October 13, 2011 admin

ਮਨਰੇਗਾ ਸਕੀਮ ਅਧੀਨ ਰੋਜ਼ਗਾਰ ਮੁਹੱਈਆ ਕਰਵਾਉਣ ਲਈ 5 ਕਰੋੜ 32 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ-ਮਹਾਜਨ

ਫਤਹਿਗੜ੍ਹ ਸਾਹਿਬ – ਜ਼ਿਲ੍ਹੇ ਵਿੱਚ ਮਨਰੇਗਾ ਸਕੀਮ ਅਧੀਨ ਲੋੜਵੰਦਾਂ ਨੂੰ ਸ਼ਰਤੀਆ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਾਲੇ ਵਿਕਾਸ ਕਾਰਜਾਂ ਤੇ ਇਸ ਸਾਲ 5 ਕਰੋੜ 32 ਲੱਖ ਰੁਪਏ ਖਰਚ ਕੀਤੇ ਜਾਣਗੇ ਜਿਹਨਾਂ ਵਿੱਚੋਂ ਹੁਣ ਤੱਕ 2 ਕਰੋੜ 37 ਲੱਖ ਰੁਪਏ ਵੱਖ ਵੱਖ ਵਿਕਾਸ ਕਾਰਜਾਂ ਅਤੇ ਰੋਜ਼ਗਾਰ  ਮੁਹੱਈਆ ਕਰਵਾਉਣ ਲਈ ਖਰਚ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ ਵੱਖ ਵਿਭਾਗਾਂ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਯਸ਼ਵੀਰ ਮਹਾਜਨ ਨੇ ਬੱਚਤ ਭਵਨ ਵਿਖੇ ਹੋਈ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ  ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 25 ਹਜ਼ਾਰ ਤੋਂ ਵੱਧ ਜਾਬ ਕਾਰਡ ਬਣਾਏ ਗਏ ਹਨ ਅਤੇ ਪਿੰਡਾਂ ਦੀਆਂ ਔਰਤਾਂ ਵੱਲੋਂ ਇਸ ਸਕੀਮ ਅਧੀਨ ਕੰਮ ਕਰਨ ਲਈ ਵਧੇਰੇ ਰੁਚੀ ਦਿਖਾਈ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮਨਰੇਗਾ ਸਕੀਮ ਅਧੀਨ ਕੰਮ ਕਰਨ ਵਾਲੇ ਵਿਅਕਤੀ ਨੂੰ ਜਿੱਥੇ ਪਹਿਲਾ ਇੱਕ ਦਿਨ ਦਾ 123 ਰੁਪਏ  ਮਿਹਨਤਾਨਾ ਦਿੱਤਾ ਜਾਂਦਾ ਸੀ ਉੱਥੇ ਸਰਕਾਰ ਵੱਲੋਂ ਇਹ ਮਿਹਨਤਾਨਾ ਵਧਾ ਕੇ ਹੁਣ 153 ਰੁਪਏ ਕਰ ਦਿੱਤਾ ਗਿਆ ਹੈ।
               ਸ੍ਰੀ ਮਹਾਜਨ ਨੇ ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਕਾਰਜਕਾਰੀ ਇੰਜਨੀਅਰਾਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੀਆਂ ਜਿਹੜੀਆਂ ਲਿੰਕ ਸੜਕਾਂ ਦੀਆਂ ਬਰਮਾਂ ਤੋਂ ਨਜਾਇਜ਼ ਕਬਜੇ ਹਟਾ ਕੇ ਅਜੇ ਤੱਕ ਮਿੱਟੀ ਨਹੀਂ ਪਾਈ ਗਈ , ਉਨ੍ਹਾਂ ਸੜਕਾਂ ਦੀਆਂ ਬਰਮਾਂ ਤੇ ਮਨਰੇਗਾ ਸਕੀਮ ਅਧੀਨ ਮਿੱਟੀ ਪੁਆ ਕੇ ਉੱਚਾ ਕੀਤਾ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਮਿੱਟੀ ਪਵਾਉਣ ਦਾ ਕੰਮ ਤੁਰੰਤ ਸ਼ੁਰੂ ਕਰਵਾ ਕੇ ਕਣਕ ਦੀ ਬਿਜਾਈ ਤੋਂ ਪਹਿਲਾਂ ਪਹਿਲਾਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਬਰਮਾਂ ਦੇ ਨਾਲ ਨਾਲ ਦਰੱਖਤ ਲਗਾਉਣ ਦੀ ਮੁਹਿੰਮ ਵੀ ਸ਼ੁਰੂ ਕਰਨ। ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਸਬ ਡਵੀਜ਼ਨਾਂ ਦੇ ਐਸ.ਡੀ.ਐਮਜ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਕਾਰਜ ਦੀ ਨਿਗਰਾਨੀ ਕਰਦੇ ਹੋਏ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਵੱਧ ਤੋਂ ਵੱਧ ਲੋਕਾਂ ਨੂੰ ਮਨਰੇਗਾ ਸਕੀਮ ਅਧੀਨ ਰੋਜਗਾਰ ਹਾਸਲ ਹੋ ਸਕੇ।
               ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇੰਦਰਾ ਅਵਾਸ ਯੋਜਨਾ ਅਧੀਨ ਇਸ ਸਾਲ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ 127 ਗਰੀਬ ਪਰਿਵਾਰਾਂ ਨੂੰ ਪੱਕੇ ਮਕਾਨ ਬਣਾਉਣ ਅਤੇ 94 ਘਰਾਂ ਦੀ ਮੁਰੰਮਤ ਤੇ 71 ਲੱਖ 25 ਹਜ਼ਾਰ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਰਹਿੰਦੇ ਲੋੜਵੰਦ ਪਰਿਵਾਰਾਂ ਦੇ ਘਰਾਂ ਵਿੱਚ ਕਰੀਬ 6 ਕਰੋੜ 36 ਲੱਖ ਰੁਪਏ ਦੀ ਲਾਗਤ ਨਾਲ 5628 ਪਖਾਨਿਆਂ ਦੀ ਉਸਾਰੀ ਕਰਵਾਈ ਜਾ ਰਹੀ ਹੈ ਜਿਹਨਾਂ ਵਿੱਚੋਂ ਹੁਣ ਤੱਕ 2967 ਪਖਾਨੇ ਬਣਾਏ ਜਾ ਚੁੱਕੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 30 ਨਵੰਬਰ ਤੱਕ ਬਾਕੀ ਰਹਿੰਦੇ ਪਖਾਨਿਆਂ ਦੀ ਉਸਾਰੀ ਮੁਕੰਮਲ ਕੀਤੀ ਜਾਵੇ। ਉਨ੍ਹਾਂ ਪਾਵਰਕਾਮ ਦੇ ਕਾਰਜਕਾਰੀ ਇੰਜਨੀਅਰ ਏ.ਐਸ. ਗਿੱਲ ਨੂੰ ਹਦਾਇਤ ਕੀਤੀ ਕਿ ਪੇਂਡੂ ਜਲ ਸਪਲਾਈ ਵਿਭਾਗ ਵੱਲੋਂ ਜਿਹੜੇ ਪਿੰਡਾਂ ਵਿੱਚ ਇਨ੍ਹਾਂ ਸਕੀਮਾਂ ਦਾ ਨਿਰਮਾਣ ਕਾਰਜ ਮੁਕੰਮਲ ਕੀਤਾ ਜਾ ਚੁੱਕਾ ਹੈ, ਉੱਥੇ ਇੱਕ ਹਫਤੇ ਦੇ ਅੰਦਰ-ਅੰਦਰ ਬਿਜਲੀ ਦੇ ਕੁਨੈਕਸ਼ਨ ਜਾਰੀ ਕੀਤੇ ਜਾਣ। ਉਨ੍ਹਾਂ ਜ਼ਿਲ੍ਹੇ ਵਿੱਚ ਚੱਲ ਰਹੇ ਸੜਕਾਂ ਦੀ ਮੁਰੰਮਤ ਅਤੇ ਨਵੀਆਂ ਸੜਕਾਂ ਦੇ ਨਿਰਮਾਣ ਕਾਰਜ ਵਿੱਚ ਵੀ ਤੇਜੀ ਲਿਆਉਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ।
               ਸ੍ਰੀ ਮਹਾਜਨ ਨੇ ਮਾਲ ਵਿਭਾਗ,ਸਿਹਤ ਵਿਭਾਗ, ਟਰਾਂਸਪੋਰਟ ਵਿਭਾਗ, ਪੁਲਿਸ ਵਿਭਾਗ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸਥਾਨਕ ਸਰਕਾਰ, ਪੇਂਡੂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸੇਵਾ ਦਾ ਅਧਿਕਾਰ ਕਾਨੂੰਨ ਅਧੀਨ ਨਿਸ਼ਚਿਤ ਸਮੇਂ ਦੌਰਾਨ 67 ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਲੋਕਾਂ ਪ੍ਰਤੀ ਆਪਣੇ ਫਰਜ ਨਿਭਾਉਣ ਲਈ ਕਿਹਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦਾ ਪੂਰਾ ਰਿਕਾਰਡ ਰੱਖਿਆ ਜਾਵੇ। ਇਸ ਮੀਟਿੰਗ ਵਿੱਚ ਏ.ਡੀ.ਸੀ. ਸ੍ਰ: ਪ੍ਰਦੀਪ ਸਿੰਘ ਕਾਲੇਕਾ, ਜ਼ਿਲ੍ਹਾ ਮਾਲ ਅਫਸਰ ਸ੍ਰ: ਜਤਿੰਦਰ ਸਿੰਘ, ਐਸ.ਡੀ.ਐਮ. ਫਤਹਿਗੜ੍ਹ ਸਾਹਿਬ ਸ੍ਰ: ਅਰਵਿੰਦਰਪਾਲ ਸਿੰਘ ਸੰਧੂ, ਐਸ.ਡੀ.ਐਮ. ਅਮਲੋਹ ਸ੍ਰ: ਤੇਜਿੰਦਰ ਸਿੰਘ ਧਾਲੀਵਾਲ, ਸਕੱਤਰ ਜ਼ਿਲ੍ਹਾ ਪ੍ਰੀਸਦ ਸ੍ਰ: ਐਚ.ਐਸ. ਚੱਠਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰ: ਦਲਜੀਤ ਸਿੰਘ ਵਿਰਕ ਤੋਂ ਇਲਾਵਾ ਹੋਰ ਅਧਿਕਾਰੀ ਵੀ ਸ਼ਾਮਲ ਹੋਏ।

Translate »