October 8, 2011 admin

ਡਵੀਜ਼ਨਲ ਕਮਿਸ਼ਨਰ ਵੱਲੋਂ ਖਰੜਾ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਚੱਲ ਰਹੇ ਕੰਮਾਂ ਦਾ ਜਾਇਜ਼ਾ

* 9 ਅਤੇ 16 ਅਕਤੂਬਰ ਨੂੰ ਚੱਲੇਗੀ ਵਿਸ਼ੇਸ਼ ਮੁਹਿੰਮ
ਪਟਿਆਲਾ –  ” ਭਾਰਤ ਸਰਕਾਰ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਖਰੜਾ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜੋ 4 ਅਕਤੂਬਰ ਨੂੰ ਸ਼ੁਰੂ ਹੋਇਆ ਹੈ ਉਹ 20 ਅਕਤੂਬਰ ਤੱਕ ਚੱਲੇਗਾ । ਫੋਟੋ ਵੋਟਰ ਸੂਚੀਆਂ ਦੀ ਸੁਧਾਈ ਲਈ ਹਰੇਕ ਬੂਥ ਲੈਵਲ ਅਫਸਰ 10 ਅਕਤੂਬਰ ਨੂੰ ਵੀ ਸਬੰਧਤ ਬੂਥਾਂ ‘ਤੇ ਬੈਠਣਗੇ ਜਦਕਿ 9 ਅਤੇ 16 ਅਕਤੂਬਰ ਨੂੰ ਵਿਸ਼ੇਸ਼ ਮੁਹਿੰਮ ਦੌਰਾਨ ਘਰ-ਘਰ ਜਾ ਕੇ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਨੇਪਰੇ ਚੜ੍ਹਾਇਆ ਜਾਵੇਗਾ । ” ਇਹ ਜਾਣਕਾਰੀ ਡਵੀਜ਼ਨਲ ਕਮਿਸ਼ਨਰ ਪਟਿਆਲਾ-ਕਮ-ਰੋਲ ਆਬਜ਼ਰਵਰ ਸ਼੍ਰੀ ਐਸ.ਆਰ.ਲੱਧੜ ਨੇ ਅੱਜ ਪਟਿਆਲਾ ਸ਼ਹਿਰ ਦੇ ਪੋਲਿੰਗ ਬੂਥਾਂ ‘ਤੇ ਖਰੜਾ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮਾਂ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ । ਸ਼੍ਰੀ ਲੱਧੜ ਨੇ ਸਮੂਹ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਲਈ ਹਰੇਕ ਬੂਥ ‘ਤੇ ਆਪਣਾ ਆਪਣਾ ਬੂਥ ਲੈਵਲ ਏਜੰਟ ਲਗਾਇਆ ਜਾਵੇ ਤਾਂ ਜੋ ਭਵਿੱਖ ਵਿੱਚ ਇਨ੍ਹਾਂ ਵੋਟਰ ਸੂਚੀਆਂ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਦਾ ਸਾਹਮਣਾ ਨਾ ਕਰਨਾ ਪਵੇ ।
         ਸ਼੍ਰੀ ਲੱਧੜ ਨੇ ਦੱਸਿਆ ਕਿ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਦੌਰਾਨ ਲੋਕ ਆਪਣੇ ਦਾਅਵੇ ਅਤੇ ਇਤਰਾਜ਼ ਦਾਖਲ ਕਰਵਾ ਸਕਦੇ ਹਨ ਜਿਨ੍ਹਾਂ ਦਾ ਨਿਪਟਾਰਾ 19 ਨਵੰਬਰ 2011 ਤੱਕ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ 2 ਜਨਵਰੀ 2012 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ । ਸ਼੍ਰੀ ਲੱਧੜ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਵਿਅਕਤੀ ਕਿਸੇ ਕਾਰਨ ਹਾਲੇ ਤੱਕ ਆਪਣੀ ਵੋਟ ਨਹੀਂ ਬਣਵਾ ਸਕੇ ਉਹ ਇਸ ਮੁਹਿੰਮ ਤਹਿਤ ਆਪਣੀ ਵੋਟ ਬਣਵਾ ਸਕਦੇ ਹਨ । ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਵੋਟਰ ਕਾਰਡ ਵਿੱਚੋਂ ਕਿਸੇ ਤਰ੍ਹਾਂ ਦੀ ਤਰੁਟੀ ਨੂੰ ਦੂਰ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਫਾਰਮ ਨੰਬਰ 8 ਭਰ ਕੇ ਸਬੰਧਤ ਬੀ.ਐਲ.ਓ ਕੋਲ ਜਮ੍ਹਾਂ ਕਰਵਾ ਸਕਦਾ ਹੈ । ਸ਼੍ਰੀ ਲੱਧੜ ਨੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਦਾ ਜਾਇਜ਼ਾ ਲੈਣ ਲਈ ਭਾਸ਼ਾ ਵਿਭਾਗ ਪੰਜਾਬ, ਸੈਂਟਰਲ ਸਟੇਟ ਲਾਇਬ੍ਰੇਰੀ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ ਵਿਖੇ ਸਥਾਪਤ ਪੋਲਿੰਗ ਬੂਥਾਂ ਦਾ ਦੌਰਾ ਕੀਤਾ ।
         ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਵਿੱਚ ਲੱਗੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਇਹ ਕੰਮ ਮਿੱਥੇ ਸਮੇਂ ਦੇ ਅੰਦਰ ਮੁਕੰਮਲ ਹੋ ਸਕੇ । ਇਸ ਮੌਕੇ ਐਸ.ਡੀ.ਐਮ ਪਟਿਆਲਾ ਸ਼੍ਰੀ ਅਨਿਲ ਗਰਗ ਅਤੇ ਤਹਿਸੀਲਦਾਰ (ਚੋਣਾਂ) ਸ਼੍ਰੀ ਨਾਮਦੇਵ ਸਿੰਘ ਸਿੱਧੂ ਵੀ ਹਾਜ਼ਰ ਸਨ ।

Translate »