ਸੇਵਾ ਦਾ ਅਧਿਕਾਰ ਕਾਨੂੰਨ ਇੰਨ ਬਿਨ ਲਾਗੂ ਕਰਨ ਦੇ ਆਦੇਸ਼
*ਕੁਤਾਹੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਤਨਖ਼ਾਹ ਵਿੱਚੋਂ ਕੱਟੇਗਾ ਜ਼ੁਰਮਾਨਾ: ਲੱਧੜ
ਪਟਿਆਲਾ: 12 ਅਕਤੂਬਰ
ਡਵੀਜ਼ਨਲ ਕਮਿਸ਼ਨਰ ਸ਼੍ਰੀ ਐਸ.ਆਰ. ਲੱਧੜ ਨੇ ਪਟਿਆਲਾ ਡਵੀਜ਼ਨ ਵਿੱਚ ਪੈਂਦੇ 6 ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ, ਸਾਹਿਬਜਾਦਾ ਅਜੀਤ ਸਿੰਘ ਨਗਰ, ਸੰਗਰੂਰ ਤੇ ਬਰਨਾਲਾ ਦੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਹਨ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਬਣਾਏ ‘ਸੇਵਾ ਦਾ ਅਧਿਕਾਰ ਕਾਨੂੰਨ’ ਨੂੰ ਇੰਨ-ਬਿਨ ਲਾਗੂ ਕੀਤਾ ਜਾਵੇ। ਸ਼੍ਰੀ ਲੱਧੜ ਨੇ ਇਹ ਆਦੇਸ਼ ਅੱਜ ਇਹਨਾਂ ਜ਼ਿਲ੍ਹਿਆਂ ਦੇ ਕੰਮ ਦਾ ਮੁਲਾਂਕਣ ਕਰਨ ਲਈ ਇਹਨਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਇੱਕ ਮੀਟਿੰਗ ਦੌਰਾਨ ਦਿੱਤੇ।
ਡਵੀਜ਼ਨਲ ਕਮਿਸ਼ਨਰ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਸਿੱਧੇ ਰਾਬਤੇ ਵਾਲੇ ਵਿਭਾਗਾਂ ਮਾਲ, ਸਿਹਤ, ਟਰਾਂਸਪੋਰਟ, ਖੁਰਾਕ ਤੇ ਸਿਵਲ ਸਪਲਾਈ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸਥਾਨਕ ਸਰਕਾਰ, ਗ੍ਰਹਿ, ਪੇਂਡੂ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਮਾਜਿਕ ਸੁਰੱਖਿਆ ਵਿਭਾਗਾਂ ਵਿੱਚ ਲੋਕਾਂ ਦੇ ਕੰਮ ਨੂੰ ਸਮੇਂ ਸਿਰ ਨਿਪਟਾਉਣ ਲਈ ਸੇਵਾ ਦਾ ਅਧਿਕਾਰ ਕਾਨੂੰਨ ਬਣਾਇਆ ਹੈ ਜਿਸ ਤਹਿਤ ਹੁਣ ਇਹਨਾਂ ਸਾਰੇ ਵਿਭਾਗਾਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੂੰ ਨਵੇਂ ਕਾਨੂੰਨ ਮੁਤਾਬਿਕ ਲੋਕਾਂ ਦੇ ਕੰਮਾਂ ਨੂੰ ਸਮੇਂ ਸਿਰ ਨਿਪਟਾਉਣਾ ਲਾਜ਼ਮੀ ਹੋਵੇਗਾ ਅਤੇ ਕਾਨੂੰਨ ਮੁਤਾਬਿਕ ਨਿਰਧਾਰਤ ਸਮੇਂ ਵਿੱਚ ਕੰਮ ਨਾ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ਼ ਇਸ ਕਾਨੂੰਨ ਤਹਿਤ ਸਖ਼ਤ ਕਾਰਵਾਈ ਹੋਵੇਗੀ ਅਤੇ ਉਹਨਾਂ ਦੀ ਅਣਗਹਿਲੀ ਸਾਬਤ ਹੋਣ ‘ਤੇ ਜਿੱਥੇ ਉਹਨਾਂ ਨੂੰ ਜ਼ੁਰਮਾਨਾ ਆਪਣੀ ਤਨਖ਼ਾਹ ਵਿੱਚੋਂ ਭਰਨਾ ਹੋਵੇਗਾ ਉਥੇ ਹੀ ਉਨ੍ਹਾਂ ਦੇ ਸਰਵਿਸ ਰਿਕਾਰਡ ਵਿੱਚ ਵੀ ਇਹ ਕੁਤਾਹੀ ਦਰਜ ਕੀਤੀ ਜਾਵੇਗੀ। ਸ਼੍ਰੀ ਲੱਧੜ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਆਪਣੇ-ਆਪਣੇ ਜ਼ਿਲ੍ਹੇ ਦੇ ਸਾਰੇ ਸ਼ਹਿਰਾਂ, ਕਸਬਿਆਂ, ਮੁੱਖ ਮਾਰਗਾਂ ਅਤੇ ਸਬ ਡਵੀਜ਼ਨਾਂ ਅਤੇ ਬਲਾਕ ਪੱਧਰ ‘ਤੇ ਇਸ ਕਾਨੂੰਨ ਦੀ ਜਾਣਕਾਰੀ ਦੇਣ ਵਾਲੇ ਵੱਡੇ-ਵੱਡੇ ਬੋਰਡ ਲਗਾਏ ਜਾਣ ਅਤੇ ਅਜਿਹੀ ਸੂਚਨਾਂ ਵਾਲੇ ਬੋਰਡ ਸਮੂਹ ਦਫ਼ਤਰਾਂ ਵਿੱਚ ਵੀ ਲਗਾਉਣੇ ਯਕੀਨੀ ਬਣਾਏ ਜਾਣੇ। ਸ਼੍ਰੀ ਲੱਧੜ ਨੇ ਇਹ ਵੀ ਕਿਹਾ ਕਿ ਸ਼ਹਿਰਾਂ, ਸਬ ਡਵੀਜ਼ਨਾਂ, ਬਲਾਕਾਂ ਅਤੇ ਪਿੰਡਾਂ ਵਿੱਚ ਲੋਕਾਂ ਨੂੰ ਇਸ ਕਾਨੂੰਨ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਵੀ ਕਰਵਾਏ ਜਾਣ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਕਿਹਾ ਕਿ ਸੇਵਾ ਦਾ ਅਧਿਕਾਰ ਕਾਨੂੰਨ ਨੂੰ ਲਾਗੂ ਕਰਨ ਸਬੰਧੀ ਕੀਤੀ ਗਈ ਕਾਰਵਾਈ ਬਾਰੇ ਰੋਜ਼ਾਨਾਂ ਰਿਪੋਰਟ ਤਿਆਰ ਕੀਤੀ ਜਾਵੇ। ਉਹਨਾਂ ਕਿਹਾ ਕਿ ਇਸ ਕਾਨੂੰਨ ਨੂੰ ਲਾਗੂ ਕਰਨ ਸਬੰਧੀ ਉਹ ਖ਼ੁਦ ਵੀ ਪਟਿਆਲਾ ਡਵੀਜ਼ਨ ਵਿੱਚ ਪੈਂਦੇ ਜ਼ਿਲ੍ਹਿਆਂ ਵਿੱਚ ਅਚਨਚੇਤ ਚੈਕਿੰਗ ਕਰਨਗੇ।
ਡਵੀਜ਼ਨਲ ਕਮਿਸ਼ਨਰ ਨੇ ਇਸ ਮੀਟਿੰਗ ਦੌਰਾਨ ਜਿੱਥੇ ਸਮੂਹ ਜ਼ਿਲ੍ਹਿਆਂ ਦੇ ਕੰਮ ਦਾ ਮੁਲਾਂਕਣ ਕੀਤਾ, ਉੱਥੇ ਹੀ ਝੋਨੇ ਦੀ ਖਰੀਦ ਦਾ ਵੀ ਜਾਇਜ਼ਾ ਲਿਆ ਅਤੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਮੌਕੇ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਹਨਾਂ ਦੀ ਨੂੰ ਫਸਲ ਦੀ ਅਦਾਇਗੀ ਨਿਰਧਾਰਤ ਸਮੇਂ ਵਿੱਚ ਕੀਤੀ ਜਾਵੇ ਅਤੇ ਮੰਡੀਆਂ ਵਿੱਚ ਉਹਨਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਡਵੀਜ਼ਨਲ ਕਮਿਸ਼ਨਰ ਨੇ ਮਾਲ ਵਿਭਾਗ ਦੇ ਕਈ ਅਧਿਕਾਰੀਆਂ ਵੱਲੋਂ ਕੰਮ ਦਾ ਨਿਰਧਾਰਤ ਟੀਚਾ ਪੂਰਾ ਨਾ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਅਜਿਹੇ ਮਾਲ ਅਧਿਕਾਰੀਆਂ ਤੋਂ ਮਾਲ ਵਿਭਾਗ ਦਾ ਕੰਮ ਵਾਪਸ ਲੈ ਲਿਆ ਜਾਵੇ ਅਤੇ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ।
ਅੱਜ ਦੀ ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ, ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਰਾਹੁਲ ਤਿਵਾੜੀ, ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਸ਼੍ਰੀ ਯਸ਼ਵੀਰ ਮਹਾਜਨ, ਡਿਪਟੀ ਕਮਿਸ਼ਨਰ ਸਾਹਿਬਜਾਦਾ ਅਜੀਤ ਸਿੰਘ ਨਗਰ ਸ਼੍ਰੀ ਵਰੁਣ ਰੂਜ਼ਮ, ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਕੁਮਾਰ ਰਾਹੁਲ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਪਰਮਜੀਤ ਸਿੰਘ ਵੀ ਹਾਜ਼ਰ ਸਨ।