October 20, 2011 admin

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਫਤਹਿਗੜ੍ਹ ਸਾਹਿਬ

ਸ਼ਗਨ ਸਕੀਮ ਅਧੀਨ ਜ਼ਿਲ੍ਹੇ ਦੀਆਂ 3098 ਲੜਕੀਆਂ ਨੂੰ 4 ਕਰੋੜ 64 ਲੱਖ ਰੁਪਏ ਦੀ ਰਾਸ਼ੀ ਵੰਡੀ ਗਈ-ਮਹਾਜਨ

ਫਤਹਿਗੜ੍ਹ ਸਾਹਿਬ-ਡਿਪਟੀ  ਕਮਿਸ਼ਨਰ ਸ੍ਰੀ ਯਸ਼ਵੀਰ ਮਹਾਜਨ  ਨੇ ਦੱਸਿਆ ਕਿ ਜ਼ਿਲ੍ਹੇ ਦੇ ਭਲਾਈ ਵਿਭਾਗ ਵੱਲੋਂ ਅਨੁਸੂਚਿਤ ਜਾਤੀਆਂ,ਇਸਾਈ ਬਰਾਦਰੀ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਗਰੀਬ ਵਰਗ ਦੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਸ਼ਗਨ ਸਕੀਮ ਅਧੀਨ ਸਾਲ 2007 ਤੋਂ ਲੈ ਕੇ 15 ਅਕਤੂਬਰ 2011 ਤੱਕ ਜ਼ਿਲ੍ਹੇ ਦੀਆਂ ਲੋੜਵੰਦ 3098 ਲਾਭਪਾਤਰ ਲੜਕੀਆਂ ਨੂੰ ਸ਼ਗਨ ਵਜੋਂ 4 ਕਰੋੜ 64 ਲੱਖ 70 ਹਜ਼ਾਰ ਰੁਪਏ ਦੀ ਰਾਸ਼ੀ ਵੰਡੀ ਗਈ। ਉਨ੍ਹਾਂ ਦੱਸਿਆ ਕਿ ਹਰੇਕ ਲਾਭਪਾਤਰ ਲੜਕੀ ਨੂੰ ਵਿਆਹ ਸਮੇਂ ਸ਼ਗਨ ਵਜੋਂ 15 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਉਸ ਪਰਿਵਾਰ ਨੂੰ ਦਿੱਤਾ ਜਾਂਦਾ ਹੈ ਜਿਸ ਦੀ  ਸਾਲਾਨਾ ਆਮਦਨ 30 ਹਜ਼ਾਰ ਰੁਪਏ ਤੋਂ ਘੱਟ ਹੋਵੇ ਅਤੇ ਇਹ ਲਾਭ ਇੱਕ ਪਰਿਵਾਰ ਦੀਆਂ ਦੋ ਲੜਕੀਆਂ ਤੱਕ  ਹੀ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਲੜਕੀ ਦੀ ਉਮਰ 18 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ।

               ਸ੍ਰੀ ਮਹਾਜਨ ਨੇ ਦੱਸਿਆ ਕਿ ਭਲਾਈ ਵਿਭਾਗ ਵੱਲੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਅਨੁਸੂਚਿਤ ਜਾਤੀਆਂ ਦੇ ਬੇਘਰੇ ਪਰਿਵਾਰਾਂ ਨੂੰ 10-10 ਮਰਲੇ ਦੇ ਪਲਾਟ ਅਲਾਟ ਕੀਤੇ ਜਾਂਦੇ ਹਨ ਅਤੇ ਨਵੇਂ ਮਕਾਨ ਦੀ ਉਸਾਰੀ ਲਈ 50 ਹਜ਼ਾਰ ਰੁਪਏ ਦੀ ਗਰਾਂਟ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਅਨੁਸੂਚਿਤ ਜਾਤੀਆਂ ਦੇ ਗਰੀਬ ਪਰਿਵਾਰਾਂ ਦੇ 150 ਮਕਾਨਾਂ ਦੀ ਮੁਰੰਮਤ ਲਈ 30 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਅਨੁਸੂਚਿਤ ਜਾਤੀ ਦੀਆਂ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਪੜ੍ਹ ਰਹੀਆਂ 22391 ਲੜਕੀਆਂ ਨੂੰ 63 ਲੱਖ 20 ਹਜ਼ਾਰ ਰੁਪਏ ਦੀ ਰਾਸ਼ੀ ਹਾਜਰੀ ਵਜੀਫੇ ਵਜੋਂ ਵੰਡੀ ਗਈ। ਉਨ੍ਹਾਂ ਹੋਰ ਦੱਸਿਆ ਕਿ ਅਨੁਸੂਚਿਤ ਜਾਤੀਆਂ ਲਈ 18 ਧਰਮਸ਼ਾਲਾ ਦੀ ਮੁਰੰਮਤ ਲਈ 9 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।  

               ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 606 ਪੋਸਟ ਮੈਟ੍ਰਿਕ ਘੱਟ ਗਿਣਤੀ ਵਿਦਿਆਰਥੀਆਂ ਨੂੰ  ਉਚੇਰੀ ਸਿੱਖਿਆ ਹਾਸਲ ਕਰਨ ਲਈ 32 ਲੱਖ 95 ਹਜ਼ਾਰ ਰੁਪਏ ਦੇ ਵਜੀਫੇ ਵੰਡੇ ਗਏ। ਇਸ ਤੋਂ ਇਲਾਵਾ ਮੈਰਿਟ-ਕਮ-ਮੀਨਜ ਘੱਟ ਗਿਣਤੀ ਸਕੀਮ ਅਧੀਨ ਵੀ 188 ਵਿਦਿਆਰਥੀਆਂ ਨੂੰ 30 ਲੱਖ 90 ਹਜ਼ਾਰ ਰੁਪਏ ਦੇ ਵਜੀਫੇ ਵੰਡੇ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੀਮਾਂ ਦਾ ਲਾਭ ਸਿੱਖ, ਇਸਾਈ, ਬੋਧੀ, ਪਾਰਸੀ ਅਤੇ ਮੁਸਲਿਮ ਭਾਈਚਾਰੇ ਦੇ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਹੈ।

