ਫਤਹਿਗੜ੍ਹ ਸਾਹਿਬ – ਡਿਪਟੀ ਕਮਿਸ਼ਨਰ ਸ੍ਰੀ ਯਸ਼ਵੀਰ ਮਹਾਜਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਨਿਰਵਿਘਨ ਜਾਰੀ ਹੈ ਅਤੇ ਸਾਰੀਆਂ ਖਰੀਦ ਏਜੰਸੀਆਂ ਵੱਲੋਂ ਤੇਜੀ ਨਾਲ ਖਰੀਦ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ 13 ਅਕਤੂਬਰ ਤੱਕ ਵੱਖ ਵੱਖ ਖਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਈ 1,19,590 ਟਨ ਝੋਨੇ ਵਿੱਚੋਂ 1,11,866 ਟਨ ਝੋਨੇ ਦੀ ਖਰੀਦ ਕੀਤੀ ਗਈ ਹੈ । ਜਦੋਂ ਕਿ ਪਿਛਲੇ ਸਾਲ ਇਸ ਦਿਨ ਤੱਕ ਸਿਰਫ 71,918 ਟਨ ਝੋਨੇ ਦੀ ਹੀ ਮੰਡੀਆਂ ਵਿੱਚ ਆਮਦ ਹੋਈ ਸੀ । ਉਨ੍ਹਾਂ ਦੱਸਿਆ ਕਿ ਪਨਗਰੇਨ ਨੇ 27,929 ਟਨ, ਮਾਰਕਫੈਡ ਨੇ 18,520, ਪਨਸਪ ਨੇ 39,058, ਵੇਅਰ ਹਾਊਸ ਨੇ 11,375, ਪੰਜਾਬ ਐਗਰੋ ਨੇ 14,534 ਅਤੇ ਵਪਾਰੀਆਂ ਨੇ 450 ਟਨ ਝੋਨੇ ਦੀ ਖਰੀਦ ਕੀਤੀ ਹੈ।
ਸ੍ਰੀ ਮਹਾਜਨ ਨੇ ਸਾਰੀਆਂ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਸਖਤ ਹਦਾਇਤ ਕੀਤੀ ਕਿ ਖਰੀਦੇ ਗਏ ਝੋਨੇ ਦੀ ਮੰਡੀਆਂ ਵਿੱਚੋਂ 72 ਘੰਟਿਆਂ ਦੇ ਅੰਦਰ ਅੰਦਰ ਚੁਕਾਈ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨਾ ਢੇਰੀ ਕਰਨ ਵਿੱਚ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਖਰੀਦੇ ਗਏ ਝੋਨੇ ਦੀ ਨਾਲੋ ਨਾਲ ਅਦਾਇਗੀ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਚੰਗੀ ਤਰ੍ਹਾਂ ਪਕਾ ਕੇ ਅਤੇ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਝੋਨਾ ਵੇਚਣ ਵਿੱਚ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਨੂੰ ਝੋਨੇ ਦੀ ਪੂਰੀ ਕੀਮਤ ਮਿਲ ਸਕੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਹ ਰਾਤ ਸਮੇਂ ਕੰਬਾਈਨ ਨਾਲ ਝੋਨੇ ਦੀ ਵਢਾਈ ਨਾ ਕਰਵਾਉਣ ਕਿਉਂਕਿ ਅਜਿਹਾ ਕਰਨ ਨਾਲ ਝੋਨੇ ਵਿੱਚ ਨਮੀ ਦੀ ਮਾਤਰਾ ਵਧ ਜਾਂਦੀ ਹੈ।