ਹੁਸ਼ਿਆਰਪੁਰ – ਪੰਜਾਬ ਸਰਕਾਰ ਵੱਲੋਂ ਵਣ ਨਿਗਮ ਅਧੀਨ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਤੌਰ ਤੇ ਪੱਕਾ ਕਰ ਦਿੱਤਾ ਗਿਆ ਹੈ ਅਤੇ ਅੱਜ ਪਹਿਲੇ ਪੜਾਅ ਅਧੀਨ ਪੰਜਾਬ ਦੇ 467 ਕੱਚੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ ਤੇ 466 ਹੋਰ ਮੁਲਾਜ਼ਮਾਂ ਨੂੰ ਪੱਕੇ ਕਰਨ ਉਪਰੰਤ ਆਉਂਦੇ ਦਿਨਾਂ ਵਿੱਚ ਨਿਯੁਕਤੀ ਪੱਤਰ ਵੰਡੇ ਜਾਣਗੇ। ਇਹ ਪ੍ਰਗਟਾਵਾ ਅੱਜ ਪੰਜਾਬ ਵਣ ਨਿਗਮ ਦੀਆਂ ਵੱਖ-ਵੱਖ ਐਸੋਸੀਏਸ਼ਨਾਂ ਵੱਲੋਂ ਕਮਿਉਨਿਟੀ ਹਾਲ ਮੁਕੇਰੀਆਂ ਵਿਖੇ ਰੱਖੇ ਗਏ ਧੰਨਵਾਦ ਅਤੇ ਸਨਮਾਨ ਸਮਾਰੋਹ ਦੌਰਾਨ ਪੰਜਾਬ ਦੇ ਜੰਗਲਾਤ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਅਰੁਨੇਸ਼ ਸ਼ਾਕਰ ਨੇ ਲੋਕਾਂ ਦੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰੀ ਸ਼ਾਕਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੇਸ਼ ਆਜ਼ਾਦ ਹੋਣ ਤੋਂ ਬਾਅਦ ਪਹਿਲੀ ਵਾਰ ਵਣ ਨਿਗਮ ਦਾ ਪੁਨਰ ਗਠਨ ਕੀਤਾ ਗਿਆ ਹੈ ਜਿਸ ਤਹਿਤ ਰਾਜ ਅੰਦਰ 48 ਸ਼੍ਰੇਣੀਆਂ ਅਧੀਨ 2369 ਨਵੀਆਂ ਆਸਾਮੀਆਂ ਦੀ ਰਚਨਾ ਕੀਤੀ ਗਈ ਹੈ ਅਤੇ ਵੱਖ-ਵੱਖ ਕੇਡਰਾਂ ਦਾ ਪੁਨਰ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਣ ਨਿਗਮ ਦੇ ਪੁਨਰਗਠਨ ਤਹਿਤ ਰਾਜ ਅੰਦਰ ਕੰਮ ਕਰਦੇ ਸਮੂਹ ਮੁਲਾਜ਼ਮਾਂ ਨੂੰ ਤਰੱਕੀਆਂ ਦੇ ਨਵੇਂ ਮੌਕੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੰਗਲਾਤ ਵਿਭਾਗ ਦਾ ਪੁਨਰਗਠਨ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵੱਲੋਂ 1966 ਵਿੱਚ ਸੂਬਾ ਵੰਡ ਦੌਰਾਨ ਕਰ ਦਿੱਤਾ ਗਿਆ ਸੀ ਪਰ ਪੰਜਾਬ ਸਰਕਾਰ ਵੱਲੋਂ ਵਣ ਨਿਗਮ ਦਾ ਪੁਨਰ ਗਠਨ ਹੁਣ ਕੀਤਾ ਗਿਆ ਹੈ ਜੋ ਪੰਜਾਬ ਸਰਕਾਰ ਦੀ ਇੱਕ ਬਹੁਤ ਵੱਡੀ ਇਤਿਹਾਸਕ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਣ ਵਿਭਾਗ ਅਧੀਨ ਕੰਮ ਕਰ ਰਹੇ ਬੇਲਦਾਰ, ਗਾਰਡ, ਡਰਾਈਵਰ ਅਤੇ ਦਿਹਾੜੀਦਾਰ ਕਾਮਿਆਂ ਨੂੰ ਰੈਗੂਲਰ ਕਰ ਦਿੱਤਾ ਗਿਆ ਹੈ।
