* ਬਠਿੰਡਾ ਸ਼ਹਿਰ ਦੇ ਦੌਰੇ ਦੌਰਾਨ ਵੱਖ-ਵੱਖ ਥਾਵਾਂ ‘ਤੇ ਕੀਤੇ ਪ੍ਰੋਗਰਾਮ
ਬਠਿੰਡਾ – ਲੋਕ ਸਭਾ ਹਲਕਾ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਹਿਸਾਰ ਦੀ ਜ਼ਿਮਨੀ ਚੋਣ ‘ਚ ਕਾਂਗਰਸ ਦੀ ਹਾਰ ਤਾਂ ਇਕ ਟ੍ਰੇਲਰ ਸੀ ਅਤੇ ਆਉਣ ਵਾਲੇ ਸਮੇਂ ‘ਚ ਲੋਕ ਕਾਂਗਰਸੀਆਂ ਨੂੰ ਉਨ੍ਹਾਂ ਦੀ ਅਸਲੀ ਥਾਂ ਦਿਖਾਉਣਗੇ। ਵਿਧਾਨ ਸਭਾ ਹਲਕਾ ਬਠਿੰਡਾ ਦੇ ਆਪਣੇ ਦੌਰੇ ਦੌਰਾਨ ਵੱਖ-ਵੱਖ ਥਾਵਾਂ ‘ਤੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਭ੍ਰਿਸ਼ਟਾਚਾਰ ਅਤੇ ਮਹਿੰਗਾਈ ਤੋਂ ਤੰਗ ਆ ਚੁੱਕੇ ਹਨ ਅਤੇ ਕੇਂਦਰ ‘ਚ ਕਾਂਗਰਸ ਦੀ ਅਗਵਾਈ ਵਾਲੀ ਯੂ. ਪੀ. ਏ. ਸਰਕਾਰ ਨੂੰ ਆਉਣ ਵਾਲੇ ਸਮੇਂ ‘ਚ ਸਬਕ ਸਿਖਾਉਣਗੇ।
ਬਠਿੰਡਾ ਸ਼ਹਿਰ ਦੀਆਂ ਵੱਖ-ਵੱਖ ਧਰਮਸ਼ਾਲਾਵਾਂ ਤੇ ਹੋਰ ਜਨਤਕ ਥਾਵਾਂ ‘ਤੇ ਉਨ੍ਹਾਂ ਨੇ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਦੀ ਵੰਡ ਕੀਤੀ। ਉਨ੍ਹਾਂ ਵਿਧਾਨ ਸਭਾ ਹਲਕਾ ਬਠਿੰਡਾ ਦੇ 50 ਵਾਰਡਾਂ ਲਈ ਹਰੇਕ ਵਾਰਡ ਨੂੰ ਇਕ-ਇਕ ਜਿੰਮ ਵੰਡਿਆ। ਉਨ੍ਹਾਂ ਨੇ ਵੱਖ-ਵੱਖ ਵਾਰਡਾਂ ‘ਚ ਕੀਤੇ ਆਪਣੇ ਪ੍ਰੋਗਰਾਮਾਂ ਦੌਰਾਨ ਬੀਬੀ ਹਰਸਿਮਰਤ ਕੌਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਥੇ ਮੌਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਉਨ੍ਹਾਂ ਦਾ ਤੁਰੰਤ ਹੱਲ ਕੱਢਣ ਦੇ ਆਦੇਸ਼ ਦਿੱਤੇ। ਉਨ੍ਹਾਂ ਨਗਰ ਨਿਗਮ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸੀਵਰੇਜ ਤੇ ਵਾਟਰ ਸਪਲਾਈ ਸਬੰਧੀ ਸ਼ਿਕਾਇਤਾਂ ‘ਤੇ ਫੌਰੀ ਗੌਰ ਕੀਤਾ ਜਾਵੇ। ਮੈਂਬਰ ਪਾਰਲੀਮੈਂਟ ਨੇ ਸ਼ਹਿਰ ਦੇ ਡੇਂਗੂ ਪੀੜਤ ਇਲਾਕਿਆਂ ਦਾ ਦੌਰਾ ਵੀ ਕੀਤਾ ਅਤੇ ਉਥੇ ਦਰਪੇਸ਼ ਘਾਟਾਂ ਤੇ ਕਮੀਆਂ ਨੂੰ ਦੂਰ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਪਰਸਰਾਮ ਨਗਰ ਦੇ ਨਵੇਂ ਕਮਰਿਆਂ ਦਾ ਉਦਘਾਟਨ ਵੀ ਕੀਤਾ।
