November 13, 2011 admin

ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ

ਅੰਮ੍ਰਿਤਸਰ: – ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਪ੍ਰੈਸ ਰਲੀਜ਼ ਰਾਹੀਂ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਹਰਬੰਸ ਸਿੰਘ ਮੱਲ੍ਹੀ ਨੇ ਦੱਸਿਆ ਕਿ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਬਾਬਾ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
ਮਹਾਂਬਲੀ, ਕਥਨੀ-ਕਰਨੀ ਦੇ ਸੂਰੇ, ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੀ ਅਬਦਾਲੀ ਵੱਲੋਂ ਕੀਤੀ ਜਾ ਰਹੀ ਬੇਅਦਬੀ ਨੂੰ ਨਾ ਸਹਾਰਦਿਆਂ ਹੋਇਆਂ ਸ੍ਰੀ ਦਮਦਮਾ ਸਾਹਿਬ ਤੋਂ ਅਰਦਾਸਾ ਸੋਧ ਕੇ 500 ਸਿੰਘਾਂ ਦਾ ਜਥਾ ਲੈ ਕੇ ਸ੍ਰੀ ਅੰਮ੍ਰਿਤਸਰ ਵੱਲ ਚਾਲੇ ਪਾਏ ਤੇ ਜ਼ਾਲਮਾਂ ਦੇ ਆਹੂ ਲਾਹੁੰਦੇ ਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ‘ਚ ਪਹੁੰਚਣ ਦੀ ਕੀਤੀ ਅਰਦਾਸ ਨੂੰ ਪੁਗਾਉਂਦਿਆਂ ਹੋਇਆਂ ਸੀਸ ਤਲੀ ‘ਤੇ ਧਰ ਕੇ ਲੜਦਿਆਂ ਹੋਇਆਂ ਦੁਨੀਆਂ ਵਿੱਚ ਅਨੋਖੀ ਮਿਸਾਲ ਪੈਦਾ ਕੀਤੀ।
ਮਹਾਂਬਲੀ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ-ਦਿਹਾੜੇ ਮੌਕੇ ਸੰਗਤਾਂ ਦੇ ਸਹਿਯੋਗ ਨਾਲ 13 ਨਵੰਬਰ ਐਤਵਾਰ ਨੂੰ ਸਵੇਰੇ 8-30 ਵਜੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਦੇਰ ਰਾਤ ਤੀਕ ਗੁਰਮਤਿ ਸਮਾਗਮ ਚੱਲਣਗੇ ਜਿਸ ਵਿੱਚ ਪ੍ਰਸਿੱਧ ਕਥਾਵਾਚਕ, ਰਾਗੀ ਜਥੇ, ਢਾਡੀ, ਕਵੀਸ਼ਰ ਕਥਾ-ਵਿਖਿਆਨਾਂ ਇਲਾਹੀ ਬਾਣੀ ਦੇ ਕੀਰਤਨ ਤੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਧਾਰਮਿਕ ਅਤੇ ਪੰਥਕ ਸ਼ਖਸੀਅਤਾਂ ਵੀ ਸੰਗਤਾਂ ਦੇ ਸਨਮੁੱਖ ਹੋਣਗੀਆਂ। ਸੰਗਤਾਂ ਨੂੰ ਬੇਨਤੀ ਹੈ ਕਿ ਇਸ ਮਹਾਨ ਸ਼ਹੀਦੀ-ਦਿਹਾੜੇ ਮੌਕੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰੀਏ।

Translate »