October 21, 2011 admin

ਖਾਦਾਂ ਦੀਆਂ ਕੀਮਤਾਂ ਵਧਾ ਕੇ ਕੇਂਦਰ ਨੇ ਕਿਸਾਨ ਵਿਰੋਧੀ ਹੋਣ ਦਾ ਮੁੜ ਸਬੂਤ ਦਿੱਤਾ- ਹਰਸਿਮਰਤ

*ਮੌੜ ਹਲਕੇ ਦੇ ਪਿੰਡਾਂ ‘ਚ ਸੰਗਤ ਦਰਸ਼ਨ ਪ੍ਰੋਗਰਾਮ ਕੀਤੇ

ਬਠਿੰਡਾ –  ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਲੋਕ ਸਭਾ ਹਲਕਾ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਡੀ.ਏ.ਪੀ, ਯੂਰੀਆ ਤੇ ਹੋਰ ਰਸਾਇਣਿਕ ਖਾਦਾਂ ਦੀਆਂ ਕੀਮਤਾਂ ਨੂੰ ਸਰਕਾਰੀ ਕੰਟਰੋਲ ਤੋਂ ਮੁਕਤ ਕਰਕੇ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਇਸ ਕਦਮ ਨਾਲ ਰਸਾਇਣਿਕ ਖਾਦਾਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ ਅਤੇ ਕੇਵਲ ਪੰਜਾਬ ਦੇ ਕਿਸਾਨਾਂ ਉੱਪਰ ਹੀ ਕਈ ਕਰੋੜ ਰੁਪਏ ਦਾ ਵਾਧੂ ਬੋਝ ਪੈ ਗਿਆ ਹੈ। ਬੀਬੀ ਹਰਸਿਮਰਤ ਕੌਰ ਬਾਦਲ ਨੇ ਇਹ ਗੱਲ ਹਲਕਾ ਮੌੜ ਦੇ ਪਿੰਡਾਂ ਦੇ ਸੰਗਤ ਦਰਸ਼ਨ ਪ੍ਰੋਗਰਾਮਾਂ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਆਖੀ। ਉਨ੍ਹਾਂ ਅੱਜ ਇਸ ਹਲਕੇ ਦੇ ਸੰਦੋਹਾ, ਕਮਾਲੂ, ਰਾਜਗੜ੍ਹ ਕੁੱਬੇ, ਮਾੜੀ, ਬੰਗੇਹਰ ਚੜ੍ਹਤ ਸਿੰਘ ਤੇ ਭਾਈ ਬਖਤੌਰ ਪਿੰਡਾਂ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਕੀਤੇ ਤੇ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੀਆਂ ਗਰਾਂਟਾਂ ਵੰਡੀਆਂ। ਇਸ ਮੌਕੇ ਮੁੱਖ ਪਾਰਲੀਮਾਨੀ ਸਕੱਤਰ ਸ੍ਰੀ ਜਗਦੀਪ ਸਿੰਘ ਨਕੱਈ, ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ, ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ, ਜ਼ਿਲ੍ਹਾ ਪੁਲਿਸ ਮੁਖੀ ਡਾ. ਸੁਖਚੈਨ ਸਿੰਘ ਗਿੱਲ, ਏ.ਡੀ.ਸੀ ਸ੍ਰੀ ਭੁਪਿੰਦਰ ਸਿੰਘ ਰਾਏ ਤੇ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।

ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਵੱਲੋਂ ਪਹਿਲਾਂ ਹੀ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਰ-ਵਾਰ ਕੀਤੇ ਵਾਧੇ ਨਾਲ ਖੇਤੀ ਲਾਗਤਾਂ ਵਿੱਚ ਭਾਰੀ ਵਾਧਾ ਹੋਇਆ ਜਿਸ ਨਾਲ ਕਿਸਾਨੀ ਲਈ ਵਿੱਤੀ ਮੁਸ਼ਕਿਲਾਂ ਪੈਦਾ ਹੋਈਆਂ ਪਰ ਹੁਣ ਕੇਂਦਰ ਦੀਆਂ ਖਾਦਾਂ ਪ੍ਰਤੀ ਅਪਣਾਈਆਂ ਨੀਤੀਆਂ ਨੇ ਮੁੜ ਕਿਸਾਨੀ ਨੂੰ ਝੰਜੋੜ ਦਿੱਤਾ ਹੈ। ਕੇਂਦਰ ਸਰਕਾਰ ਦੁਆਰਾ ਗਰੀਬੀ ਰੇਖਾ ਤੋਂ ਹੇਠਲੇ ਲੋਕਾਂ ਦੀ ਸ਼ਨਾਖਤ ਲਈ ਰੱਖੇ ਪੈਮਾਨੇ ਦੀ ਆਲੋਚਨਾ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਕੇਂਦਰ ਨੇ ਸ਼ਹਿਰੀ ਖੇਤਰਾਂ ਵਿੱਚ 32 ਰੁਪਏ ਅਤੇ ਪੇਂਡੂ ਖੇਤਰਾਂ ਲਈ 26 ਰੁਪਏ ਪ੍ਰਤੀ ਦਿਨ ਆਮਦਨ ਦਾ ਪੈਮਾਨਾ ਤੈਅ ਕਰਕੇ ਕੋਝਾ ਮਜ਼ਾਕ ਕੀਤਾ ਹੈ। ਉਨ੍ਹਾਂ ਕਿੰਨੀ ਹਾਸੋਹੀਣੀ ਗੱਲ ਹੈ ਕਿ ਕੇਂਦਰ ਸਰਕਾਰ ਲਈ ਮਹੀਨੇ ਵਿਚ 1000 ਰੁਪਏ ਤੋਂ ਵੱਧ ਦੀ ਕਮਾਈ ਕਰਨ ਵਾਲਾ ਗਰੀਬ ਨਹੀਂ ਹੈ। ਉਨ੍ਹਾਂ ਕੇਂਦਰ ਦੀ ਯੂ.ਪੀ.ਏ ਸਰਕਾਰ ਨੂੰ ਘੁਟਾਲਿਆਂ ਦੀ ਸਰਕਾਰ ਕਿਹਾ ਅਤੇ ਉਸ ਨੂੰ ਮਹਿੰਗਾਈ ਲਈ ਜ਼ਿੰਮੇਵਾਰ ਦੱਸਿਆ। ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ, ਸ਼ਗਨ ਸਕੀਮ, ਆਟਾ-ਦਾਲ ਸਕੀਮ, ਸਰਕਾਰੀ ਸਕੂਲਾਂ ਦੀਆਂ ਗਿਆਰਵੀਂ ਤੇ ਬਾਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਲਈ ਸਾਈਕਲ ਯੋਜਨਾ ਤੇ ਹੋਰ ਸਮਾਜ ਭਲਾਈ ਦੀਆਂ ਸਕੀਮਾਂ ਨਾਲ ਗਰੀਬ ਵਰਗਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ‘ਚ ਕਾਂਗਰਸ ਵੱਲੋਂ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਦੇ ਸਬੰਧ ਵਿਚ ਉਨ੍ਹਾਂ ਕਿਹਾ ਕਿ ਪੰਜ ਸਾਲ ਇਹ ਲੋਕ ਕਿੱਥੇ ਸਨ, ਉਦੋਂ ਇਨ੍ਹਾਂ ਨੂੰ ਅਜਿਹੀ ਯਾਤਰਾ ਚੇਤੇ ਨਹੀਂ ਆਈ ਅਤੇ ਹੁਣ ਚੋਣਾਂ ਨੇੜੇ ਆ ਕੇ ਇਹ ਸਭ ਡਰਾਮੇ ਕਰ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਪਿਛਲੇ ਪੰਜ ਸਾਲ ਇਹ ਲੋਕ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਕੇਂਦਰ ਕੋਲ ਕਿਉਂ ਨਾ ਲੈ ਕੇ ਗਏ।

ਪਿੰਡ ਰਾਜਗੜ੍ਹ ਕੁੱਬੇ ਵਿਚ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਮੌਕੇ ਡਿਊਟੀ ਦੌਰਾਨ ਸੜਕ ਹਾਦਸੇ ‘ਚ ਮਾਰੇ ਗਏ ਅਧਿਆਪਕ ਦੇ ਪਰਿਵਾਰ ਨੂੰ ਡੇਢ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਇਥੇ ਲੜਕੀਆਂ ਨੂੰ ਸਾਈਕਲ ਵੀ ਵੰਡੇ। ਉਨ੍ਹਾਂ ਦੱਸਿਆ ਕਿ ਪਿਛਲੇ ਪੌਣੇ ਪੰਜ ਸਾਲਾਂ ‘ਚ ਅਕਾਲੀ-ਭਾਜਪਾ ਸਰਕਾਰ ਨੇ ਮੌੜ ਹਲਕੇ ਦੇ ਵਿਕਾਸ ਲਈ 162 ਕਰੋੜ ਰੁਪਏ ਖ਼ਰਚ ਕੀਤੇ ਹਨ।

Translate »