October 17, 2011 admin

ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ- ਮਸੀਹ

ਲੁਧਿਆਣਾ –  ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਮੁਨੱਵਰ ਮਸੀਹ ਨੇ ਕਿਹਾ ਹੈ ਕਿ ਸੂਬੇ ‘ਚ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਨਾਗਰਿਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਘੱਟ ਗਿਣਤੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਾ ਆਵੇ ਇਸਦੇ ਲਈ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਸਾਸ਼ਨਿਕ ਪੱਧਰ ‘ਤੇ ਖਾਸ ਤਾਲਮੇਲ ਰੱਖਿਆ ਜਾਂਦਾ ਹੈ।

               ਇਹ ਪ੍ਰਗਟਾਵਾ ਸ੍ਰੀ ਮਸੀਹ ਨੇ ਚੰਡੀਗੜ੍ਹ ਰੋਡ ਸਥਿਤ ਬਾਲਮਿਕ ਭਵਨ ਵਿਖੇ ਖਾਸ ਤੌਰ ‘ਤੇ ਮਸੀਹ ਭਾਈਚਾਰੇ ਦੀਆਂ ਸਮੱਸਿਆਂ ਦੇ ਹੱਲ ਲਈ ਲਗਾਏ ਸੰਗਤ ਦਰਸ਼ਨ ਸਮਾਗਮ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਨਾਲ ਸਬੰਧਤ ਲੋਕਾਂ ਦੀਆਂ ਸਮੱਸਿਆਵਾਂ ਤੇ ਮੁਸ਼ਕਿਲਾਂ ਦੇ ਹੱਲ ਲਈ ਕਮਿਸ਼ਨ ਵੱਲੋਂ ਖਾਸ ਸੰਗਤ ਦਰਸ਼ਨ ਸਮਾਗਮ ਕੀਤੇ ਜਾਂਦੇ ਹਨ ਅਤੇ ਮੌਕੇ ‘ਤੇ ਹੀ ਪ੍ਰਾਪਤ ਹੁੰਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ।

               ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਮਸੀਹ ਭਾਈਚਾਰੇ ਨਾਲ ਸਬੰਧਤ ਲੋਕਾਂ ਵੱਲੋਂ ਉਨ੍ਹਾਂ ਨੂੰ ਤਕਰੀਬਨ 150 ਸ਼ਿਕਾਇਤਾਂ ਦਿੱਤੀਆਂ ਗਈਆਂ, ਜਿਨ੍ਹਾਂ ‘ਤੇ ਲੋੜੀਂਦੀ ਕਾਰਵਾਈ ਕਰਨ ਲਈ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਆਖ ਦਿੱਤਾ ਗਿਆ ਹੈ। ਜ਼ਿਆਦਾਤਰ ਸ਼ਿਕਾਇਤਕਰਤਾਵਾਂ ਨੇ ਪੱਕੇ ਘਰ ਬਣਾ ਕੇ ਦੇਣ ਦੀ ਮੰਗ ਕੀਤੀ, ਜਿਸ ਪ੍ਰਤੀ ਸ੍ਰੀ ਮਸੀਹ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨਾਲ ਜਲਦ ਹੀ ਗੱਲ ਕਰਨਗੇ।  ਇਸ ਤੋਂ ਇਲਾਵਾ ਸ੍ਰੀ ਮਸੀਹ ਨੇ ਭਰੋਸਾ ਦਿੱਤਾ ਕਿ ਕਸਬਿਆਂ ਅਤੇ ਸ਼ਹਿਰਾਂ ‘ਚ ਕਬਰਿਸਤਾਨ ਬਣਾਉਣ ਲਈ ਥਾਂਵਾਂ ਪ੍ਰਾਪਤ ਕਰਨ ਦੀ ਪ੍ਰਕਿਰਿਆ ਵੀ ਜਲਦ ਹੀ ਪੂਰੀ ਕਰ ਲਈ ਜਾਵੇਗੀ।

               ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਿਸ਼ਨ ਦੇ ਮੈਂਬਰ ਸ੍ਰੀ ਅਬਦੁੱਲ ਸ਼ਾਕੂਰ ਮਾਂਗਟ, ਸ੍ਰੀ ਤਹਿਸੀਮ ਅਹਿਮਦ ਅਤੇ ਸ੍ਰੀ ਬਚਨ ਮਸੀਹ ਸਮੇਤ ਵੱਡੀ ਗਿਣਤੀ ‘ਚ ਇਲਾਕਾਵਾਸੀ ਹਾਜ਼ਰ ਸਨ।

Translate »