October 30, 2011 admin

ਮੁੱਖ ਜ਼ਿਲ੍ਹਾ ਸੜਕਾਂ ਅਤੇ ਲਿੰਕ ਸੜਕਾਂ ਦੀ ਅਪਗਰੇਡੇਸ਼ਨ ਅਤੇ ਮੁਰੰਮਤ ਉਪਰ 5097 ਕਰੋੜ ਰੁਪਏ ਖਰਚ ਕੀਤੇ ਗਏ ਹਨ

ਹੁਸ਼ਿਆਰਪੁਰ – ਪੰਜਾਬ ਸਰਕਾਰ ਵੱਲੋਂ ਸੜਕੀ ਢਾਂਚੇ ਦੀ ਮਜ਼ਬੂਤੀ ਤਹਿਤ ਨਵੀਆਂ ਲਿੰਕ ਸੜਕਾਂ ਦੀ ਉਸਾਰੀ ਨੈਸ਼ਨਲ ਹਾਈਵੇ, ਸਟੇਟ ਹਾਈ ਵੇ, ਮੁੱਖ ਜ਼ਿਲ੍ਹਾ ਸੜਕਾਂ ਅਤੇ ਲਿੰਕ ਸੜਕਾਂ ਦੀ ਅਪਗਰੇਡੇਸ਼ਨ ਅਤੇ ਮੁਰੰਮਤ ਉਪਰ 5097 ਕਰੋੜ ਰੁਪਏ ਖਰਚ ਕੀਤੇ ਗਏ ਹਨ।  ਇਸ ਗੱਲ ਦਾ ਪ੍ਰਗਟਾਵਾ ਸ੍ਰੀ ਤੀਕਸ਼ਨ ਸੂਦ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਅੱਜ ਪਿੰਡ ਛਾਉਣੀਕਲਾਂ ਵਿਖੇ ਸ਼ੇਰਗੜ੍ਹ ਬਾਈਪਾਸ ਤੋਂ ਗੋਰਿਆਂ ਦੀ ਕਬਰ ਤੱਕ 13.37 ਲੱਖ ਰੁਪਏ ਦੀ ਲਾਗਤ ਨਾਲ ਬਣੀ ਸੜਕ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਸੂਦ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਇਸ ਸਾਲ ਹਰ ਵਿਧਾਨ ਸਭਾ ਹਲਕੇ ਵਿੱਚ 20 ਕਿਲੋਮੀਟਰ ਨਵੀਆਂ ਲਿੰਕ ਸੜਕਾਂ ਦਾ ਨਿਰਮਾਣ ਕੀਤਾ ਗਿਆ ਹੈ ਅਤੇ ਪੁਰਾਣੀਆਂ ਦੀ ਮੁਰੰਮਤ ਕੀਤੀ ਗਈ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ, ਡੇਰਿਆਂ, ਸ਼ਮਸ਼ਾਨਘਾਟਾਂ ਅਤੇ ਕਬਰਸਤਾਨਾਂ ਨੂੰ ਜਾਣ ਵਾਲੀਆਂ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ਤੇ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਇਸ ਪਿੰਡ ਵਿੱਚ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਾਉਣ ਲਈ 40 ਲੱਖ ਰੁਪਏ ਖਰਚ ਕੀਤੇ ਗਏ ਹਨ ਅਤੇ 6.75 ਲੱਖ ਰੁਪਏ ਗਰੀਬ ਪ੍ਰੀਵਾਰਾਂ ਨੂੰ ਪਖਾਨੇ ਬਣਾਉਣ ਲਈ ਦਿੱਤੇ ਗਏ ਹਨ।  ਉਨ੍ਹਾਂ ਕਿਹਾ ਕਿ ਇਸ ਪਿੰਡ ਦੇ ਰਹਿੰਦੇ ਵਿਕਾਸ ਕਾਰਜਾਂ ਨੁੰ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਇਸ ਮੌਕੇ ਤੇ ਉਨ੍ਹਾਂ ਨੇ ਪਿੰਡ ਦੀਆਂ ਗਲੀਆਂ ਨਾਲੀਆਂ ਲਈ ਇੱਕ ਲੱਖ ਰੁਪਏ ਦਾ ਚੈਕ ਵੀ ਦਿੱਤਾ।  
ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ, ਸਤਨਾਮ ਸਿੰਘ, ਰਾਮੇਸ਼ ਜ਼ਾਲਮ, ਪਿੰਡ ਦੇ ਸਰਪੰਚ ਬਲਵਿੰਦਰ ਸਿੰਘ, ਦਿਹਾਤੀ ਮੰਡਲ ਪ੍ਰਧਾਨ ਵਿਜੇ ਪਠਾਨੀਆ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਲੋਕ ਨਿਰਮਾਣ ਵਿਭਾਗ ਦੇ ਐਸ ਡੀ ਓ ਬਲਵਿੰਦਰ ਕੁਮਾਰ, ਜੇ ਈ ਤਰਸੇਮ ਸਿੰਘ, ਦਿਹਾਤੀ ਮੰਡਲ ਦੇ ਵਾਈਸ ਪ੍ਰਧਾਨ ਬਰਜਿੰਦਰ ਪਾਲ ਸਿੰਘ ਨਿੱਕੀ, ਸੁਰਿੰਦਰ ਸਿੰਘ ਪੱਪੀ, ਪਿਆਰਾ ਸਿੰਘ, ਇੰਦਰਜੀਤ ਸਿੰਘ, ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Translate »