ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਪੰਜਾਬ ਮੁਲਾਜ਼ਮ ਸੰਘਰਸ਼ ਕਮੇਟੀ ਨਾਲ ਬਾਰੀਕੀ ਨਾਲ ਵਿਚਾਰ ਕਰਨ ਲਈ ਮੁੱਖ ਸਕੱਤਰ ਸ੍ਰੀ ਐਸ.ਸੀ. ਅਗਰਵਾਲ ਦੀ ਪ੍ਰਧਾਨਗੀ ਹੇਠ ਕਮੇਟੀ ਦਾ ਗਠਨ ਕੀਤਾ ਹੈ ਜਿਸ ਵਿੱਚ ਉਨ੍ਹਾਂ ਦੇ ਪ੍ਰਮੁੱਖ ਸਕੱਤਰ ਸ਼੍ਰੀ ਡੀ.ਐਸ. ਗੁਰੂ ਅਤੇ ਪ੍ਰਮੁੱਖ ਸਕੱਤਰ ਵਿੱਤ ਸ੍ਰੀ ਕੇ.ਬੀ.ਐਸ. ਸਿੱਧੂ ਮੈਂਬਰ ਹੋਣਗੇ।
ਇਸ ਬਾਰੇ ਅੱਜ ਦੇਰ ਸ਼ਾਮ ਮੁੱਖ ਮੰਤਰੀ ਨਿਵਾਸ ‘ਤੇ ਪੰਜਾਬ ਮੁਲਾਜ਼ਮ ਸੰਘਰਸ਼ ਕਮੇਟੀ ਨਾਲ ਹੋਈ ਮੀਟਿੰਗ ਦੌਰਾਨ ਸ. ਬਾਦਲ ਨੇ ਕਮੇਟੀ ਦੇ ਕਨਵੀਨਰ ਸ੍ਰੀ ਰਣਬੀਰ ਸਿੰਘ ਢਿੱਲੋਂ ਨੂੰ ਇਹ ਭਰੋਸਾ ਦਿੱਤਾ।
ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਦੀ ਕਮੇਟੀ ਦੇ ਮੈਂਬਰਾਂ ਨੂੰ ਇਹ ਨਿਰਦੇਸ਼ ਵੀ ਦਿੱਤੇ ਕਿ ਉਹ ਜਲਦ ਤੋਂ ਜਲਦ ਆਪਣੀਆਂ ਸਿਫਾਰਸ਼ਾਂ ਦੇਣ ਤਾਂ ਜੋ ਅੰਤਮ ਫੈਸਲਾ ਲੈਣ ਤੋਂ ਪਹਿਲਾਂ 20 ਅਕਤਬੂਰ ਨੂੰ ਰੱਖੀ ਗਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਨ੍ਹਾਂ ਸਿਫਾਰਸ਼ਾਂ ਨੂੰ ਵਿਚਾਰਿਆ ਜਾ ਸਕੇ।
Îਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ 7 ਫੀਸਦੀ ਮਹਿੰਗਾਈ ਭੱਤੇ ਦੀ ਇਕ ਹੋਰ ਕਿਸ਼ਤ ਇਕ ਜੁਲਾਈ, 2011 ਤੋਂ ਦੇਣ ਦਾ ਐਲਾਨ ਕੀਤਾ ਜਿਸ ਨਾਲ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਹੁਣ 51 ਫੀਸਦੀ ਤੋਂ ਵਧ ਕੇ 58 ਫੀਸਦੀ ਹੋ ਜਾਵੇਗਾ। ਮਹਿੰਗਾਈ ਭੱਤਾ ਦੇਣ ਨਾਲ ਚਾਲੂ ਵਿੱਤੀ ਸਾਲ ਦੇ ਬਾਕੀ ਮਹੀਨਿਆਂ ਦੌਰਾਨ ਸਰਕਾਰੀ ਖਜ਼ਾਨੇ ‘ਤੇ 465 ਕਰੋੜ ਰੁਪਏ ਦਾ ਬੋਝ ਪਵੇਗਾ।
