November 17, 2011 admin

ਨਵੀਆਂ ਲਿੰਕ ਸੜਕਾਂ ਬਣਾਉਣ ਤੇ 5.75 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ

ਹੁਸ਼ਿਆਰਪੁਰ, 17 ਨਵੰਬਰ –  ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਪੇਂਡੂ ਖੇਤਰਾਂ ਵਿੱਚ ਨਵੀਆਂ ਲਿੰਕ ਸੜਕਾਂ ਬਣਾਉਣ ਅਤੇ ਪੁਰਾਣੀਆਂ ਸੜਕਾਂ ਦੀ ਮੁਰੰਮਤ ਤੇ ਇਸ ਸਾਲ 5.75 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸਥਾਨ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਪਿੰਡ ਅਨੰਦਗੜ੍ਹ ਵਿਖੇ ਬਸੀ ਹਸਤਖਾਂ ਤੋਂ ਮਹਿਲਾਂਵਾਲੀ ਸੜਕ ਨੂੰ 15.61 ਲੱਖ ਰੁਪਏ ਲਾਗਤ ਨਾਲ ਚੌੜਾ ਅਤੇ ਮਜ਼ਬੂਤ ਕਰਨ ਦੇ ਕੰਮ ਦਾ ਉਦਘਾਟਨ ਕਰਨ ਉਪਰੰਤ ਪਿੰਡ ਵਾਸੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਤੀ। ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਮਤੇਸ ਸਿੰਘ ਬੈਂਸ ਅਤੇ ਸਰਪੰਚ ਚੈਂਚਲ ਸਿੰਘ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।

 ਸ੍ਰੀ ਸੂਦ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦਾ ਬਿਨਾਂ ਭੇਦ-ਭਾਵ ਦੇ ਸਰਵਪੱਖੀ ਵਿਕਾਸ ਕਰਵਾ ਰਹੀ ਹੈ । ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਤੇ ਹੁਣ ਤੱਕ 500 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਜੰਗੀ ਪੱਧਰ ਤੇ ਕਰਵਾਏ ਜਾ ਰਹੇ ਹਨ। ਸ੍ਰੀ ਸੂਦ ਨੇ ਕਿਹਾ ਕਿ ਪਿੰਡਾਂ ਵਿੱਚ ਗਰੀਬ ਪ੍ਰੀਵਾਰਾਂ ਨੂੰ ਸਰਕਾਰ ਵੱਲੋਂ ਮੁਫ਼ਤ ਪਖਾਨੇ ਬਣਾ ਕੇ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਪਿੰਡ ਦੇ 40 ਗਰੀਬ ਪ੍ਰੀਵਾਰਾਂ ਨੂੰ 6 ਲੱਖ ਰੁਪਏ ਦੀ ਲਾਗਤ ਨਾਲ ਪਖਾਨੇ ਬਣਾ ਕੇ ਦਿੱਤੇ ਜਾ ਰਹੇ ਹਨ। ਇਸ ਮੌਕੇ ਤੇ ਉਨ੍ਹਾਂ ਨੇ ਪਿੰਡ ਦੀਆਂ ਗਲੀਆਂ-ਨਾਲੀਆਂ ਲਈ 1 ਲੱਖ ਰੁਪਏ ਦਾ ਚੈਕ ਵੀ ਦਿੱਤਾ।

 ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ, ਦਿਹਾਤੀ ਮੰਡਲ ਪ੍ਰਧਾਨ ਵਿਜੇ ਪਠਾਨੀਆ, ਸਕੱਤਰ ਭਾਜਪਾ ਗੁਰਦਿਆਲ ਸਿੰਘ, ਸਰਕਲ ਜਥੇ: ਸਤਨਾਮ ਸਿੰਘ ਅਤੇ ਪਿੰਡ ਦੇ ਸਰਪੰਚ ਚੈਂਚਲ ਸਿੰਘ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬੈਂਸ, ਐਸ ਐਚ ਓ ਸਦਰ, ਪਿੰਡ ਦੀ ਪੰਚ ਲਕਸ਼ਮੀ ਦੇਵੀ, ਮਹਿੰਦਰ ਸਿੰਘ, ਅਜਮੇਰ ਸਿੰਘ ਪਠਾਨੀਆ, ਯਸ਼ਪਾਲ ਸ਼ਰਮਾ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Translate »