ਅੰਮ੍ਰਿਤਸਰ, 29 ਨਵੰਬਰ: ਅੱਜ ਸਥਾਨਕ ਵਿਰਸਾ ਵਿਹਾਰ ਵਿਖੇ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ,ਜਿਸ ਵਿੱਚ ਡਾ. ਨਵਜੋਤ ਕੌਰ ਸਿੱਧੂ ਧਰਮ ਪਤਨੀ ਮੈਂਬਰ ਪਾਰਲੀਮੈਂਟ ਸ੍ਰ. ਨਵਜੋਤ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।
ਇਸ ਮੌਕੇ ਡਾ. ਸਿੱਧੂ ਨੇ ਜ਼ਿਲ੍ਹੇ ਦੀਆਂ ਵੱਖ- ਵੱਖ ਸਪੋਰਟਸ ਕਲੱਬਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਅਤੇ ਸੱਭਿਆਚਾਰਕ ਪ੍ਰੋਗਰਾਮ ਦਾ ਆਨੰਦ ਵੀ ਮਾਣਿਆ।
ਇਸ ਸੱਭਿਆਚਾਰਕ ਪ੍ਰੋਗਰਾਮ ਵਿੱਚ ਵੱਖ- ਵੱਖ ਯੂਥ ਕਲੱਬਾਂ ਦੇ ਵਲੰਟੀਅਰਾਂ ਵੱਲੋਂ ਗਿੱਧਾ, ਭੰਗੜਾ, ਲੋਕ-ਗੀਤ, ਸਕਿੱਟਾਂ, ਐਕਸ਼ਨ ਗੀਤ ਅਤੇ ਕੋਰੀਓਗ੍ਰਾਫੀ ਆਦਿ ਆਇਟਮਾਂ ਦੀ ਪੇਸ਼ਕਾਰੀ ਕੀਤੀ ਗਈ।
ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਵੀ ਕੀਤਾ ਗਿਆ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਸ੍ਰ. ਤਜਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਇਸ ਤੋਂ ਪਹਿਲਾ ਬਲਾਕ ਪੱਧਰ ‘ਤੇ ਵੀ ਇਸ ਤਰ੍ਹਾਂ ਦੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਗਏ ਹਨ।