ਇਕ ਹੋਰ ਅਹਿਮ ਫੈਸਲਾ ਤਹਿਤ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਕਿ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਕੀਤੀਆਂ ਗਈਆਂ ਮੀਟਿੰਗਾਂ ਦੌਰਾਨ ਲਏ ਗਏ ਫੈਸਲਿਆਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਲਾਗੂ ਕਰਵਾਇਆ ਜਾਵੇ। ਮੁੱਖ ਮੰਤਰੀ ਨੇ ਵਫ਼ਦ ਵੱਲੋਂ ਸਰਕਾਰੀ ਵਾਹਨਾਂ ਦੇ ਡਰਾਈਵਰਾਂ ਨੂੰ ਐਕਸੀਡੈਂਟ ਕਲੇਮ ਤੋਂ ਮੁਕਤੀ ਦਿੱਤੇ ਜਾਣ ਦੀ ਰੱਖੀ ਤਜਵੀਜ਼ ਨੂੰ ਵੀ ਸਵੀਕਾਰ ਕਰ ਲਿਆ। ਉਨ੍ਹਾਂ ਆਦੇਸ਼ ਜਾਰੀ ਕੀਤੇ ਕਿ ਭਵਿੱਖ ਵਿੱਚ ਸਰਕਾਰੀ ਡਰਾਈਵਰਾਂ ਤੋਂ ਡਿਊਟੀ ਦੌਰਾਨ ਹੋਏ ਐਕਸੀਡੈਂਟ ਦਾ ਕਲੇਮ ਰਾਜ ਸਰਕਾਰ ਬਰਦਾਸ਼ਤ ਕਰੇਗੀ। ਇਸ ਨਾਲ ਹੁਣ ਡਰਾਈਵਰ ਦੀ ਨਿੱਜੀ ਜ਼ਿੰਮੇਵਾਰੀ ਨਿਰਧਾਰਤ ਨਹੀਂ ਕੀਤੀ ਜਾਵੇਗੀ। ਇਸ ਫੈਸਲੇ ਨਾਲ ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ. ਅਤੇ ਹੋਰ ਸਰਕਾਰੀ ਵਿਭਾਗਾਂ ਜਿਨ੍ਹਾਂ ਕੋਲ ਵੱਡੀ ਟਰਾਂਸਪੋਰਟ ਹੈ, ਦੇ ਡਰਾਈਵਰਾਂ ਨੂੰ ਕਾਫੀ ਰਾਹਤ ਮਿਲੇਗੀ। ਸ. ਬਾਦਲ ਨੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਨੂੰ ਇਹ ਨਿਰਦੇਸ਼ ਵੀ ਦਿੱਤੇ ਕਿ ਵਿੱਤ ਵਿਭਾਗ ਨਾਲ ਸਲਾਹ-ਮਸ਼ਵਰਾ ਕਰਕੇ ਚਾਰ ਦਿਨਾਂ ਦੇ ਅੰਦਰ-ਅੰਦਰ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕੀਤੀ ਜਾਵੇ।
ਮੀਟਿੰਗ ਵਿੱਚ ਹੋਰਨਾਂ ਪ੍ਰਮੁੱਖ ਸ਼ਖਸੀਅਤਾਂ ਵਿੱਚ ਮੁੱਖ ਸਕੱਤਰ ਸ੍ਰੀ ਐਸ.ਸੀ.ਅਗਰਵਾਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਐਸ.ਗੁਰੂ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਕੇ.ਬੀ.ਐਸ. ਸਿੱਧੂ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਸ੍ਰੀ ਕਰਨ ਅਵਤਾਰ ਸਿੰਘ ਅਤੇ ਸਕੱਤਰ ਪ੍ਰਸੋਨਲ ਸ੍ਰੀ ਬੀ.ਐਸ. ਸੂਦਨ ਹਾਜ਼ਰ ਸਨ।