ਬੀਬੀ ਹਰਸਿਮਰਤ ਨੇ ਆਪਣੇ ਦੌਰੇ ਦੀ ਸ਼ੁਰੂਆਤ ਵਾਰਡ ਨੰਬਰ 25 ਦੇ ਗੁਰਦੁਆਰਾ ਗੁਰੂ ਨਾਨਕਪੁਰਾ ਤੋਂ ਕੀਤੀ ਅਤੇ ਇਸ ਤੋਂ ਬਾਅਦ ਵੱਖ-ਵੱਖ ਵਾਰਡਾਂ ‘ਚ ਪ੍ਰੋਗਰਾਮਾਂ ਦੌਰਾਨ ਆਪਣੇ ਸੰਬੋਧਨਾਂ ‘ਚ ਉਨ੍ਹਾਂ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਦੀ ਸਰਕਾਰ ਘੁਟਾਲਿਆਂ ਦੀ ਸਰਕਾਰ ਬਣ ਕੇ ਰਹਿ ਗਈ ਹੈ ਅਤੇ ਰੋਜ਼ਾਨਾ ਕੋਈ ਨਾ ਕੋਈ ਘੁਟਾਲਾ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਹਰੇਕ ਮੰਤਰੀ ਮੁਲਕ ਦੇ ਵਿਕਾਸ ਨਾਲੋਂ ਆਪਣੇ ਨਿੱਜੀ ਹਿੱਤਾਂ ਨੂੰ ਪਹਿਲ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹੋ ਜਿਹਾ ਅਜਿਹਾ ਤੰਤਰ ਆ ਗਿਆ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੀ ਵੀ ਨਹੀਂ ਸੁਣੀ ਜਾ ਰਹੀ। ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਕੇਂਦਰ ਦੀਆਂ ਗਲਤ ਨੀਤੀਆਂ ਕਾਰਨ ਪੈਦਾ ਹੋਈ ਮਹਿੰਗਾਈ ਨੇ ਜਿਥੇ ਆਮ ਆਦਮੀ ਦਾ ਜੀਊਣਾ ਮੁਹਾਲ ਕਰ ਦਿੱਤਾ ਹੈ ਉਥੇ ਕਿਸਾਨੀ ਦਾ ਲੱਕ ਤੋੜ ਦਿੱਤਾ ਹੈ। ਖੇਤੀ ਦੀਆਂ ਲਾਗਤਾਂ ਬੇਹੱਦ ਵੱਧ ਗਈਆਂ ਹਨ ਪਰੰਤੂ ਜਿਣਸਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਲੋੜੀਂਦਾ ਵਾਧਾ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਕਿਸਾਨਾਂ ਦੀ ਹਾਲਤ ਬੇਹੱਦ ਤਰਸਯੋਗ ਹੋ ਗਈ ਹੈ।
ਇਸ ਮੌਕੇ ਹਲਕਾ ਇੰਚਾਰਜ ਸ੍ਰੀ ਸਰੂਪ ਚੰਦ ਸਿੰਗਲਾ, ਨਗਰ ਨਿਗਮ ਦੇ ਮੇਅਰ ਸ੍ਰੀ ਬਲਜੀਤ ਸਿੰਘ ਬੀੜ ਬਹਿਮਣ, ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ, ਜ਼ਿਲ੍ਹਾ ਪੁਲਿਸ ਮੁਖੀ ਡਾ. ਸੁਖਚੈਨ ਸਿੰਘ ਗਿੱਲ, ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਉਮਾ ਸ਼ੰਕਰ, ਐਸ. ਡੀ. ਐਮ. ਬਠਿੰਡਾ ਸ੍ਰੀ ਸੰਦੀਪ ਰਿਸ਼ੀ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਉਚ ਅਧਿਕਾਰੀ ਹਾਜ਼ਰ ਸਨ।