December 3, 2011 admin

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਪੰਜ ਦਸੰਬਰ ਨੂੰ ਹੋਣ ਵਾਲੇ ਸਮਾਗਮਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਅਹਿਮ ਵਿਚਾਰਾਂ

ਅੰਮ੍ਰਿਤਸਰ: ੦੩ ਦਸੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਪੰਜਾਬ ਤੇ ਸਰਪ੍ਰਸਤ ਸ਼੍ਰੋਮਣੀ ਅਕਾਲੀ ਦਲ ਮਾਨਯੋਗ ਸ. ਪਰਕਾਸ਼ ਸਿੰਘ ਜੀ ਬਾਦਲ ਨੂੰ ਫ਼ਖਰ-ਏ-ਕੌਮ ਪੰਥ ਰਤਨ ਐਵਾਰਡ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ: ਗੁਰਬਚਨ ਸਿੰਘ ਨਾਲ ੫ ਦਸੰਬਰ ਨੂੰ ਹੋਣ ਵਾਲੇ ਸਮਾਗਮਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਮਾਨਯੋਗ ਸ. ਪਰਕਾਸ਼ ਸਿੰਘ ਜੀ ਬਾਦਲ ਮੁੱਖ ਮੰਤਰੀ ਪੰਜਾਬ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ੮ਵੇਂ ਅਜੂਬੇ ਦੇ ਤੋਰ ਤੇ ਵਿਲੱਖਣ ਤਕਰੀਬਨ ੫੫੦ ਸਾਲਾ ਸਿੱਖ ਇਤਿਹਾਸ ਨੂੰ ਦਰਸਾਉਂਦਾ ਵਿਰਾਸਤ ਏ ਖ਼ਾਲਸਾ, ਤਕਰੀਬਨ ੧੧ ਹਜ਼ਾਰ ਦੀ ਤਾਦਾਦ ‘ਚ ਸਿੰਘ ਸਿੰਘਣੀਆਂ, ਬੱਚਿਆਂ ਦੀਆਂ ਸ਼ਹਾਦਤਾਂ ਨੂੰ ਦਰਸਾਉਂਦਾ ਛੋਟਾ ਘਲੂਘਾਰਾ ਸ਼ਹੀਦੀ ਯਾਦਗਾਰ ਕਾਹਨੂੰਵਾਨ ਛੰਬ ਗੁਰਦਾਸਪੁਰ, ਤਕਰੀਬਨ ੩੫ ਹਜ਼ਾਰ ਸਿੱਖ ਸ਼ਹਾਦਤਾਂ ਨੂੰ ਦਰਸਾਉਂਦਾ ਵੱਡਾ ਘਲੂਘਾਰਾ ਸ਼ਹੀਦੀ ਯਾਦਗਾਰ ਕੁਪਰੋਹੀੜਾ ਸੰਗਰੂਰ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲੈਣ ਵਾਲੇ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ ਦੀ ਸ਼ਹੀਦੀ ਯਾਦਗਾਰ ਚੱਪੜਚਿੜੀ ਦੇ ਮੈਦਾਨ ‘ਚ ਬਣਾ ਕੇ ਆਪਣੇ ਰਾਜਸੀ ਜੀਵਨ ਤੋਂ ਇਲਾਵਾ ਧਾਰਮਿਕ ਜ਼ਜ਼ਬੇ ਦਾ ਸਬੂਤ ਦਿੱਤਾ ਗਿਆ ਹੈ ਸੋ ਇਨ੍ਹਾਂ ਧਾਰਮਿਕ ਕਾਰਜਾਂ ਨੂੰ ਸਨਮੁਖ ਰੱਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਬਾਕੀ ਸਿੰਘ ਸਾਹਿਬਾਨ ਨਾਲ ਸਲਾਹ ਮਸ਼ਵਰੇ ਉਪਰੰਤ ੫ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਦੌਰਾਨ ਮਾਨਯੋਗ ਸ. ਪਰਕਾਸ਼ ਸਿੰਘ ਜੀ ਬਾਦਲ ਨੂੰ ਫਖਰ-ਏ-ਕੌਮ ਪੰਥ ਰਤਨ ਦਾ ਐਵਾਰਡ ਦੇਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਮੀਟਿੰਗ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਖੱਟੜਾ, ਐਡੀ. ਸਕੱਤਰ ਸ. ਮਨਜੀਤ ਸਿੰਘ, ਮੀਤ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਦਿਲਜੀਤ ਸਿੰਘ ਬੇਦੀ ਤੇ ਸ. ਰਣਜੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਹਰਬੰਸ ਸਿੰਘ ਮੱਲ੍ਹੀ ਤੇ ਸ. ਪ੍ਰਤਾਪ ਸਿੰਘ, ਮੀਤ ਮੈਨੇਜਰ ਸ. ਮੰਗਲ ਸਿੰਘ ਹਾਜ਼ਰ ਸਨ।
ਵਰਣਨਯੋਗ ਹੈ ਕਿ ੫ ਦਸੰਬਰ ਨੂੰ ਹੀ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ੧੫ ਮੈਂਬਰ ਨਾਮਜਦ ਕਰਨ ਸਬੰਧੀ ਚੋਣ ਕਮਿਸ਼ਨ ਦੀ ਨਿਗਰਾਨੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਦੁਪਹਿਰ ੧ ਵਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਮੈਂਬਰਾਂ ਨਾਲ ਨਾਮਜਦਗੀ ਮੀਟਿੰਗ ਕੀਤੀ ਜਾ ਰਹੀ ਹੈ ਦੀਆਂ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਗਈਆਂ ਹਨ।

Translate »