* ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਗਰੂਕਤਾ ਕੈਂਪ ਲਗਾਇਆ
ਪਟਿਆਲਾ – ” ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਲੋਕਾਂ ਦੇ ਰੋਜ਼ਾਨਾ ਦੇ ਕੰਮਾਂ ਨੂੰ ਨਿਸ਼ਚਿਤ ਸਮੇਂ ਦੇ ਅੰਦਰ-ਅੰਦਰ ਪੂਰਾ ਕਰਨ ਲਈ ‘ ਸੇਵਾ ਦਾ ਅਧਿਕਾਰ ਐਕਟ ‘ ਲਾਗੂ ਕਰਨ ਅਤੇ ਪੁਲਿਸ ਵਿਭਾਗ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਸਾਂਝ ਕੇਂਦਰਾਂ ਵਿੱਚ ਇਕੋ ਛੱਤ ਹੇਠਾਂ ਬਿਲਕੁੱਲ ਮੁਫਤ ਮੁਹੱਈਆ ਕਰਵਾਉਣ ਜਿਹੀਆਂ ਵੱਡੀਆਂ ਸਹੂਲਤਾਂ ਪ੍ਰਦਾਨ ਕਰਨ ਨਾਲ ਪੰਜਾਬ ਦੇ ਇਤਿਹਾਸ ਵਿੱਚ ਇੱਕ ਨਵਾਂ ਇਨਕਲਾਬ ਆ ਗਿਆ ਹੈ ਅਤੇ ਇਹ ਕਾਨੂੰਨ ਪੰਜਾਬ ਦੇ ਲੋਕਾਂ ਲਈ ਵਰਦਾਨ ਸਾਬਿਤ ਹੋਵੇਗਾ ।” ਇਹ ਜਾਣਕਾਰੀ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਸ੍ਰ: ਸੁਰਜੀਤ ਸਿੰਘ ਰੱਖੜਾ ਨੇ ਪਿੰਡ ਰੱਖੜਾ ਵਿਖੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਪੇਂਡੂ ਲੋਕਾਂ ਤੱਕ ਪਹੁੰਚਾਉਣ ਲਈ ਲਗਾਏ ਗਏ ਲੋਕ ਜਾਗਰੂਕਤਾ ਕੈਂਪ ਵਿੱਚ ਜੁੜੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਤੀ। ਸ੍ਰ: ਰੱਖੜਾ ਨੇ ਕਿਹਾ ਕਿ ਸਰਕਾਰ ਨੇ ਵਿਭਾਗੀ ਕਾਰਜ ਪ੍ਰਣਾਲੀ ਵਿੱਚ ਹੋਰ ਸੁਧਾਰ ਕਰਕੇ ਪਾਰਦਰਸ਼ਤਾ ਲਿਆਉਣ ਲਈ ਵੱਖ-ਵੱਖ ਕੰਮਾਂ ਨੂੰ ਮੁਕੰਮਲ ਕਰਨ ਦਾ ਸਮਾਂ ਨਿਰਧਾਰਤ ਕਰ ਦਿੱਤਾ ਹੈ ਜਿਸ ਕਾਰਨ ਸਰਕਾਰੀ ਅਧਿਕਾਰੀ ਮਿੱਥੇ ਸਮੇਂ ਅੰਦਰ ਕੰਮ ਨੂੰ ਨੇਪਰੇ ਚੜਾਉਣ ਲਈ ਪਾਬੰਦ ਹੋਣਗੇ।
ਸ੍ਰ: ਰੱਖੜਾ ਨੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਸਕੀਮਾਂ ਅਤੇ ਹੋਰ ਕੰਮਾਂ ਬਾਰੇ ਜਾਣਕਾਰੀ ਦੇਣ ਲਈ ਇਹ ਜਾਗਰੂਕਤਾ ਕੈਂਪ ਲਗਾਇਆ ਗਿਆ ਹੈ ਜਿਸ ਵਿੱਚ ਲਗਭਗ ਦੋ ਦਰਜਨ ਵਿਭਾਗਾਂ ਵੱਲੋਂ ਲੋਕਾਂ ਨੂੰ ਭਲਾਈ ਸਕੀਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਜਿਥੇ ਲੋਕਾਂ ਦੀ ਸਰਕਾਰੀ ਵਿਭਾਗਾਂ ਵਿੱਚ ਖੱਜਲ ਖੁਆਰੀ ਨੂੰ ਰੋਕਣ ਵਿੱਚ ਸਾਰਥਕ ਸਾਬਤ ਹੁੰਦੇ ਹਨ ਉਥੇ ਹੀ ਲੋਕਾਂ ਨੂੰ ਘਰ ਬੈਠਿਆਂ ਹੀ ਕਈ ਕਿਸਮ ਦੀਆਂ ਸੁਵਿਧਾਵਾਂ ਪ੍ਰਾਪਤ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਸਰਕਾਰ ਦੀਆਂ ਅਜਿਹੀਆਂ ਕਈ ਸਕੀਮਾਂ ਹਨ ਜਿਹੜੀਆਂ 50 ਫੀਸਦੀ ਤੋਂ ਵੀ ਵੱਧ ਸਬਸਿਡੀ ਦੇ ਕੇ ਬੇਰੁਜ਼ਗਾਰਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਸਮਰੱਥ ਬਣਾ ਰਹੀਆਂ ਹਨ ।
