ਲੁਧਿਆਣਾ – ਜੇਲਾਂ੍ਹ, ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਹੀਰਾ ਸਿੰਘ ਗਾਬੜੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਅਕਤੂਬਰ, 2011 ਨੂੰ ਕਰਵਾ ਚੌਥ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਰਾਜ ਦੀਆਂ ਸਾਰੀਆਂ ਜੇਲ੍ਹਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰੱਖੀਆਂ ਜਾਣਗੀਆਂ ਤਾਂ ਜੋ ਕੈਦੀ ਆਪਣੀਆਂ ਪਤਨੀਆਂ ਨਾਲ ਮੁਲਾਕਾਤ ਕਰ ਸਕਣ। ਸ. ਗਾਬੜੀਆ ਨੇ ਦੱਸਿਆ ਕਿ ਇਸ ਸਬੰਧੀ ਰਾਜ ਦੀਆਂ ਸਾਰੀਆਂ ਜੇਲ੍ਹਾਂ ਦੇ ਸੁਪਰਡੰਟਾਂ ਨੂੰ ਜ਼ਰੂਰੀ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਰਵਾ ਚੌਥ ਇੱਕ ਪਵਿੱਤਰ ਤਿਉਹਾਰ ਹੈ ਅਤੇ ਇਸ ਦਿਨ ਪਤਨੀਆਂ ਵਰਤ ਰੱਖ ਕੇ ਆਪਣੇ ਪਤੀਆਂ ਦੀ ਲੰਮੀ ਉਮਰ ਲਈ ਕਾਮਨਾ ਕਰਦੀਆਂ ਹਨ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਦਿਨ ਔਰਤ ਕੈਦੀਆਂ ਨਾਲ ਉਨ੍ਹਾਂ ਦੇ ਪਤੀ ਵੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਮੁਲਾਕਾਤ ਕਰ ਸਕਦੇ ਹਨ।