December 7, 2011 admin

ਸ਼ਹੀਦੀ ਜੋੜ ਮੇਲ ਤੇ ਪੰਜਾਬ ਦੀ ਪ੍ਰਗਤੀ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ ਜਾਵੇਗੀ-ਡੀ.ਸੀ.

ਫਤਹਿਗੜ੍ਹ ਸਾਹਿਬ 7 ਦਸੰਬਰ : ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਪਵਿੱਤਰ ਸ਼ਹਾਦਤ ਦੀ ਯਾਦ ਵਿੱਚ ਫਤਹਿਗੜ੍ਹ ਸਾਹਿਬ ਵਿਖੇ 26 ਤੋਂ 28 ਦਸੰਬਰ ਤੱਕ ਲੱਗਣ ਵਾਲੇ ਸਾਲਾਨਾ ਸ਼ਹੀਦੀ ਜੋੜ ਮੇਲ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਖ ਵੱਖ ਵਿਭਾਗਾਂ ਦੀ ਪ੍ਰਗਤੀ ਨੂੰ ਦਰਸਾਉਂਦੀ ਪ੍ਰਦਰਸ਼ਨੀ ਹਰ ਸਾਲ ਵਾਂਗ ਇਸ ਵਾਰ ਵੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਜਾ ਰਹੀ ਹੈ।ਇਥੇ ਵਰਣਨ ਯੋਗ ਹੈ ਕਿ  ਲੱਖਾਂ ਦੀ ਗਿਣਤੀ ਵਿੱਚ ਇਸ ਜੋੜ ਮੇਲ ਵਿੱਚ ਪਹੁੰਚਣ ਵਾਲੇ ਲੋਕ  ਜਿਥੇ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੀਆਂ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਹਾਸਲ ਕਰ ਸਕਣਗੇ, ਉਥੇ ਪ੍ਰਾਈਵੇਟ ਅਦਾਰਿਆਂ ਵੱਲੋਂ ਵੀ ਆਧੁਨਿਕ ਤਕਨੀਕ ਦੁਆਰਾ ਤਿਆਰ ਕੀਤੀਆਂ ਗਈਆਂ ਵਸਤਾਂ ਬਾਰੇ ਵੀ ਜਾਣਕਾਰੀ ਹਾਸਲ ਕਰ ਸਕਣਗੇ । ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਯਸ਼ਵੀਰ ਮਹਾਜਨ ਨੇ ਦੱਸਿਆ ਕਿ ਇਸ ਵਿਕਾਸ ਪ੍ਰਦਰਸ਼ਨੀ ਵਿੱਚ  ਵੱਡੀ ਗਿਣਤੀ ਵਿੱਚ ਆਕਰਸ਼ਕ ਸਟਾਲ ਲਗਾਏ ਜਾ ਰਹੇ ਹਨ ਜੋ ਕਿ ਲੋਕਾਂ ਦੀ ਖਿੱਚ ਦਾ ਕੇਂਦਰ ਹੋਣਗੇ ।
               ਇਸ ਪ੍ਰਦਰਸ਼ਨੀ ਦੀਆਂ ਤਿਆਰੀਆਂ ਸਬੰਧੀ ