October 30, 2011 admin

ਪੰਜਾਬ ਦੇ ਕਾਂਗਰਸੀ ਆਗੂਆਂ ਵੱਲੋਂ ਪ੍ਰਧਾਨ ਮੰਤਰੀ ਦੀ ਫੇਰੀ ਦਾ ਵਿਰੋਧ ਕਰਨਾ ਪੰਜਾਬ ਤੇ ਵਿਕਾਸ ਵਿਰੋਧੀ ਸੋਚ ਦਾ ਨਤੀਜਾ-ਬਾਦਲ

*ਪੰਜਾਬ ਵਾਸੀਆਂ ਲਈ ਇਤਿਹਾਸਕ ਹੋਵੇਗਾ ਨਵੰਬਰ ਮਹੀਨਾ
ਬਠਿੰਡਾ –  ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਰਾਜ ਦੇ ਕਾਂਗਰਸੀ ਨੇਤਾਵਾਂ ਨੇ ਪ੍ਰਧਾਨ ਮੰਤਰੀ ਦੀ ਸੰਭਾਵਿਤ ਪੰਜਾਬ ਫੇਰੀ ਦੀ ਵਿਰੋਧਤਾ ਜ਼ਾਹਰ ਕਰਕੇ ਪੰਜਾਬ ਤੇ ਵਿਕਾਸ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਅੱਜ ਇੱਥੇ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅਤੇ ਪਿਮਜ਼ ਦੇ ਸਹਿਯੋਗ ਨਾਲ ਸਥਾਪਤ ਕੀਤੇ ਜਾਣ ਵਾਲੇ ਐਡਵਾਂਸਡ ਕੈਂਸਰ ਡਾਇਗਨੈਸੋਟਿਕ, ਟਰੀਟਮੈਂਟ ਅਤੇ ਰਿਸਚਰਚ ਸੈਂਟਰ ਦਾ ਨੀਂਹ ਪੱਥਰ ਰੱਖਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਮਿਲੇ ਕਾਂਗਰਸੀ ਆਗੂਆਂ ਨੂੰ ਪੰਜਾਬ ਦੇ ਭਲੇ ਦੀ ਗੱਲ ਕਰਨੀ ਚਾਹੀਦੀ ਸੀ ਪਰ ਉਨ੍ਹਾਂ ਨੇ ਉਲਟਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਖਾਲਸਾ ਵਿਰਾਸਤੀ ਕੰਪਲੈਕਸ ਅਤੇ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕਰਨ ਲਈ ਹਾਮੀ ਭਰਨ ਦੀ ਮੁਖਾਲਫ਼ਤ ਕਰਕੇ ਪੰਜਾਬ ਅਤੇ ਵਿਕਾਸ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਕੇਂਦਰ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਦੇ ਪ੍ਰਧਾਨ ਮੰਤਰੀ ਨੂੰ ਰਾਜ ਵਿੱਚ ਉਕਤ ਵੱਡੇ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਲਈ ਸੱਦਾ ਦੇ ਕੇ ਫਰਾਖਦਿਲੀ ਦਿਖਾ ਰਿਹਾ ਹੈ ਜਦਕਿ ਰਾਜ ਦੇ ਕਾਂਗਰਸੀ ਨੇਤਾ ਸੌੜੀ ਸੋਚ ਕਾਰਨ ਆਪਣੀ ਹੀ ਪਾਰਟੀ ਦੇ ਨੇਤਾ ਦੀ ਫੇਰੀ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਖਾਲਸਾ ਵਿਰਾਸਤੀ ਕੰਪਲੈਕਸ ਕੌਮ ਨੂੰ ਸਮਰਪਿਤ ਕਰਨ ਦਾ ਸੱਦਾ ਦੇ ਕੇ ਉਨ੍ਹਾਂ ਦੇ ਉੱਚੇ ਰੁਤਬੇ ਨੂੰ ਮਾਣ ਦਿੱਤਾ ਹੈ ਕਿਉਂਕਿ ਪ੍ਰਧਾਨ ਮੰਤਰੀ ਕਿਸੇ ਸਿਆਸੀ ਪਾਰਟੀ ਦਾ ਨਾ ਹੋ ਕੇ ਪੂਰੇ ਮੁਲਕ ਦਾ ਨੇਤਾ ਹੁੰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਹੀ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕੋਲ ਕਦੇ ਵੀ ਪੰਜਾਬ ਦੇ ਵਿਕਾਸ ਲਈ ਸਹਿਯੋਗ ਦੇਣ ਦੀ ਮੰਗ ਨਹੀਂ ਉਠਾਈ ਸਗੋਂ ਰਾਜ ਦੇ ਸ਼ਹਿਰਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਹੁੱਡਕੋ ਤੋਂ ਮੰਗੇ ਗਏ 700 ਕਰੋੜ ਰੁਪਏ ਦੇ ਕਰਜ਼ੇ ਨੂੰ ਰੋਕਣ ਲਈ ਪੂਰੀ ਵਾਹ ਲਾਈ ਹੋਈ ਹੈ। ਉਨ੍ਹਾਂ ਇਕ ਹੋਰ ਮਿਸਾਲ ਦਿੰਦਿਆਂ ਕਿਹਾ ਕਿ ਬਠਿੰਡਾ ਵਿਖੇ ਸਥਾਪਤ ਕੀਤਾ ਤੇਲ ਸੋਧ ਕਾਰਖਾਨਾ ਲਾਉਣ ਮੌਕੇ ਵੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਡਟ ਕੇ ਵਿਰੋਧਤਾ ਕੀਤੀ ਸੀ ਜਦਕਿ ਇਸ ਕਾਰਖਾਨੇ ਵਿੱਚ 19 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਜਿਸ ਨਾਲ ਰਾਜ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦੇ ਨਾਲ-ਨਾਲ ਵਿਕਾਸ ਦੇ ਨਵੇਂ ਰਾਹ ਖੁੱਲ੍ਹੇ ਹਨ।  
         ਮੁੱਖ ਮੰਤਰੀ ਨੇ ਕਿਹਾ ਕਿ ਨਵੰਬਰ ਮਹੀਨਾ ਪੰਜਾਬ ਵਾਸੀਆਂ ਲਈ ਇਤਿਹਾਸਕ ਮਹੀਨਾ ਹੋਵੇਗਾ ਕਿਉਂਕਿ ਇਸ ਮਹੀਨੇ ਖਾਲਸਾ ਵਿਰਾਸਤੀ ਕੰਪਲੈਕਸ, ਚੱਪੜਚਿੜੀ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ, ਵੱਡੇ ਘੱਲੂਘਾਰੇ ਅਤੇ ਛੋਟੇ ਘੱਲੂਘਾਰੇ ਦੀਆਂ ਯਾਦਗਾਰਾਂ ਕੌਮ ਨੂੰ ਸਮਰਪਿਤ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਯਾਦਗਾਰਾਂ ਦਾ ਮੰਤਵ ਸਾਡੇ ਸੂਰਬੀਰ ਯੋਧਿਆਂ ਵੱਲੋਂ ਕੌਮ ਦੀ ਰਾਖੀ ਲਈ ਦਿੱਤੇ ਬਲੀਦਾਨ ਬਾਰੇ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਜਾਣੂੰ ਕਰਵਾਉਣਾ ਹੈ ਤਾਂ ਜੋ ਉਹ ਆਪਣੇ ਮਹਾਨ ਵਿਰਸੇ ਨੂੰ ਹਮੇਸ਼ਾ ਆਪਣੀਆਂ ਯਾਦਾਂ ਵਿੱਚ ਸਮੋਈ ਰੱਖਣ।
