October 3, 2011 admin

ਕਿਸਾਨ ਮੰਡੀਆਂ ਵਿੱਚ ਸਿਰਫ ਸੁੱਕਾ ਝੋਨਾ ਹੀ ਲੈ ਕੇ ਆਉਣ : ਡਿਪਟੀ ਕਮਿਸ਼ਨਰ ਬਰਨਾਲਾ


ਬਰਨਾਲਾ, 3 ਅਕਤੂਬਰ- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਪਰਮਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਮੰਡੀਆਂ ਵਿੱਚ ਸਿਰਫ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਬਿਨਾਂ ਕਿਸੇ ਦੇਰੀ ਉਹਨਾਂ ਦੇ ਝੋਨੇ ਦੀ ਖਰੀਦ ਹੋ ਸਕੇ।  ਉਹਨਾਂ ਕਿਹਾ ਕਿ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਬਕਾਇਦਾ ਸ਼ੁਰੂ ਹੋ ਚੁੱਕੀ  ਹੈ।  ਇਸ ਲਈ ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਪੱਕੇ ਝੋਨੇ ਦੀ ਕਟਾਈ ਹੀ ਕਰਨ ਤਾਂ ਜੋ ਉਹਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਫਾ 144 ਤਹਿਤ ਜ਼ਿਲੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨ ਨਾਲ ਝੋਨੇ ਦੀ ਕਟਾਈ ’ਤੇ ਲਗਾਈ ਗਈ ਪਾਬੰਧੀ ਲਗਾਈ ਗਈ ਹੈ ਅਤੇ ਇਸ ਪਾਬੰਧੀ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਉਹਨਾਂ ਕਿਹਾ ਕਿ ਜੋ ਕੋਈ ਵੀ ਇਸ ਹੁਕਮ ਦੀ ਉਲੰਘਣਾ ਕਰੇਗਾ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਜ਼ਿਲੇ ਦੀਆਂ ਮੰਡੀਆਂ ਵਿੱਚ ਕਿਸਾਨਾ ਨੂੰ ਝੋਨਾਂ ਵੇਚਣ ਸਮੇਂ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਮੰਡੀ ਵਿੱਚ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਮੰਡੀ ਬੋਰਡ ਦੇ ਅਧਿਕਾਰੀਆਂ ਜਾਂ ਉਹਨਾਂ ਦੇ ਧਿਆਨ ਵਿੱਚ ਲਿਆ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਖੁਦ ਜਾ ਕੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦੀ ਨਿਗਰਾਨੀ ਕਰਨ ਅਤੇ ਜੇ ਕੋਈ ਘਾਟ ਪੇਸ਼ ਆਉਂਦੀ ਹੈ ਤਾਂ ਉਸ ਨੂੰ ਮੌਕੇ ਤੇ ਹੀ ਦੂਰ ਕੀਤਾ ਜਾਵੇ।

Translate »