October 30, 2011 admin

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼-ਪੁਰਬ ਮਨਾਉਣ ਲਈ ਜਥਾ 5 ਦੀ ਬਜਾਏ 8 ਨਵੰਬਰ ਨੂੰ ਰਵਾਨਾ ਹੋਵੇਗਾ- ਦਲਮੇਘ ਸਿੰਘ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 542ਵਾਂ ਪ੍ਰਕਾਸ਼-ਪੁਰਬ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਮਨਾਉਣ ਲਈ, ਜਾਣ ਵਾਲਾ ਜਥਾ 5 ਨਵੰਬਰ ਦੀ ਬਜਾਏ ਭਾਰਤ ਸਰਕਾਰ ਵੱਲੋਂ ਪੁੱਜੇ ਨਵੇਂ ਪ੍ਰੋਗਰਾਮ ਅਨੁਸਾਰ 8 ਨਵੰਬਰ ਨੂੰ ਸਵੇਰੇ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਖੱਟੜਾ ਨੇ ਇੱਥੋਂ ਜਾਰੀ ਇੱਕ ਪ੍ਰੈਸ ਰਲੀਜ਼ ‘ਚ ਦਿੱਤੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਰਾਹੀਂ ਭਾਰਤ ਸਰਕਾਰ ਵੱਲੋਂ ਇਸ ਦਫ਼ਤਰ ਨੂੰ ਪੁੱਜੇ ਪ੍ਰੋਗਰਾਮ ਅਨੁਸਾਰ ਜਥਾ 8 ਨਵੰਬਰ ਨੂੰ ਅੰਮ੍ਰਿਤਸਰ ਤੋਂ ਚੱਲ ਕੇ ਰਾਤ ਸ੍ਰੀ ਨਨਕਾਣਾ ਸਾਹਿਬ ਵਿਖੇ ਪੁੱਜੇਗਾ ਅਤੇ ਇਸੇ ਰਾਤ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ੍ਰੀ ਅਖੰਡਪਾਠ ਸਾਹਿਬ ਆਰੰਭ ਕੀਤਾ ਜਾਵੇਗਾ। 9 ਨਵੰਬਰ ਨੂੰ ਜਥਾ ਗੁਰਦੁਆਰਾ ਸੱਚਾ-ਸੌਦਾ (ਮੰਡੀ ਚੂਹੜਕਾਨਾ) ਦੇ ਦਰਸ਼ਨ ਲਈ ਜਾਵੇਗਾ। 10 ਨਵੰਬਰ ਨੂੰ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਉਣ ਉਪਰੰਤ 11 ਨਵੰਬਰ ਨੂੰ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ। 12 ਤੇ 13 ਨਵੰਬਰ ਨੂੰ ਗੁਰਦੁਆਰਾ ਪੰਜਾ ਸਾਹਿਬ ਦੇ ਦਰਸ਼ਨ-ਦੀਦਾਰ ਕਰਨ ਉਪਰੰਤ 13 ਨਵੰਬਰ ਦੀ ਰਾਤ ਨੂੰ ਜਥਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਲਈ ਰਵਾਨਾ ਹੋਵੇਗਾ। ਲਾਹੌਰ ਵਿਖੇ ਠਹਿਰਣ ਦੇ ਦੌਰਾਨ 15 ਨਵੰਬਰ ਨੂੰ ਜਥਾ ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਦਰਸ਼ਨ ਕਰੇਗਾ ਅਤੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ 16 ਨਵੰਬਰ ਨੂੰ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ 17 ਨਵੰਬਰ ਨੂੰ ਮੁੜ ਰੇਲ ਗੱਡੀਆਂ ਰਾਹੀਂ ਵਾਪਸ ਭਾਰਤ ਪਰਤੇਗਾ।

Translate »