ਫਤਹਿਗੜ੍ਹ ਸਾਹਿਬ – ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਯਸ਼ਵੀਰ ਮਹਾਜਨ ਨੇ ਫੌਜਦਾਰੀ ਜਾਬਤਾ ਸੰਘਤਾ 1973(1974 ਦਾ ਐਕਟ 4 ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਪੈਂਦੇ ਬੋਰਵੈਲਾਂ, ਟਿਊਬਵੈਲਾਂ ਦੀ ਉਸਾਰੀ, ਮੁਰੰਮਤ ਕਰਨ ਸਮੇਂ ਇਹ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਕੁਲੈਕਟਰ, ਜ਼ਿਲ੍ਹਾ ਮੈਜਿਸਟਰੇਟ, ਸਰਪੰਚ, ਗਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕੀਤਾ ਜਾਵੇ। ਡਰਿਲਿੰਗ ਏਜੰਸੀਆਂ ਦਾ ਰਜਿਸਟਰ ਹੋਣਾ ਜ਼ਰੂਰੀ ਹੈ, ਉਸਾਰੀ ਵਾਲੀ ਥਾਂ ਡਰਿਲਿੰਗ ਏਜੰਸੀ, ਖੁਦਾਏ ਜਾਣ ਵਾਲੇ ਖੂਹ ਦੇ ਮਾਲਕ ਦਾ ਪੂਰੇ ਪਤੇ ਦਾ ਸਾਈਨ ਬੋਰਡ ਲਗਾਇਆ ਜਾਵੇ, ਬੋਰਵੈਲ ਦੇ ਆਲੇ ਦੁਆਲੇ ਕੰਡਿਆਲੀ ਤਾਰ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨਟ ਬੋਲਟ ਬੰਦ ਕਰਕੇ ਕਵਰ ਕਰਕੇ ਰੱਖਿਆ ਜਾਵੇ,ਖੂਹ/ਬੋਰਵੈਲ ਦੇ ਆਲੇ ਦੁਆਲੇ ਸੀਮਿੰਟ/ਕੰਕਰੀਟ ਦਾ ਪਲੇਟ ਫਾਰਮ ਜੋ ਜਮੀਨੀ ਸਤਾਹ ਤੋਂ 0.50/0.50 * 0.60 ਮੀਟਰ (0.30 ਮੀਟਰ ਜਮੀਨੀ ਸਤਾਹ ਤੋਂ ਉਪਰ ਅਤੇ 0.30 ਮੀਟਰ ਜਮੀਨੀ ਸਤਾਹ ਤੋਂ ਹੇਠਾਂ) ਖੂਹ ਦੇ ਆਲੇ ਦੁਆਲੇ ਉਸਾਰੀ ਕੀਤੀ ਜਾਣੀ ਲਾਜਮੀ ਹੈ। ਉਸਾਰੀ ਉਪਰੰਤ ਖਾਲੀ ਥਾਂ ਨੂੰ ਮਿੱਟੀ ਨਾਲ, ਖਾਲੀ ਪਏ ਬੋਰਵੈਲ ਖੂਹ ਨੂੰ ਮਿੱਟੀ ਜਾਂ ਰੇਤ ਨਾਲ ਉੱਪਰ ਤੱਕ ਭਰਿਆ ਜਾਵੇ ਅਤੇ ਕੰਮ ਮੁਕੰਮਲ ਹੋਣ ਉਪਰੰਤ ਜਮੀਨੀ ਸਤਹ ਨੂੰ ਪਹਿਲਾਂ ਦੀ ਤਰ੍ਹਾਂ ਕੀਤਾ ਜਾਵੇ। ਪੇਂਡੂ ਇਲਾਕੇ ਵਿੱਚ ਸਰਪੰਚ, ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਇਲਾਕੇ ਵਿੱਚ ਜੂਨੀਅਰ ਇੰਜਨੀਅਰ, ਕਾਰਜਕਾਰੀ ਅਧਿਕਾਰੀ, ਜਨ ਸਿਹਤ ਵਿਭਾਗ ਅਤੇ ਨਗਰ ਕੌਂਸਲ ਵੱਲੋਂ ਹਰ ਮਹੀਨੇ ਰਿਪੋਰਟ ਤਿਆਰ ਕੀਤੀ ਜਾਵੇਗੀ ਕਿ ਉਨ੍ਹਾਂ ਦੇ ਏਰੀਏ ਵਿੱਚ ਕਿੰਨੇ ਬੋਰਵੈਲ ਜਾਂ ਖੂਹ ਨਵੇਂ ਖੁਦਵਾਏ ਗਏ ਹਨ, ਕਿੰਨਿਆਂ ਦੀ ਮੁਰੰਮਤ ਕਰਵਾਈ ਗਈ ਹੈ, ਕਿੰਨੇ ਵਰਤੋਂ ਵਿੱਚ ਹਨ, ਕਿੰਨੇ ਬਿਨਾਂ ਵਰਤੋਂ ਖਾਲੀ ਹਨ ਅਤੇ ਕਿੰਨੇ ਭਰਵਾਏ ਗਏ ਹਨ। ਉਨ੍ਹਾਂ ਵੱਲੋਂ ਇਹ ਰਿਪੋਰਟ ਹਰ ਮਹੀਨੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਫਤਹਿਗੜ੍ਹ ਸਾਹਿਬ ਨੂੰ ਭੇਜੀ ਜਾਵੇਗੀ ਅਤੇ ਉਨ੍ਹਾਂ ਵੱਲੋਂ ਮੁਕੰਮਲ ਰਿਕਾਰਡ ਦੀ ਸਾਂਭ ਸੰਭਾਲ ਕੀਤੀ ਜਾਵੇਗੀ। ਇਹ ਹੁਕਮ ਜ਼ਿਲ੍ਹੇ ਵਿੱਚ 30 ਦਸੰਬਰ, 2011 ਤੱਕ ਲਾਗੂ ਰਹਿਣਗੇ।