ਲੁਧਿਆਣਾ- ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਵੱਲੋਂ ਸਗਠਿਤ ਇਕ ਉੱਚ ਪੱਧਰੀ ਟੀਮ ਵੱਲੋਂ ਉੱਤਰੀ ਭਾਰਤ ਦੇ ਸੂਬਿਆਂ ਵਿੱਚ ਹੋ ਰਹੇ ਖੇਤੀਬਾੜੀ ਪਸਾਰ ਕਾਰਜਾਂ ਦਾ ਜਾਇਜ਼ਾ ਲਿਆ। ਇਸ ਸੰਬੰਧੀ ਸਮੀਖਿਆ ਅਤੇ ਚਰਚਾ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਕੇਂਦਰ ਵਿਖੇ ਆਯੋਜਿਤ ਕੀਤੀ ਗਈ। ਅਸਾਮ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਟੀਮ ਦੇ ਚੇਅਰਮੈਨ ਡਾ: ਕੇ ਐਮ ਬੂਜਰ ਬਰੂਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦ ਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਆਪਣੇ ਭਾਸ਼ਣ ਵਿੱਚ ਬੋਲਦਿਆਂ ਡਾ: ਬੂਜਰ ਬਰੂਆ ਨੇ ਕਿਹਾ ਕਿ ਭਵਿੱਖ ਵਿੱਚ ਪੇਸ਼ ਆਉਣ ਵਾਲੀਆਂ ਖੇਤੀਬਾੜੀ ਦੀਆਂ ਕਠਿਨਾਈਆਂ ਨੂੰ ਧਿਆਨ ਵਿੱਚ ਰੱਖਦਿਆਂ ਖੋਜ ਕੇਂਦਰਿਤ ਹੋਣੀ ਚਾਹੀਦੀ ਹੈ। ਉਨ•ਾਂ ਕਿਹਾ ਕਿ ਇਸ ਖੇਤਰ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰਾਂ ਵੱਲੋਂ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਮੰਡੀਕਰਨ ਸੰਬੰਧੀ ਪੇਂਡੂ ਖੇਤਰ ਵਿੱਚ ਜਾਗਰੂਕਤਾ ਲਿਆਉਣੀ ਸਮੇਂ ਦੀ ਮੁੱਖ ਮੰਗ ਹੈ। ਉਨ•ਾਂ ਕਿਹਾ ਕਿ ਭੋਜਨ ਸੁਰੱਖਿਆ ਵਿੱਚ ਇਸ ਜ਼ੋਨ ਦਾ ਵਡਮੁੱਲਾ ਯੋਗਦਾਨ ਹੈ। ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ: ਮੁਖਤਾਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਵਿੱਖ ਵਿੱਚ ਨੀਤੀਆਂ ਤਿਆਰ ਕਰਨ ਵੇਲੇ ਖੋਜ ਅਤੇ ਪਸਾਰੇ ਦੀ ਸਮੀਖਿਆ ਅਤਿਅੰਤ ਲਾਹੇਵੰਦ ਸਿੱਧ ਹੁੰਦੀ ਹੈ। ਹੋਰਨਾਂ ਤੋਂ ਇਲਾਵਾ ਇਸ ਵਿਚਾਰ ਚਰਚਾ ਵਿੱਚ ਯੂਨੀਵਰਸਿਟੀ ਦੇ ਸਾਰੇ ਡੀਨਜ਼ ਡਾਇਰੈਕਟਰ, ਡਾ: ਜੇ ਐਸ ਧਨਖਰ, ਨਿਰਦੇਸ਼ਕ ਪਸਾਰ ਸਿੱਖਿਆ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਡਾ: ਯੂ ਬੀ ਪਾਂਡੇ ਕਮੇਟੀ ਮੈਂਬਰ, ਉੱਤਰੀ ਖੇਤਰ ਦੇ ਜ਼ੋਨਲ ਕੋਆਰਡੀਨੇਟਰ ਡਾ: ਏ ਐਮ ਨਰੂਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਗਾਂਹਵਧੂ ਕਿਸਾਨਾਂ ਨੇ ਇਸ ਵਿਚਾਰ ਚਰਚਾ ਵਿੱਚ ਭਾਗ ਲਿਆ।
ਇਸ ਤੋਂ ਪਹਿਲਾਂ ਇਸ ਟੀਮ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ ਦਾ ਦੌਰਾ ਵੀ ਕੀਤਾ। ਕੇਂਦਰ ਦੇ ਡਿਪਟੀ ਡਾਇਰੈਕਟਰ ਡਾ: ਜੁਗਰਾਜ ਸਿੰਘ ਅਤੇ ਉਨ•ਾਂ ਦੀ ਟੀਮ ਨੇ ਕੇ ਵੀ ਕੇ ਵੱਲੋਂ ਉਲੀਕੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਟੀਮ ਵੱਲੋਂ ਕ੍ਰਿਸ਼ੀ ਕਰਮਨ ਪੁਰਸਕਾਰ ਹਾਸਿਲ ਕਰਨ ਲਈ ਖੇਤੀਬਾੜੀ ਯੂਨੀਵਰਸਿਟੀ ਨੂੰ ਵਧਾਈ ਵੀ ਦਿੱਤੀ ਅਤੇ ਤਕਨਾਲੋਜੀ ਦੇ ਪਸਾਰੇ ਲਈ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ।