਕਿਲਾਂ ਨਾਲ ਨਜਿੱਠਣ ਦਾ ਗਿਆਨ ਪ੍ਰਾਪਤ ਹੋ ਸਕੇ । ਆਉਣ ਵਾਲੇ ਸਮੇਂ ਵਿੱਚ ਕੇਵਲ ਉਹੀ ਕਿਸਾਨ ਸਫਲ ਢੰਗ ਨਾਲ ਖੇਤੀ ਕਰ ਸਕਣਗੇ ਜਿਹੜੇ ਫਸਲੀ ਵਿਭਿੰਨਤਾ ਨੂੰ ਅਪਣਾਉਂਦੇ ਹੋਏ ਆਧੁਨਿਕ ਢੰਗ ਨਾਲ ਖੇਤੀਬਾੜੀ ਕਰਨ ਦਾ ਤਜਰਬਾ ਰੱਖਦੇ ਹੋਣਗੇ । ” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਘਨੌਰ ਦੀ ਦਾਣਾ ਮੰਡੀ ਵਿਖੇ ਇਨੋਵੇਟਿਵ ਫਾਰਮਰਜ਼ ਕਲੱਬ ਅਤੇ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਪਾਰਟਮੈਂਟ (ਨਾਬਾਰਡ) ਵੱਲੋਂ ਕਰਵਾਏ ਗਏ ਇੱਕ ਰੋਜ਼ਾ ਪਹਿਲੇ ਵਿਗਿਆਨਕ ਕਿਸਾਨ ਮੇਲੇ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ । ਸ਼੍ਰੀ ਗਰਗ ਨੇ ਕਿਹਾ ਕਿ ਕਿਸਾਨਾਂ ਨੂੰ ਰਵਾਇਤੀ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਨਿਕਲ ਕੇ ਬਦਲਵੀਂ ਖੇਤੀ ਦੀ ਪਿਰਤ ਪਾਉਣੀ ਚਾਹੀਦੀ ਹੈ ਜਿਸ ਤਹਿਤ ਕਿਸਾਨ ਦਾਲਾਂ ਤੇ ਸਬਜ਼ੀਆਂ ਦੀ ਕਾਸ਼ਤ ਕਰਨ ਦੇ ਨਾਲ ਨਾਲ ਫੁੱਲਾਂ ਦੀ ਖੇਤੀ ਕਰਕੇ ਵੀ ਵਧੇਰੇ ਆਮਦਨ ਪ੍ਰਾਪਤ ਕਰ ਸਕਦੇ ਹਨ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੱਧ ਪ੍ਰਦੇਸ਼ ਅਤੇ ਆਂਧਰਾ ਪ੍ਰਦੇਸ਼ ਵਰਗੇ ਸੂਬਿਆਂ ਵਿੱਚ ਕਣਕ ਅਤੇ ਝੋਨੇ ਦੀ ਪੈਦਾਵਾਰ ਵਧਣ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਹੁਣ ਤੋਂ ਹੀ ਸੰਭਲ ਜਾਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਭਲਾਈ ਸਕੀਮਾਂ ਤਹਿਤ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਤੇ ਹੋਰ ਸਹੂਲਤਾਂ ਹਾਸਿਲ ਕਰਕੇ ਪੰਜਾਬ ਦੇ ਅਗਾਂਹਵਧੂ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਦੀ ਲਹਿਰ ‘ਤੇ ਜ਼ੋਰ ਦੇਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਿਸਾਨ ਕਣਕ ਅਤੇ ਝੋਨੇ ਵਿੱਚ ਦੇਸ਼ ਭਰ ਵਿੱਚ ਮੋਢੀ ਸਾਬਿਤ ਹੋਏ ਹਨ ਠੀਕ ਉਸੇ ਤਰ੍ਹਾਂ ਹੀ ਕਿਸਾਨਾਂ ਨੂੰ ਹੋਰ ਫਸਲਾਂ ਦੀ ਪੈਦਾਵਾਰ ਪੱਖੋਂ ਵੀ ਮੋਢੀ ਬਣਨਾ ਚਾਹੀਦਾ ਹੈ । ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਗਰਗ ਨੇ ਦੱਸਿਆ ਕਿ ਆਕਾਸ਼ਵਾਣੀ ‘ਤੇ ਪ੍ਰਸਾਰਿਤ ਹੁੰਦੇ ਪ੍ਰੋਗਰਾਮ ‘ ਕਿਸਾਨ ਵਾਣੀ’ ਅਧੀਨ ਇਹ ਮੇਲਾ ਕਰਵਾਇਆ ਗਿਆ ਹੈ ਜਿਸ ਦਾ ਮਕਸਦ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਖੇਤੀ ਮਾਹਿਰਾਂ ਨਾਲ ਜੋੜ ਕੇ ਬਿਹਤਰ ਖੇਤੀ ਕਰਨ ਲਈ ਪ੍ਰੇਰਿਤ ਕਰਨਾ ਹੈ । ਉਨ੍ਹਾਂ ਦੱਸਿਆ ਕਿ ‘ਕਿਸਾਨ ਵਾਣੀ’ ਦੇ ਸਰੋਤਿਆਂ ਵੱਲੋਂ ਸਾਂਝੇ ਤੌਰ ‘ਤੇ ਬਣਾਏ ਗਏ ਇਨੋਵੇਟਿਵ ਫਾਰਮਰਜ਼ ਕਲੱਬ ਦਾ ਵੱਡੀ ਗਿਣਤੀ ਕਿਸਾਨਾਂ ਨੂੰ ਲਾਭ ਮਿਲੇਗਾ ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨ ਮੇਲੇ ਵਿੱਚ ਲਗਾਈਆਂ ਗਈਆਂ ਵੱਖ-ਵੱਖ ਤਰ੍ਹਾਂ ਦੀਆਂ ਸਟਾਲਾਂ ਦਾ ਵੀ ਜਾਇਜ਼ਾ ਲਿਆ । ਇਸ ਮੌਕੇ ਆਲ ਇੰਡੀਆ ਰੇਡੀਓ ਪਟਿਆਲਾ ਦੇ ਪ੍ਰੋਗਰਾਮ ਮੁਖੀ ਸ਼੍ਰੀ ਅਮਰਜੀਤ ਸਿੰਘ ਵੜੈਚ, ਨਾਬਾਰਡ ਦੇ ਏ.ਜੀ.ਐਮ ਸ਼੍ਰੀ ਐਸ.ਐਸ.ਚੁਟਾਨੀ, ਮੁੱਖ ਖੇਤੀਬਾੜੀ ਅਫਸਰ ਪਟਿਆਲਾ ਡਾ. ਰਜਿੰਦਰ ਸਿੰਘ ਸੋਹੀ, ਇਨੋਵੇਟਿਵ ਫਾਰਮਰਜ਼ ਕਲੱਬ ਦੇ ਪ੍ਰਧਾਨ ਸ਼੍ਰੀ ਜਗਜੀਤ ਸਿੰਘ ਧਨੋਆ, ਮੈਂਬਰ ਐਸ.ਜੀ.ਪੀ.ਸੀ ਜਥੇਦਾਰ ਜਸਮੇਰ ਸਿੰਘ ਲਾਛੜੂ, ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਦੇ ਡਿਪਟੀ ਡਾਇਰੈਕਟਰ ਸ਼੍ਰੀ ਗੁਰਜਿੰਦਰਪਾਲ ਸਿੰਘ ਸੋਢੀ, ਸ਼੍ਰੀ ਲਾਲ ਸਿੰਘ ਸਰਪੰਚ ਅਤੇ ਸ਼੍ਰੀ ਕੁਲਵਿੰਦਰ ਸਿੰਘ ਮਰਦਾਂਪੁਰ ਵੱਲੋਂ ਡਿਪਟੀ ਕਮਿਸ਼ਨਰ ਨੂ ੰਸਨਮਾਨਿਤ ਕੀਤਾ ਗਿਆ । ਇਸ ਮੌਕੇ ਕਿਸਾਨਾਂ ਨੂੰ ਮਿਆਰੀ ਬੀਜ, ਦਵਾਈਆਂ, ਖਾਦਾਂ ਅਤੇ ਖੇਤੀਬਾੜੀ ਨਾਲ ਸਬੰਧਤ ਔਜਾਰ ਵੀ ਦਿੱਤੇ ਗਏ । ਇਸ ਦੌਰਾਨ ਮੰਚ ਦਾ ਸੰਚਾਲਨ ਸ਼੍ਰੀ ਪ੍ਰੀਤ ਮਹਿੰਦਰ ਸਿੰਘ ਸੇਖੋਂ ਨੇ ਬਾਖੂਬੀ ਕੀਤਾ ।