ਅੰਮ੍ਰਿਤਸਰ, 6 ਦਸੰਬਰ: ਅੱਜ ਸਥਾਨਕ ਨਗਰ ਨਿਗਮ ਦਫ਼ਤਰ ਵਿਖੇ ਸਮਾਜਿਕ ਸੁਰੱਖਿਆ ਵਿਭਾਗ ਪੰਜਾਬ ਵੱਲੋਂ ਨਸ਼ਿਆਂ ਦੀ ਬੁਰਾਈ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਨਾਟਕ ‘ਮਿੱਟੀ ਰੁਦਨ ਕਰੇ’ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਤੋਂ ਪਹਿਲਾਂ ਪੰਜਾਬ ਦੀਆਂ ਵੱਖ ਵੱਖ ਜੇਲਾਂ ਵਿੱਚ ਇਸ ਢੰਗ ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਗਏ ਹਨ।
ਮਿੱਟੀ ਰੁਦਨ ਕਰੇ ਨਾਟਕ ਵਿੱਚ ਨਸ਼ਿਆਂ ਦੀ ਬੁਰਾਈ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ, ਜਿਸ ਨੂੰ ਥੀਏਟਰ ਪਰਸਨ ਅੰਮ੍ਰਿਤਸਰ ਵੱਲੋਂ ਪੇਸ਼ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਪ੍ਰੋ: ਚਾਵਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਬੜੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਸਾਡੀ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਇਸ ਭਿਆਨਕ ਬੁਰਾਈ ਤੋਂ ਬਚਾਇਆ ਜਾ ਸਕੇ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਸ੍ਰੀ ਡੀ:ਪੀ:ਗੁਪਤਾ, ਸ੍ਰੀ ਪੀ:ਕੇ:ਕੁੰਦਰਾ, ਡਾ: ਰਾਜੇਸ਼ ਕੁਮਾਰ, ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰ ਨਰਿੰਦਰਜੀਤ ਸਿੰਘ ਪਨੂੰ ਅਤੇ ਨਿਗਮ ਦੇ ਕੌਂਸਲਰ ਵੀ ਹਾਜਰ ਸਨ।