————–

———————————————————————————————————————————————————————————-

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਫਤਹਿਗੜ੍ਹ ਸਾਹਿਬ ।

ਜ਼ਿਲ੍ਹੇ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 2,05,422 ਟਨ ਝੋਨੇ ਦੀ ਖਰੀਦ ਕੀਤੀ ਗਈ:-ਮਹਾਜਨ

ਖਰੀਦ ਏਜੰਸੀਆਂ ਵੱਲੋਂ 16  ਅਕਤੂਬਰ ਤੱਕ ਖਰੀਦੇ ਗਏ ਝੋਨੇ ਦੀ 179 ਕਰੋੜ 97 ਲੱਖ ਰੁਪਏ ਦੀ ਅਦਾਇਗੀ ਕੀਤੀ ਗਈ-ਮਹਾਜਨ

ਫਤਹਿਗੜ੍ਹ ਸਾਹਿਬ-ਡਿਪਟੀ ਕਮਿਸ਼ਨਰ ਸ੍ਰੀ ਯਸ਼ਵੀਰ ਮਹਾਜਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਨਿਰਵਿਘਨ ਜਾਰੀ ਹੈ ਅਤੇ ਸਾਰੀਆਂ ਖਰੀਦ ਏਜੰਸੀਆਂ ਵੱਲੋਂ ਤੇਜੀ ਨਾਲ ਖਰੀਦ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ 18 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ  2 ਲੱਖ 08 ਹਜਾਰ 872 ਟਨ ਝੋਨੇ ਦੀ ਮੰਡੀਆਂ ਵਿੱਚ ਆਮਦ ਹੋਈ  ਜਿਸ ਵਿੱਚੋਂ  ਵੱਖ ਵੱਖ ਖਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ 2 ਲੱਖ 05 ਹਜਾਰ 422 ਟਨ ਝੋਨੇ ਦੀ ਖਰੀਦ ਕੀਤੀ ਗਈ ਹੈ  , ਜਿਸ ਵਿੱਚੋਂ ਪਨਗਰੇਨ ਨੇ 51,838 ਟਨ, ਮਾਰਕਫੈਡ ਨੇ 35,843, ਪਨਸਪ ਨੇ 71,569,  ਵੇਅਰ ਹਾਊਸ ਨੇ 20,340, ਪੰਜਾਬ ਐਗਰੋ ਨੇ 23,990, ਐਫ.ਸੀ.ਆਈ. ਨੇ 1392 ਅਤੇ ਵਪਾਰੀਆਂ ਨੇ 450 ਟਨ ਝੋਨੇ ਦੀ ਖਰੀਦ ਕੀਤੀ ਹੈ। ਜਦੋਂ ਕਿ ਪਿਛਲੇ ਸਾਲ ਇਸ ਦਿਨ ਤੱਕ ਕੁੱਲ 1,28,051 ਟਨ ਝੋਨੇ ਦੀ  ਹੀ  ਮੰਡੀਆਂ ਵਿੱਚ ਆਮਦ ਹੋਈ ਸੀ । ਉਨ੍ਹਾਂ ਦੱਸਿਆ ਕਿ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 16 ਅਕਤੂਬਰ ਤੱਕ ਖਰੀਦੇ ਗਏ ਝੋਨੇ ਦੀ ਅਦਾਇਗੀ 187 ਕਰੋੜ 27 ਲੱਖ ਰੁਪਏ ਬਣਦੀ ਸੀ ਜਿਸ ਵਿੱਚੋਂ 179 ਕਰੋੜ 97 ਲੱਖ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।

               ਸ੍ਰੀ ਮਹਾਜਨ ਨੇ ਸਾਰੀਆਂ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਸਖਤ ਹਦਾਇਤ ਕੀਤੀ ਕਿ ਖਰੀਦੇ ਗਏ ਝੋਨੇ ਦੀ ਮੰਡੀਆਂ ਵਿੱਚੋਂ 72 ਘੰਟਿਆਂ ਦੇ ਅੰਦਰ ਅੰਦਰ ਚੁਕਾਈ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨਾ ਢੇਰੀ ਕਰਨ ਵਿੱਚ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਖਰੀਦੇ ਗਏ ਝੋਨੇ ਦੀ ਨਾਲੋ ਨਾਲ ਅਦਾਇਗੀ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਚੰਗੀ ਤਰ੍ਹਾਂ ਪਕਾ ਕੇ ਅਤੇ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਝੋਨਾ ਵੇਚਣ ਵਿੱਚ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਨੂੰ ਝੋਨੇ ਦੀ ਪੂਰੀ ਕੀਮਤ ਮਿਲ ਸਕੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਹ ਰਾਤ ਸਮੇਂ ਕੰਬਾਈਨ ਨਾਲ ਝੋਨੇ ਦੀ ਵਢਾਈ ਨਾ ਕਰਵਾਉਣ ਕਿਉਂਕਿ ਅਜਿਹਾ ਕਰਨ ਨਾਲ ਝੋਨੇ ਵਿੱਚ ਨਮੀ ਦੀ ਮਾਤਰਾ ਵਧ ਜਾਂਦੀ ਹੈ।

Translate »