September 30, 2011 admin

ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ

ਹੁਸ਼ਿਆਰਪੁਰ (ਭਾਰਤ ਸੰਦੇਸ਼) – ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਅੱਜ ਇਥੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ।  ਇਸ ਮੌਕੇ ਤੇ ਸਰਵਸ੍ਰੀ ਵਿਨੈ ਬੁਬਲਾਨੀ ਵਧੀਕ ਡਿਪਟੀ ਕਮਿਸ਼ਨਰ (ਜ), ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ),  ਕਰਨੈਲ ਸਿੰਘ ਤਹਿਸੀਲਦਾਰ (ਚੋਣਾਂ), ਹਰੀਸ਼ ਕੁਮਾਰ, ਚੋਣਾਂ ਨਾਲ ਸਬੰਧਤ ਸਾਰੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।
 ਸ੍ਰ: ਦੀਪਇੰਦਰ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਦੇ ਪ੍ਰੋਗਰਾਮ ਤਹਿਤ 4 ਅਕਤੂਬਰ 2011 ਨੂੰ ਵੋਟਰ ਸੂਚੀਆਂ ਦੀ ਪ੍ਰਕਾਸ਼ਨਾਂ ਕੀਤੀ ਜਾਵੇਗੀ ਅਤੇ 4 ਅਕਤੂਬਰ ਤੋਂ 20 ਅਕਤੂਬਰ 2011 ਤੱਕ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ ਲਏ ਜਾਣਗੇ। ਉਨ੍ਹਾਂ ਦੱਸਿਆ ਕਿ 7 ਅਕਤੂਬਰ ਅਤੇ 10 ਅਕਤੂਬਰ ਨੂੰ ਗਰਾਮ ਪੰਚਾਇਤ, ਗਰਾਮ ਸਭਾ, ਲੋਕਲ ਬਾਡੀਜ਼ ਵੱਲੋਂ ਵੋਟਰ ਸੂਚੀਆਂ ਵਿੱਚ ਦਰਜ ਨਾਵਾਂ ਦੀ ਪੜ੍ਹ ਕੇ ਪੜਤਾਲ ਕੀਤੀ ਜਾਵੇਗੀ।  ਉਨ੍ਹਾਂ ਅੱਗੇ ਦੱਸਿਆ ਕਿ 9 ਅਕਤੂਬਰ ਅਤੇ 16 ਅਕਤੂਬਰ ਨੂੰ ਸਪੈਸ਼ਲ ਮੁਹਿੰਮ ਚਲਾਈ ਜਾ ਰਹੀ ਹੈ ਇਨ੍ਹਾਂ ਦਿਨਾਂ ਵਿੱਚ ਬੀ ਐਲ ਓਜ਼ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟਾਂ ਦੀ ਮੀਟਿੰਗ ਹੋਵੇਗੀ ਅਤੇ ਵੋਟਰ ਸੂਚੀਆਂ ਤੇ  ਦਾਅਵੇ ਅਤੇ ਇਤਰਾਜ ਲਏ ਜਾਣਗੇ ਅਤੇ 19 ਨਵੰਬਰ ਨੂੰ ਇਨ੍ਹਾਂ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਕੀਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ 19 ਨਵੰਬਰ ਤੋਂ 26 ਦਸੰਬਰ ਤੱਕ ਡਾਟੇ ਨੂੰ ਅਪਡੇਟ ਕਰਨ ਉਪਰੰਤ ਫੋਟੋ ਲਗਾ ਕੇ ਕੰਟਰੋਲ ਟੇਬਲਜ਼ ਤਿਆਰ ਕੀਤੇ ਜਾਣਗੇ ਅਤੇ ਵੋਟਰ ਸੂਚੀਆਂ ਦੀ ਸਪਲੀਮੈਂਟਰੀ ਸੂਚੀ ਦੀ ਪ੍ਰਕਾਸ਼ਨਾ ਕੀਤੀ ਜਾਵੇਗੀ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ 2 ਜਨਵਰੀ 2012 ਨੂੰ ਕੀਤੀ ਜਾਵੇਗੀ।
 ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ 1-1-2012 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਉਨ੍ਹਾਂ ਦੇ ਨਾਂ ਵੋਟਰ ਸੂਚੀਆਂ ਵਿੱਚ ਦਰਜ਼ ਨਹੀਂ ਹਨ, ਉਨ੍ਹਾਂ ਵਿਅਕਤੀਆਂ ਨੂੰ ਆਪਣੀਆਂ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਪਹਿਲਾਂ ਵੀ ਬੇਨਤੀ ਕੀਤੀ ਗਈ ਸੀ ਪਰ ਕਿਸੇ ਵੀ ਪਾਰਟੀ ਵੱਲੋਂ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਨਹੀਂ ਕੀਤੀ ਗਈ । ਇਸ ਕਰਕੇ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ, ਸਕੱਤਰਾਂ ਦੇ ਨੁਮਾਇੰਦਿਆਂ ਨੂੰ ਬੇਨਤੀ ਹੈ ਕਿ ਹਰੇਕ ਪੋਲਿੰਗ ਸਟੇਸ਼ਨ ਤੇ ਬੂਥ ਲੈਵਲ ਏਜੰਟ ਲਗਾਏ ਜਾਣ ਅਤੇ ਇਨ੍ਹਾਂ ਬੂਥ ਲੈਵਲ ਏਜੰਟਾਂ ਦੇ ਨਾਵਾਂ ਦੀ ਇੱਕ ਸੂਚੀ ਤਹਿਸੀਲਦਾਰ ਚੋਣਾਂ ਅਤੇ ਇੱਕ ਸਬੰਧਤ ਈ ਆਰ ਓ ਨੂੰ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਦੀਆਂ ਫੋਟੋਆਂ ਵੋਟਰ ਸੂਚੀ ਵਿੱਚ ਉਨ੍ਹਾਂ ਦੇ ਨਾਵਾਂ ਸਾਹਮਣੇ ਦਰਜ਼ ਨਹੀਂ ਹਨ, ਉਨ੍ਹਾਂ ਨੂੰ ਫਾਰਮ ਨੰ: 001-ਬੀ ਭਰਾਉਣ ਲਈ ਪ੍ਰੇਰਿਤ ਕੀਤਾ ਜਾਵੇ।  ਉਨ੍ਹਾਂ ਕਿਹਾ ਕਿ 1 ਜਨਵਰੀ 2012 ਦੇ ਆਧਾਰ ਤੇ ਤਿਆਰ ਕੀਤੀ ਗਈ ਡਰਾਫ਼ਟ ਵੋਟਰ ਸੂਚੀ 3 ਅਕਤੂਬਰ 2011 ਨੂੰ ਸਬੰਧਤ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਵੱਲੋਂ ਜ਼ਿਲ੍ਹਾ ਚੋਣ ਦਫ਼ਤਰ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।  ਉਨ੍ਹਾਂ ਅੱਗੇ ਕਿਹਾ ਕਿ ਵਿਦੇਸ਼ਾਂ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਐਨ ਆਰ ਆਈ ਵੋਟਾਂ ਬਣਾਉਣ ਲਈ ਫਾਰਮ ਨੰ: 6 ਏ ਭਰ ਕੇ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵੋਟਰਾਂ ਵੱਲੋਂ ਆਪਣੀਆਂ ਵੋਟਾਂ ਮੁੱਖ ਚੋਣ ਅਫ਼ਸਰ ਪੰਜਾਬ ਦੀ ਦਫ਼ਤਰੀ ਵੈਬ ਸਾਈਟ www.ceopunjab.nic.in ਤੇ ਚੈਕ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ, ਸਕੱਤਰਾਂ ਤੇ ਨੁਮਾਇੰਦਿਆਂ ਨੂੰ ਬੇਨਤੀ ਕੀਤੀ ਕਿ ਮੋਹਤਬਾਰ ਵਿਅਕਤੀਆਂ ਦੇ ਨਾਂ ਵੋਟਰ ਸੂਚੀ ਵਿੱਚ ਆਪਣੇ ਪੱਧਰ ਤੇ ਚੈਕ ਕਰ ਲਏ ਜਾਣ।
