September 30, 2011 admin

ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਦਾ ਕੰਮ ਅੱਜ ਤੋਂ ਸ਼ੁਰੂ-ਡਿਪਟੀ ਕਮਿਸ਼ਨਰ

* ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਸਮੇਂ ਸਿਰ ਕਰਨ ਦੇ ਆਦੇਸ਼

* ਝੋਨੇ ਦੀ ਖਰੀਦ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਪਟਿਆਲਾ, 30 ਸਤੰਬਰ:

         ” ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਿਛਲੇ ਸੀਜ਼ਨ ਦੌਰਾਨ 12 ਲੱਖ 5 ਹਜ਼ਾਰ 615 ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ ਜਦੋਂ ਕਿ ਇਸ ਸਾਲ 13 ਲੱਖ 32 ਹਜ਼ਾਰ ਮੀਟਰਕ ਟਨ ਝੋਨਾ ਮੰਡੀਆਂ ਵਿੱਚ ਆਉਣ ਦੀ ਸੰਭਾਵਨਾ ਹੈ ਅਤੇ ਮੰਡੀਆਂ ਵਿੱਚ ਆਉਣ ਵਾਲੇ ਝੋਨੇ ਦੀ ਖਰੀਦ ਦਾ ਕੰਮ ਪਹਿਲੀ ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।” ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਮਿੰਨੀ ਸਕੱਤਰੇਤ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਖਰੀਦ ਏਜੰਸੀਆਂ, ਸਬੰਧਤ ਵਿਭਾਗਾਂ, ਆੜਤੀਆ ਅਤੇ  ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਝੋਨੇ ਦੀ ਖਰੀਦ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨੂ ੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ 100 ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਝੋਨੇ ਦੀ ਕੁੱਲ ਖਰੀਦ ਦਾ ਪਨਗ੍ਰੇਨ ਲਈ 24 ਫੀਸਦੀ, ਮਾਰਕਫੈਡ ਲਈ 23 ਫੀਸਦੀ, ਪਨਸਪ ਲਈ 22 ਫੀਸਦੀ, ਪੰਜਾਬ ਵੇਅਰ ਹਾਊਸ ਲਈ 11 ਫੀਸਦੀ, ਪੰਜਾਬ ਐਗਰੋ ਲਈ 10 ਅਤੇ ਐਫ.ਸੀ.ਆਈ. ਲਈ 10 ਫੀਸਦੀ ਝੋਨੇ ਦੀ ਖਰੀਦ ਕਰਨ ਦਾ ਟੀਚਾ ਮਿੱÎਥਿਆ ਗਿਆ ਹੈ।

         ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ  ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਖਰੀਦੇ ਝੋਨੇ ਦੀ ਅਦਾਇਗੀ 48 ਘੰਟਿਆਂ ਵਿੱਚ ਕਰਨ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਦੀ ਚੁਕਾਈ ਵੀ ਨਾਲੋ-ਨਾਲ ਕਰਵਾਈ ਜਾਵੇ। ਉਨ੍ਹਾਂ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਇਹ ਹਦਾਇਤ ਵੀ ਕੀਤੀ ਕਿ ਹਰੇਕ ਮੰਡੀ ਵਿੱਚ ਲੋੜ ਅਨੁਸਾਰ ਸਮੇਂ ਸਿਰ ਬਾਰਦਾਨਾਂ ਪਹੁੰਚਾਇਆ ਜਾਵੇ ਅਤੇ ਝੋਨੇ ਦੀ ਨਾਲੋ-ਨਾਲ ਚੁਕਾਈ ਲਈ ਟਰਾਂਸਪੋਰਟ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵੱਲੋਂ ਇਹ ਸਰਟੀਫਿਕੇਟ ਤੁਰੰਤ ਡੀ.ਸੀ. ਦਫਤਰ ਵਿਖੇ ਭੇਜਣ ਕਿ ਝੋਨੇ ਦੀ ਲਿਫਟਿੰਗ ਲਈ ਲੇਬਰ ਤੇ ਟਰਾਂਸਪੋਰਟ ਦੇ ਲੋੜ ਅਨੁਸਾਰ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਸਰਕਾਰ ਵੱਲੋਂ ਮਿੱਥੇ ਮਾਪ ਦੰਡਾਂ ਅਨੁਸਾਰ ਹੀ ਕੀਤੀ ਜਾਵੇ। ਸ਼੍ਰੀ ਗਰਗ ਨੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਹਰੇਕ ਮੰਡੀ ਵਿੱਚ ਸਫਾਈ, ਬਿਜਲੀ ਦੀ ਨਿਰਵਿਘਨ ਸਪਲਾਈ, ਪੀਣ ਵਾਲੇ ਸਾਫ ਸੁਥਰੇ ਪਾਣੀ, ਬੈਠਣ ਲਈ ਛਾਂ ਦਾਰ ਥਾਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਜ਼ਿਲ੍ਹਾ ਮੰਡੀ ਅਫਸਰ ਤੇ ਆੜਤੀਏ ਸਮੇਂ ਸਿਰ ਤਰਪਾਲਾਂ, ਪੋਲੀਥੀਨ ਕਵਰ ਅਤੇ ਲੋੜ ਅਨੁਸਾਰ ਮਕੈਨੀਕਲ ਕਲੀਨਰ ਦੇ ਪ੍ਰਬੰਧ ਵੀ ਕਰਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸ਼ਿਕਾਇਤ ਨਿਵਾਰਣ ਕਮੇਟੀਆਂ ਦਾ ਗਠਨ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਝੋਨੇ ਦੀ ਕੰਬਾਇਨਾਂ ਨਾਲ ਕਟਾਈ ਰਾਤ 8 ਵਜੇ ਤੋਂ ਸਵੇਰੇ 8 ਵਜੇ ਤੱਕ ਨਾ ਕਰਵਾਉਣ ਕਿਉਂਕਿ ਅਜਿਹਾ ਕਰਨ ਨਾਲ ਝੋਨੇ ਦੇ ਮਿਆਰ ‘ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਉਸ ਵਿੱਚ ਨਮੀਂ ਦੀ ਮਾਤਰਾ ਵੱਧ ਹੋਣ ਕਾਰਨ ਫਸਲ ਵੇਚਣ ਵਿੱਚ ਦਿੱਕਤ ਪੇਸ਼ ਆਉਂਦੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆੜਤੀਆ ਐਸੋਸੀਏਸ਼ਨ ਤੇ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਹਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਇਸ ਸੀਜ਼ਨ ਦੌਰਾਨ ਉਹਨਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

         ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਜਿਹਨਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਉਹਨਾਂ ਦੇ ਮੋਬਾਇਲ ਨੰਬਰ ਡੀ.ਸੀ. ਦਫਤਰ ਨੂੰ ਭੇਜੇ ਜਾਣ ਤਾਂ ਲੋੜ ਪੈਣ ‘ਤੇ ਉਹਨਾਂ ਨਾਲ ਤਾਲਮੇਲ ਕੀਤਾ ਜਾ ਸਕੇ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਖਰੀਦ ਕੇਂਦਰਾਂ ‘ਤੇ ਝੌਨੇ ਦੀ ਖਰੀਦ ਐਤਵਾਰ ਅਤੇ ਛੁੱਟੀ ਵਾਲੇ ਦਿਨਾਂ ਵਿੱਚ ਵੀ ਕੀਤੀ ਜਾਵੇ ਅਤੇ ਖਰੀਦ ਕੰਮਾਂ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ ਨੂੰ ਛੁੱਟੀ ਨਾ ਦਿੱਤੀ ਜਾਵੇ।

         ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨਿਨਦਿੱਤਾ ਮਿੱਤਰਾ, ਮੈਂਬਰ ਐਸ.ਜੀ.ਪੀ.ਸੀ. ਸ੍ਰ: ਜਸਮੇਰ ਸਿੰਘ ਲਾਛੜੂ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲ ਸ਼੍ਰੀ ਏ.ਪੀ.ਸਿੰਘ, ਜ਼ਿਲ੍ਹਾ ਮੰਡੀ ਅਫਸਰ ਸ੍ਰ: ਗੁਰਭਜਨ ਸਿੰਘ ਔਲਖ, ਜ਼ਿਲ੍ਹਾ ਖੁਰਾਕ ਸਪਲਾਈ ਅਫਸਰ ਸ੍ਰ: ਸ਼ੇਰ ਸਿੰਘ, ਐਫ.ਸੀ.ਆਈ. ਦੇ ਏਰੀਆ ਮੈਨੇਜਰ ਸ਼੍ਰੀ ਕੁਲਦੀਪ ਕੁਮਾਰ, ਮਾਰਕਫੈਡ ਦੇ ਜ਼ਿਲ੍ਹਾ ਮੈਨੇਜਰ ਸ਼੍ਰੀ ਮਨਿੰਦਰ ਸਿੰਘ ਬਰਾੜ, ਪਨਸਪ ਦੇ ਅਕਾਉਂਟਸ ਅਫਸਰ ਸ਼੍ਰੀ ਬੀ.ਕੇ.ਜੋਸ਼ੀ, ਆੜਤੀਆ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਸ਼੍ਰੀ ਦੇਵੀ ਦਿਆਲ ਗੋਇਲ, ਆੜਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸ੍ਰ: ਜਸਵਿੰਦਰ ਸਿੰਘ ਰਾਣਾ, ਨਵੀਂ ਅਨਾਜ ਮੰਡੀ ਪਟਿਆਲਾ ਦੇ ਪ੍ਰਧਾਨ ਸ੍ਰ: ਹਰਜੀਤ ਸਿੰਘ, ਜ਼ਿਲ੍ਹਾ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਸ਼ਤ ਪ੍ਰਕਾਸ਼ ਗੋਇਲ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ, ਆੜਤੀਆ ਤੇ ਸ਼ੈਲਰ ਐਸੋਸੀਏਸ਼ਨ ਦੇ ਆਹੁਦੇਦਾਰ ਵੀ ਹਾਜ਼ਰ ਸਨ।

Translate »