ਲੁਧਿਆਣਾ, 14 ਨਵੰਬਰ – ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਨਤਕ ਰੈਲੀਆਂ ਵਿਚ ਵਰਤੀ ਜਾਂਦੀ ਭਾਸ਼ਾ ਸ਼ਰੀਫਾਂ ਦੀ ਬੋਲੀ ਨਹੀਂ ਅਤੇ ਪੰਜਾਬ ਦੇ ਸੂਝਵਾਨ ਵੋਟਰ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦਾ ਸਫਾਇਆ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਚੰਗਾ ਸਬਕ ਸਿਖਾ ਦੇਣਗੇ।
ਅੱਜ ਇੱਥੇ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਰਗੇ ਆਗੂਆਂ ਵੱਲੋਂ ਸਿਆਸੀ ਵਿਰੋਧੀਆਂ ਖਿਲਾਫ ਅਜਿਹੀ ਇਤਰਾਜ਼ਯੋਗ ਭਾਸ਼ਾ ਵਰਤਣੀ ਬੇਹੱਦ ਮੰਦਭਾਗੀ ਗੱਲ ਹੈ ਕਿਉਂ ਕਿ ਅਜਿਹੀ ਭਾਸ਼ਾ ਨਾਲ ਰਾਜ ਦੇ ਮਾਹੌਲ ਵਿਚ ਕੁੜੱਤਣ ਪੈਦਾ ਹੁੰਦੀ ਹੈ। ਸ. ਬਾਦਲ ਨੇ ਕਿਹਾ ਕਿ ਅਮਰਿੰਦਰ ਸਿੰਘ ਉਨ੍ਹਾਂ ਖਿਲਾਫ ਜੋ ਮਰਜ਼ੀ ਬੋਲੀ ਜਾਣ ਇਸ ਨਾਲ ਉਨ੍ਹਾਂ ਨੂੰ ਕੋਈ ਫਰਕ ਨਹੀਂ ਪੈਂਦਾ ਕਿਉਂ ਕਿ ਉਨ੍ਹਾਂ ਨੇ ਖੁਦ ਹਮੇਸ਼ਾ ਹੀ ਸਿਆਸੀ ਨੈਤਿਕਤਾ ਦੇ ਅਸੂਲ ‘ਤੇ ਪਹਿਰਾ ਦਿੱਤਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਦਾ ਸਤਿਕਾਰ ਕਰਦੇ ਹਨ ਅਤੇ ਉਹ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਨੀਵੇਂ ਪੱਧਰ ਦੀ ਭਾਸ਼ਾ ਦਾ ਇਸਤੇਮਾਲ ਕਰਨ ਵਿਚ ਵਿਸ਼ਵਾਸ ਨਹੀਂ ਰੱਖਦੇ।
ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਆਗਾਮੀ ਵਿਧਾਨ ਸਭਾ ਚੋਣਾਂ ਅਮਨ ਅਤੇ ਸ਼ਾਂਤੀਪੂਰਵਕ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧ ਵਿਚ ਲੋੜੀਂਦੇ ਕਦਮ ਉਠਾਏ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੋਣ ਕਮਿਸ਼ਨ ਨੂੰ ਵੀ ਬਣਦਾ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਸੂਬੇ ਦੇ ਵੋਟਰ ਆਜ਼ਾਦਾਨਾ ਢੰਗ ਨਾਲ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰ ਸਕਣ।
ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ‘ਤੇ ਹੱਲਾ ਬੋਲਦਿਆਂ ਸ. ਬਾਦਲ ਨੇ ਕਿਹਾ ਕਿ ਆਮ ਲੋਕਾਂ ਦੀ ਭਲਾਈ ਦਾ ਭਰੋਸਾ ਦੇ ਕੇ ਸੱਤਾ ਹਾਸਲ ਕਰਨ ਵਾਲੀ ਇਹ ਸਰਕਾਰ ਹਰ ਫੈਸਲਾ ਆਮ ਲੋਕਾਂ ਦੇ ਵਿਰੁੱਧ ਹੀ ਲੈਂਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇਲ ਕੰਪਨੀਆਂ ਨੂੰ ਮੁਨਾਫਾ ਦੇਣ ਲਈ ਥੋੜ੍ਹੇ ਦਿਨਾਂ ਬਾਅਦ ਹੀ ਤੇਲ ਕੀਮਤਾਂ ਵਿਚ ਨਾ-ਸਹਿਣਯੋਗ ਵਾਧਾ ਕਰ ਦਿੰਦੀ ਹੈ ਜਿਸ ਨਾਲ ਆਮ ਜਨਤਾ ਮਹਿੰਗਾਈ ਦੀ ਚੱਕੀ ‘ਚ ਪਿਸ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਕਾਂਗਰਸ ਪਾਰਟੀ ਆਮ ਲੋਕਾਂ ਦੀ ਖੈਰ-ਖਵਾਹ ਹੋਣ ਦਾ ਨਾਅਰਾ ਦਿੰਦੀ ਹੈ ਜਦਕਿ ਦੂਜੇ ਪਾਸੇ ਮਹਿੰਗਾਈ ਨੇ ਅੱਤ ਚੁੱਕੀ ਹੋਈ ਹੈ, ਜਿਸ ਨਾਲ ਆਮ ਆਦਮੀ ਦੋ ਵਕਤ ਦੀ ਰੋਟੀ ਤੋਂ ਵੀ ਵਾਂਝਾ ਹੋ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜੇਲ੍ਹ ਮੰਤਰੀ ਜੱਥੇਦਾਰ ਹੀਰਾ ਸਿੰਘ ਗਾਬੜੀਆ, ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ, ਡਿਪਟੀ ਕਮਿਸ਼ਨਰ ਰਾਹੁਲ ਤਿਵਾੜੀ, ਪੁਲਿਸ ਕਮਿਸ਼ਨਰ ਡਾ. ਐਸ.ਐਸ. ਚੌਹਾਨ, ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਸਮੇਤ ਇਸ਼ਮੀਤ ਸਿੰਘ ਦੇ ਪਰਿਵਾਰਕ ਮੈਂਬਰ ਅਤੇ ਹੋਰ ਸਨੇਹੀ ਹਾਜ਼ਰ ਸਨ।