 ਸ੍ਰ: ਦੀਪਇੰਦਰ ਸਿੰਘ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚੋਣਾਂ ਲੜਨ ਲਈ ਖਰਚੇ ਦੀ ਹੱਦ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਲੋਕ ਸਭਾ ਦੀ ਚੋਣ ਲਈ 25 ਲੱਖ ਰੁਪਏ ਤੋਂ ਵਧਾ ਕੇ 40 ਲੱਖ ਰੁਪਏ ਅਤੇ ਵਿਧਾਨ ਸਭਾ ਚੋਣਾਂ ਲਈ 10 ਲੱਖ ਰੁਪਏ ਤੋਂ ਵਧਾ ਕੇ 16 ਲੱਖ ਰੁਪਏ ਕਰ ਦਿੱਤੀ ਗਈ ਹੈ।  ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੌਜੂਦਾ ਸਰਕਾਰ ਦਾ 5 ਸਾਲਾ ਦਾ ਕਾਲ ਪੂਰਾ ਹੋਣ ਤੋਂ 6 ਮਹੀਨੇ ਰਹਿ ਜਾਣ ਤੇ ਰਾਜਨੀਤਿਕ ਪਾਰਟੀ ਦੇ ਉਮੀਦਵਾਰ ਵੱਲੋਂ ਪ੍ਰਚਾਰ ਲਈ ਜੋ ਖਰਚ ਕੀਤਾ ਜਾਵੇਗਾ, ਉਹ ਚੋਣਾਂ ਸਮੇਂ ਸਬੰਧਤ ਰਾਜਨੀਤਿਕ ਪਾਰਟੀ, ਉਮੀਦਵਾਰ ਦੇ ਖਾਤੇ ਵਿੱਚ ਜਮ੍ਹਾਂ ਕੀਤਾ ਜਾਵੇਗਾ। ਇਸ ਲਈ ਬੇਨਤੀ ਹੈ ਕਿ ਕੇਬਲ ਟੀ ਵੀ ਜਾਂ ਅਖ਼ਬਾਰਾਂ ਵਿੱਚ ਪ੍ਰਕਾਸ਼ਤ ਕੀਤੇ ਜਾਣ ਵਾਲੇ ਇਸ਼ਤਿਹਾਰਾਂ ਸਬੰਧੀ ਆਏ ਖਰਚੇ ਦਾ ਹਿਸਾਬ ਜ਼ਿਲ੍ਹਾ ਪੱਧਰ ਤੇ ਗਠਿਤ ਕੀਤੀ ਗਈ ਕਮੇਟੀ ਨੂੰ ਦਿੱਤਾ ਜਾਵੇ । ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚੇ ਸਬੰਧੀ ਰੇਟ ਚਾਰਟ ਤਿਆਰ ਕੀਤਾ ਜਾ ਰਿਹਾ ਹੈ। ਇਸ ਰੇਟ ਲਿਸਟ ਅਨੁਸਾਰ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰ ਦੇ ਖਾਤੇ ਵਿੱਚ ਖਰਚਾ ਬੁੱਕ ਕੀਤਾ ਜਾਵੇਗਾ।  ਰੇਟ ਚਾਰਟ ਜਲਦ ਹੀ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਸਪਲਾਈ ਕਰ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਵੋਟਾਂ ਬਣਾਉਣ ਸਬੰਧੀ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਜੇਕਰ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਲ ਪੇਸ਼ ਆ ਰਹੀ ਹੈ ਤਾਂ ਉਹ ਜ਼ਿਲ੍ਹਾ ਚੋਣ ਅਫ਼ਸਰ ਦੇ ਟੈਲੀਫੋਨ ਨੰ: 01882-225013 ਤੇ ਸੰਪਰਕ ਕਰ ਸਕਦੇ ਹਨ।
+++

Translate »