ਹੁਸ਼ਿਆਰਪੁਰ – ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਪਿੰਡ ਬਸੀ ਹਸਤਖਾਂ ਵਿਖੇ ਇੱਕ ਚੈਕ ਵੰਡ ਸਮਾਰੋਹ ਵਿੱਚ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਕਿਸਾਨਾਂ ਨੂੰ ਸਿੰਚਾਈ ਸਹੂਲਤਾਂ ਦੇਣ ਲਈ 23 ਨਵੇਂ ਟਿਊਬਵੈਲ ਲਗਾਏ ਜਾ ਰਹੇ ਹਨ ਜਿਸ ਤੇ 10 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕੰਢੀ ਖੇਤਰ ਵਿੱਚ ਰਹਿੰਦੇ ਲੋਕਾਂ ਨੂੰ ਲਿੰਕ ਸੜਕਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਪਿੰਡਾਂ ਦੀਆਂ ਫਿਰਨੀਆਂ ਨੂੰ ਵੀ ਪੱਕਾ ਕਰਵਾਇਆ ਜਾ ਰਿਹਾ ਹੈ ਤਾਂ ਜੋ ਪਿੰਡ ਵਾਸੀਆਂ ਨੂੰ ਆਵਾਜਾਈ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਸ ਪਿੰਡ ਦੇ 19 ਗਰੀਬ ਪ੍ਰੀਵਾਰਾਂ ਨੂੰ ਪਖਾਨੇ ਬਣਾ ਕੇ ਦੇਣ ਲਈ 2. 85 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਮੌਕੇ ਤੇ ਉਨ੍ਹਾਂ ਨੇ ਪਿੰਡ ਦੀ ਫਿਰਨੀ ਨੂੰ ਪੱਕਾ ਕਰਨ ਲਈ 2 ਲੱਖ ਰੁਪਏ ਦਾ ਚੈਕ ਦਿੱਤਾ ।
ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ, ਸਰਕਲ ਪ੍ਰਧਾਨ ਸਤਨਾਮ ਸਿੰਘ, ਦਿਹਾਤੀ ਮੰਡਲ ਪ੍ਰਧਾਨ ਵਿਜੇ ਪਠਾਨੀਆ, ਬਾਬਾ ਰਾਮ ਮੂਰਤੀ, ਜਥੇਦਾਰ ਜਗਤਾਰ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬੈਂਸ, ਪਿੰਡ ਦਾ ਸਰਪੰਚ ਅਮਰਜੀਤ ਸਿੰਘ, ਪਾਲ ਸਿੰਘ, ਸੰਤੋਖ ਸਿੰਘ, ਨੰਬਰਦਾਰ ਬਲਵੰਤ ਸਿੰਘ, ਸੂਬੇਦਾਰ ਜੀਤ ਸਿੰਘ, ਪ੍ਰੀਤਮ ਸਿੰਘ, ਯਸ਼ਪਾਲ ਸ਼ਰਮਾ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।