*ਹੁਣ ਇਕ ਛੱਤ ਥੱਲੇ ਹੋਣਗੇ ਲੋਕਾਂ ਦੇ ਸਾਰੇ ਸਰਕਾਰੀ ਕੰਮ
ਫ਼ਿਰੋਜ਼ਪੁਰ – ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ 12 ਨਵੰਬਰ ਨੂੰ ਸਵੇਰੇ 9. 30 ਵਜੇਂ ਆਪਣੇ ਕਰ ਕਮਲਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪਹਿਲੇ ਫੇਜ਼ ਦਾ ਉਦਘਾਟਨ ਕਰਨਗੇ ਅਤੇ ਇਸ ਉਪਰੰਤ ਉਨ੍ਹਾਂ ਵੱਲੋਂ ਫ਼ਿਰੋਜ਼ਪੁਰ ਸ਼ਹਿਰ ਵਿਖੇ ਬਣੇ ਬਿਰਧ ਆਸ਼ਰਮ ਦਾ ਉਦਘਾਟਨ ਵੀ ਕੀਤਾ ਜਾਵੇਗਾ। ਇਹ ਜਾਣਕਾਰੀ ਸਿੰਚਾਈ ਮੰਤਰੀ ਸ. ਜਨਮੇਜਾ ਸਿੰਘ ਸੇਖੋਂ ਨੇ ਦਿੱਤੀ।
ਸਿੰਚਾਈ ਮੰਤਰੀ ਸ. ਜਨਮੇਜਾ ਸਿੰਘ ਸੇਖੋਂ ਨੇ ਦੱਸਿਆ ਕਿ ਫ਼ਿਰੋਜ਼ਪੁਰ ਵਾਸੀਆਂ ਦੀ ਇਹ ਵੱਡੇ ਮਾਣ ਤੇ ਖੁਸ਼ੀ ਦੀ ਗੱਲ ਹੈ ਕਿ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਫ਼ਿਰੋਜ਼ਪੁਰ ਵਾਸੀਆਂ ਦੀ ਦਹਾਕਿਆਂ ਪੁਰਾਣੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਮੰਗ ਨੂੰ ਅਮਲੀ ਜਾਮਾ ਪਹਿਨਾ ਕੇ ਇਸ ਦੇ ਪਹਿਲੇ ਪੜਾਅ ਨੂੰ ਮਹਿਜ਼ 18 ਮਹੀਨਿਆਂ ਵਿਚ ਮੁਕੰਮਲ ਕਰਵਾਇਆ ਹੈ ਅਤੇ ਦਸੰਬਰ ਤੱਕ ਐਸ.ਐਸ.ਪੀ. ਦਫਤਰ ਦਾ ਵਿੰਗ ਵੀ ਮੁਕੰਮਲ ਹੋ ਜਾਵੇਗਾ। ਇਸ ਪੂਰੇ ਪ੍ਰਾਜੈਕਟ ‘ਤੇ 57 ਕਰੋੜ ਰੁਪਏ ਖਰਚ ਆਉਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਨਣ ਨਾਲ ਸਾਰੇ ਸਰਕਾਰੀ ਦਫਤਰ ਇਕੋ ਛੱਤ ਥੱਲੇ ਹੋਣਗੇ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਸਰਕਾਰੀ ਕੰਮਾਂ ਲਈ ਹੁਣ ਪਹਿਲਾਂ ਵਾਂਗ ਵੱਖ-ਵੱਖ ਸਰਕਾਰੀ ਦਫਤਰਾਂ ਵਿਚ ਭਟਕਣਾ ਨਹੀਂ ਪਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਲੋਕਾਂ ਨੂੰ ਜ਼ਿਲ੍ਹਾ ਹੈਡਕੁਆਰਟਰ ‘ਤੇ ਆਪਣੇ ਸਰਕਾਰੀ ਕੰਮਾਂ ਲਈ ਕਈ ਕਿਲੋਮੀਟਰ ਪੈਂਡਾਂ ਤੈਅ ਕਰਕੇ ਇਕ ਤੋਂ ਦੂਜੇ ਦਫਤਰ ਜਾਣਾ ਪੈਂਦਾ ਸੀ, ਜਿਸ ਨਾਲ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਬਰਬਾਦੀ ਹੁੰਦੀ ਸੀ। ਉਨ੍ਹਾਂ ਫ਼ਿਰੋਜ਼ਪੁਰ ਵਾਸੀਆਂ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਸ ਵੱਡੇ ਉਪਰਾਲੇ ਲਈ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਐਸ.ਕੇ. ਰਾਜੂ, ਜ਼ਿਲ੍ਹਾ ਪੁਲੀਸ ਮੁਖੀ ਸ. ਸੁਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨ ਇੰਜੀ: ਡੀ.ਪੀ.ਐਸ. ਖਰਬੰਦਾ, ਜ਼ਿਲ੍ਹਾ ਬੱਚਤ ਅਫਸਰ ਸ. ਬਲਦੇਵ ਸਿੰਘ ਭੁੱਲਰ ਸਮੇਤ ਵੱਡੀ ਗਿਣਤੀ ਵਿਚ ਅਧਿਕਾਰੀ ਹਾਜ਼ਰ ਸਨ।