         ਕੇਂਦਰ ਸਰਕਾਰ ਦੇ ਪੰਜਾਬ ਵਿਰੋਧੀ ਰਵੱਈਏ ਦੀ ਸਖ਼ਤ ਅਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਹਮੇਸ਼ਾ ਹੀ ਕੇਂਦਰ ਦੀਆਂ ਪੱਖਪਾਤੀ ਦਾ ਨੀਤੀਆਂ ਦਾ ਖਮਿਆਜ਼ਾ  ਭੁਗਤਣਾ ਪਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਗਰਾਂਟਾਂ ਦੇਣ ਮੌਕੇ ਅਜਿਹੀਆਂ ਸਕੀਮਾਂ ਜਾਂ ਫਾਰਮੂਲੇ ਘੜੇ ਜਾਂਦੇ ਹਨ ਜਿਸ ਨਾਲ ਪੰਜਾਬ ਗਰਾਂਟਾਂ ਲੈਣ ਖੁਣੋਂ ਵਿਰਵਾ ਰਹਿ ਜਾਂਦਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਕੇਂਦਰ, ਰਾਜਾਂ ਨੂੰ ਗਰਾਂਟਾਂ ਦੇ ਕੇ ਕੋਈ ਅਹਿਸਾਨ ਨਹੀਂ ਕਰਦਾ ਸਗੋਂ ਰਾਜਾਂ ‘ਚੋਂ ਉਗਰਾਹੇ ਜਾਂਦੇ ਟੈਕਸਾਂ ਦਾ ਹਿੱਸਾ ਹੀ ਵਾਪਸ ਮੋੜਿਆ ਜਾਂਦਾ ਹੈ ਜਿਸ ਲਈ ਰਾਜ ਪੂਰੀ ਤਰ੍ਹਾਂ ਹੱਕਦਾਰ ਹਨ। ਸ. ਬਾਦਲ ਨੇ ਕਿਹਾ ਕਿ ਕੇਂਦਰ ਦੀਆਂ ਨਾਕਾਮੀਆਂ ਕਾਰਨ ਦੇਸ਼ ਵਿੱਚ ਅੱਜ ਭ੍ਰਿਸ਼ਟਾਚਾਰ ਅਤੇ ਮਹਿੰਗਾਈ ਸਭ ਹੱਦਾਂ ਬੰਨ੍ਹੇ ਟੱਪ ਚੁੱਕੀ ਹੈ ਜਿਸ ਨਾਲ ਆਮ ਵਿਅਕਤੀ ਦਾ ਜਿਉਣਾ ਦੁੱਭਰ ਹੋਇਆ ਪਿਆ ਹੈ। ਇਸੇ ਤਰ੍ਹਾਂ ਅੰਦਰੂਨੀ ਸੁਰੱਖਿਆ ਵੀ ਗੰਭੀਰ ਮੁੱਦਾ ਬਣਿਆ ਹੋਇਆ ਹੈ ਜਿਸ ਨਾਲ ਦੇਸ਼ ਦਾ ਕੋਈ ਵੀ ਨਾਗਰਿਕ ਖੁਦ ਨੂੰ ਮਹਿਫੂਜ਼ ਨਹੀਂ ਸਮਝਦਾ।
         ਇਸ ਮੌਕੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਕਾਂਗਰਸੀ ਆਗੂਆਂ ਨੇ ਆਪਣੀ ਹੀ ਪਾਰਟੀ ਨਾਲ ਸਬੰਧ ਰੱਖਦੇ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦਾ ਵਿਰੋਧਤਾ ਕਰਕੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਆਪਣੀ ਹਾਰ ਕਬੂਲ ਲਈ ਹੈ ਕਿਉਂਕਿ ਕਾਂਗਰਸੀਆਂ ਕੋਲ ਕੋਈ ਮੁੱਦਾ ਨਾ ਹੋਣ ਕਰਕੇ ਉਹ ਚੋਣ ਮੈਦਾਨ ਵਿੱਚ ਜਾਣ ਤੋਂ ਵੀ ਬੁਰੀ ਤਰ੍ਹਾਂ ਬੁਖਲਾਏ ਹੋਏ ਹਨ।
         ਇਸ ਮੌਕੇ ਸੰਸਦ ਮੈਂਬਰ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਸਿੰਕਦਰ ਸਿੰਘ ਮਲੂਕਾ, ਪ੍ਰਮੁੱਖ ਸੰਸਦੀ ਸਕੱਤਰ ਸ੍ਰੀ ਜਗਦੀਪ ਸਿੰਘ ਨਕੱਈ, ਸ੍ਰੀ ਅਮਰਜੀਤ ਸਿੰਘ ਸਿੱਧੂ, ਹਲਕਾ ਇੰਚਾਰਜ ਸ੍ਰੀ ਸਰੂਪ ਚੰਦ ਸਿੰਗਲਾ, ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ, ਜ਼ਿਲ੍ਹਾ ਪੁਲਿਸ ਮੁਖੀ ਡਾ ਸੁਖਚੈਨ ਸਿੰਘ ਗਿੱਲ, ਜ਼ਿਲ੍ਹਾ ਸਿਹਤ ਅਡਵਾਈਜ਼ਰੀ ਕਮੇਟੀ ਦੇ ਮੈਂਬਰ ਡਾ. ਓਮ ਪ੍ਰਕਾਸ਼ ਸ਼ਰਮਾ ਤੇ ਹੋਰ ਆਗੂ ਹਾਜ਼ਰ ਸਨ। 

Translate »