December 1, 2011 admin

ਡਿਪਟੀ ਕਮਿਸ਼ਨਰ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਡੀਫੇਸਮੈਂਟ ਆਫ ਪ੍ਰਾਪਰਟੀ ਐਕਟ ਲਾਗੂ ਕਰਨ ਸਬੰਧੀ ਹਦਾਇਤਾਂ ਜਾਰੀ

ਫਤਹਿਗੜ੍ਹ ਸਾਹਿਬ: 1 ਦਸੰਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼੍ਰੀ ਯਸ਼ਵੀਰ ਮਹਾਜਨ ਨੇ ਜ਼ਿਲ੍ਹੇ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫਸਰਾਂ, ਜ਼ਿਲ੍ਹਾ ਪੁਲਿਸ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ‘ਪੰਜਾਬ ਡੀਫੇਸਮੈਂਟ ਆਫ ਪ੍ਰਾਪਰਟੀ ਐਕਟ’ ਨੂੰ ਜ਼ਿਲ੍ਹੇ ਵਿੱਚ ਪੂਰੀ ਤਰ੍ਹਾਂ ਲਾਗੂ ਕਰਨ ਲਈ ਸਖ਼ਤ ਕਦਮ ਚੁੱਕਣ। ਉਨ੍ਹਾਂ ਦੱਸਿਆ ਕਿ ਇਸ ਐਕਟ ਅਧੀਨ ਕਿਸੇ ਵੀ ਸਰਕਾਰੀ ਇਮਾਰਤ, ਜਾਇਦਾਦ ਅਤੇ ਪੋਲਾਂ ‘ਤੇ ਕਿਸੇ ਵੀ ਰਾਜਨੀਤਿਕ ਪਾਰਟੀ ਵੱਲੋਂ ਕਿਸੇ ਕਿਸਮ ਦੇ ਬੈਨਰ, ਬੋਰਡ ਅਤੇ ਝੰਡੀਆਂ ਲਗਾਉਣ ‘ਤੇ ਪੂਰੀ ਤਰ੍ਹਾਂ ਮਨਾਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕਿਸੇ ਵੀ ਵਿਭਾਗ ਦੀ ਇਮਾਰਤ ‘ਤੇ ਕਿਸੇ ਕਿਸਮ ਦੇ ਬੋਰਡ, ਬੈਨਰ ਅਤੇ ਝੰਡੀਆਂ ਲੱਗੀਆਂ ਹੋਣ ਤਾਂ ਉਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ। ਸ਼੍ਰੀ ਮਹਾਜਨ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜੇਕਰ ਕਿਸੇ ਵੀ ਇਮਾਰਤ ‘ਤੇ ਰਾਜਨੀਤਿਕ ਪਾਰਟੀਆਂ ਵੱਲੋਂ ਚੋਣਾਂ ਸਬੰਧੀ ਬੋਰਡ, ਬੈਨਰ ਅਤੇ ਝੰਡੀਆਂ ਆਦਿ ਲੱਗੀਆਂ ਪਾਈਆਂ ਗਈਆਂ ਤਾਂ ਉਸ ਲਈ ਸਬੰਧਤ ਵਿਭਾਗ ਦੇ ਮੁਖੀ ਜਿੰਮੇਵਾਰ ਹੋਣਗੇ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਜਾਣੂ ਕਰਵਾਇਆ ਕਿ ਕਿਸੇ ਪ੍ਰਾਈਵੇਟ ਇਮਾਰਤ ‘ਤੇ ਵੀ ਉਸ ਦੇ ਮਾਲਕ ਦੀ ਲਿਖਤੀ ਪ੍ਰਵਾਨਗੀ ਤੋਂ ਬਗੈਰ ਚੋਣਾਂ ਸਬੰਧੀ ਪੋਸਟਰ ਅਤੇ ਬੈਨਰ ਨਹੀਂ ਲਗਾਏ ਜਾ ਸਕਦੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Translate »