ਫਤਹਿਗੜ੍ਹ ਸਾਹਿਬ – ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਨੇੜੇ ਤੋਂ ਜਾਣੂ ਕਰਵਾਉਣ ਲਈ ਸਿਟੀਜਨ ਚਾਰਟਰ ਤਿਆਰ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਗੁਰਬਚਨ ਲਾਲ ਡਿਪਟੀ ਡਾਇਰੈਕਟਰ ਸਮਾਜਿਕ ਸੁਰੱਖਿਆ ਪੰਜਾਬ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਿਟੀਜਨ ਚਾਰਟਰ ਨੂੰ ਤਿਆਰ ਕਰਨ ਲਈ ਲਾਭਪਾਤਰਾਂ ਨਾਲ ਬੱਚਤ ਭਵਨ ਵਿਖੇ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਜਿਵੇਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਅਪੰਗਤਾ ਪੈਨਸ਼ਨ ਲਈ ਲਾਭਪਾਤਰਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਨੂੰ ਸਕੀਮਾਂ ਪ੍ਰਤੀ ਵਧੇਰੇ ਜਾਣਕਾਰੀ ਮਿਲ ਸਕੇ। ਇਸ ਲਈ ਜ਼ਿਲ੍ਹਾ ਪੱਧਰ ਤੇ ਮੀਟਿੰਗਾਂ ਕਰਕੇ ਸੁਝਾਅ ਲਏ ਜਾ ਰਹੇ ਹਨ। ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਸਿਟੀਜਨ ਚਾਰਟਰ ਵਿੱਚ ਇੱਕ ਸ਼ਿਕਾਇਤ ਸੈਲ ਬਣਾਇਆ ਜਾਵੇਗਾ। ਜਿਸ ਵਿੱਚ ਸਬੰਧਤ ਅਧਿਕਾਰੀਆਂ / ਕਰਮਚਾਰੀਆਂ ਦੇ ਨਾਮ ਅਤੇ ਟੈਲੀਫੋਨ ਨੰਬਰ ਦਿੱਤੇ ਜਾਣਗੇ ਤਾਂ ਜੋ ਸ਼ਿਕਾਇਤ ਕਰਤਾ ਆਪਣੀ ਸ਼ਿਕਾਇਤ ਸਬੰਧੀ ਪਹੁੰਚ ਕਰ ਸਕੇ। ਉਨ੍ਹਾਂ ਦੱਸਿਆ ਕਿ ਸਿਟੀਜਨ ਚਾਰਟਰ ਵਿੱਚ ਵੱਖ ਵੱਖ ਭਲਾਈ ਸਕੀਮਾਂ ਲਾਗੂ ਕਰਨ ਲਈ ਹਰੇਕ ਅਧਿਕਾਰੀ ਅਤੇ ਕਰਮਚਾਰੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਕਿ ਕਿਸ ਕੰਮ ਲਈ ਕਿਸ ਅਧਿਕਾਰੀ ਕੋਲ ਪਹੁੰਚ ਕੀਤੀ ਜਾਵੇ। ਇਸ ਮੌਕੇ ਕੁਝ ਮੈਬਰਾਂ ਨੇ ਸੁਝਾਅ ਦਿੱਤਾ ਕਿ ਪੈਨਸ਼ਨ ਦਾ ਫਾਰਮ ਹੋਰ ਸਰਲ ਬਣਾਇਆ ਜਾਵੇ ਤਾਂ ਜੋ ਲਾਭਪਾਤਰਾਂ ਨੂੰ ਫਾਰਮ ਭਰਨ ਵਿੱਚ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਕੁਝ ਮੈਬਰਾਂ ਨੇ ਪੈਨਸ਼ਨ ਲੈਣ ਸਮੇਂ ਬੈਕਾਂ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਜਾਣੂ ਕਰਵਾਇਆ। ਡਿਪਟੀ ਡਾਇਰੈਕਟਰ ਨੇ ਮੈਬਰਾਂ ਤੋਂ ਲਿਖਤੀ ਸੁਝਾਅ ਲੈ ਕੇ ਸਰਕਾਰ ਦੇ ਧਿਆਨ ਵਿੱਚ ਲਿਆਉਣ ਦਾ ਭਰੋਸਾ ਦਿਵਾਇਆ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰ: ਵਰਿੰਦਰ ਬੈਂਸ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਨੀਟਾ ਗੁਪਤਾ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੀਟਿੰਗ ਵਿੱਚ ਮੈਂਬਰ ਸ੍ਰੀ ਦਵਿੰਦਰ ਕੁਮਾਰ ਭੱਟ, ਸਮੂਹ ਸੀ.ਡੀ.ਪੀ.ਓਜ, ਬੀ.ਪੀ.ਈ.ਓਜ, ਹੋਰ ਅਧਿਕਾਰੀ ਕਰਮਚਾਰੀ ਅਤੇ ਮੈਂਬਰ ਸ਼ਾਮਲ ਹੋਏ।