ਇਸ ਮੌਕੇ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਕੁਮਾਰ ਨੇ ਬੋਲਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਵਣ ਵਿਭਾਗ ਅਧੀਨ ਪੱਕੇ ਕੀਤੇ ਗਏ ਮੁਲਾਜ਼ਮਾਂ ਦੇ ਫੈਸਲੇ ਦਾ ਸਵਾਗਤ ਕਰਦੀ ਹੈ ਅਤੇ ਇਹ ਪ੍ਰਕ੍ਰਿਆ ਹੋਰ ਵੀ ਵਿਭਾਗਾਂ ਵਿੱਚ ਜਾਰੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਹਮੇਸ਼ਾਂ ਮੁਲਾਜ਼ਮਾਂ ਦੀ ਹਿਤੈਸ਼ੀ ਰਹੀ ਹੈ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਉਪਰ ਪਹਿਲ ਦੇ ਆਧਾਰ ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਵਣ ਨਿਗਮ ਦਾ ਪੁਨਰਗਠਨ ਕਰਨਾ ਇੱਕ ਬਹੁਤ ਹੀ ਸ਼ਲਾਘਾਯੋਗ ਫੈਸਲਾ ਹੈ।
ਇਸ ਮੌਕੇ ਤੇ ਪੰਜਾਬ ਵਣ ਰੇਂਜ ਤੇ ਉਪ ਰੇਂਜਰ ਐਸੋਸੀਏਸ਼ਨ, ਪੰਜਾਬ ਫੋਰੈਸਟ ਸਰਵਿਸਜ਼ ਐਸੋਸੀਏਸ਼ਨ, ਪੰਜਾਬ ਨਾਨ ਗਜ਼ਟਿਡ ਫੋਰੈਸਟ ਯੂਨੀਅਨ, ਪੰਜਾਬ ਮਨਿਸਟਰੀਅਲ ਸਟਾਫ਼ ਯੂਨੀਅਨ, ਪੰਜਾਬ ਕਨਰਟਰੈਕਟ ਵਰਕਰ ਯੂਨੀਅਨ ਵੱਲੋਂ ਸ੍ਰੀ ਅਰੁਨੇਸ਼ ਸ਼ਾਕਰ ਅਤੇ ਅਸ਼ਵਨੀ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ ਅਤੇ ਅਕਾਲੀ-ਭਾਜਪਾ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਸਰਵਸ੍ਰੀ ਓਮੇਸ਼ ਸ਼ਾਕਰ, ਭਾਜਪਾ ਦੇ ਜਨਰਲ ਸਕੱਤਰ ਸ੍ਰੀ ਬੱਗਾ, ਆਰ ਐਸ ਸਹੋਤਾ ਵਣ ਮੰਡਲ ਅਫ਼ਸਰ ਦਸੂਹਾ, ਬਲਬੀਰ ਸਿੰਘ ਢਿੱਲੋਂ, ਰਣਧੀਰ ਸਿੰਘ, ਰਾਜ ਸਿੰਘ, ਕੁਲਰਾਜ ਸਿੰਘ, ਅੰਜਣ ਸਿੰਘ, ਵੈਲਬਿਟ ਸੈਮਸਨ, ਹਰਮੀਤ ਸਿੰਘ ਕੌਲਪੁਰ, ਜਨਕ ਸਿੰਘ, ਪਵਨ ਕੁਮਾਰ, ਆਦਿ ਸਮੇਤ ਪੰਜਾਬ ਭਰ ਤੋਂ ਆਏ ਵਣ ਵਿਭਾਗ ਦੇ ਮੁਲਾਜ਼ਮ ਅਤੇ ਹੋਰ ਪਤਵੰਤੇ ਹਾਜ਼ਰ ਸਨ।