ਕੈਂਪ ਵਿੱਚ ਬਤੌਰ ਮੁੱਖ ਮਹਿਮਾਨ ਪੁੱਜੇ ਡਿਪਟੀ ਕਮਿਸ਼ਨਰ ਸ਼੍ਰੀ ਵਿਕਾਸ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਲਈ ਸਾਰੇ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਇਹ ਕੈਂਪ ਲਗਾਇਆ ਗਿਆ ਹੈ, ਜੋ ਆਪਣੇ ਉਦੇਸ਼ ਵਿੱਚ ਸਫਲ ਸਾਬਤ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀਆਂ ਦੁੱਖ ਤਕਲੀਫਾਂ ਨੂੰ ਦੂਰ ਕਰਦਿਆਂ ਲੋਕ ਸੇਵਾ ਦੇ ਮੰਤਵ ਨੂੰ ਪੂਰਾ ਕੀਤਾ ਜਾ ਰਿਹਾ ਹੈ। ਸ਼੍ਰੀ ਗਰਗ ਨੇ ਇਹ ਵੀ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਰੱਖਣ ਵਾਲੇ ਵਿਭਾਗਾਂ ਅਤੇ ਲੋਕਾਂ ਵਿਚਾਲੇ ਸੁਖਾਵੇਂ ਸਬੰਧ ਬਣਾਉਣ ਲਈ ਅਜਿਹੇ ਕੈਂਪ ਜ਼ਿਲ੍ਹੇ ਵਿੱਚ ਨਿਯਮਤ ਤੌਰ ‘ਤੇ ਲਗਾਏ ਜਾਣਗੇ। ਕੈਂਪ ਦੌਰਾਨ ਸ. ਰੱਖੜਾ ਤੇ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਸਟਾਲਾਂ ਦਾ ਜਾਇਜ਼ਾ ਲਿਆ ਗਿਆ । ਇਸ ਮੌਕੇ ਗਰਾਮ ਪੰਚਾਇਤ ਪਿੰਡ ਰੱਖੜਾ ਵੱਲੋਂ ਕੈਂਪ ਵਿੱਚ ਸ਼ਾਮਲ ਪ੍ਰਮੁੱਖ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ ।
ਕੈਂਪ ਦੌਰਾਨ ਸਿਹਤ ਵਿਭਾਗ ਵੱਲੋਂ ਇੱਕ ਖੂਨਦਾਨ ਕੈਂਪ ਵੀ ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਖੂਨਦਾਨ ਕੀਤਾ। ਇਸ ਮੌਕੇ ਪਨਗ੍ਰੇਨ ਪੰਜਾਬ ਦੇ ਚੇਅਰਮੈਨ ਸ੍ਰ: ਰਣਧੀਰ ਸਿੰਘ ਰੱਖੜਾ, ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਉਪ-ਚੇਅਰਮੈਨ ਸ੍ਰ: ਜਸਪਾਲ ਸਿੰਘ ਕਲਿਆਣ, ਪ੍ਰਵਾਸੀ ਭਾਰਤੀ ਸ੍ਰ: ਦਰਸ਼ਨ ਸਿੰਘ ਧਾਲੀਵਾਲ, ਸ੍ਰ: ਚਰਨਜੀਤ ਸਿੰਘ ਧਾਲੀਵਾਲ, ਬਾਬਾ ਭੁਪਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਐਨ.ਆਰ.ਆਈ. ਯੂਥ ਵਿੰਗ ਦੇ ਪ੍ਰਧਾਨ ਸ੍ਰ: ਕਰਮਜੀਤ ਸਿੰਘ ਰੱਖੜਾ, ਪਟਿਆਲਾ ਫਾਉਂਡੇਸ਼ਨ ਦੇ ਜਨਰਲ ਸਕੱਤਰ ਸ਼੍ਰੀ ਰਵੀ ਆਹਲੂਵਾਲੀਆ, ਮੁੱਖ ਖੇਤੀਬਾੜੀ ਅਫਸਰ ਡਾ: ਰਾਜਿੰਦਰ ਸਿੰਘ ਸੋਹੀ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ਼੍ਰੀ ਅਸ਼ੋਕ ਰੌਣੀ, ਜ਼ਿਲ੍ਹਾ ਮੱਛੀ ਪ੍ਰਸਾਰ ਅਫਸਰ ਸ੍ਰ: ਕੇਸਰ ਸਿੰਘ ਖੇੜੀ, ਸ੍ਰ: ਪ੍ਰਭੂਦਵਿੰਦਰ ਸਿੰਘ ਬਾਜਵਾ, ਸ੍ਰ: ਜਸਵਿੰਦਰ ਸਿੰਘ ਚੀਮਾ, ਸ਼੍ਰੀ ਸੁਖਜੀਤ ਸਿੰਘ ਬਘੌਰਾ, ਖੇਤੀ ਵਿਕਾਸ ਅਫਸਰ ਡਾ: ਏ.ਐਸ. ਮਾਨ, ਡਾ: ਨਿਰਵੰਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ, ਸਕੂਲੀ ਵਿਦਿਆਰਥੀ, ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਵੀ ਹਾਜਰ ਸਨ। ਇਸ ਮੇਕੇ ਸੇਵਾ ਦਾ ਅਧਿਕਾਰ ਕਾਨੂੰਨ ਬਾਰੇ ਪੰਜਾਬ ਸਰਕਾਰ ਵੱਲੋਂ ਛਾਪਿਆ ਕਿਤਾਬਚਾ ਵੀ ਲੋਕ ਸੰਪਰਕ ਵਿਭਾਗ ਵੱਲੋਂ ਵੰਡਿਆ ਗਿਆ ।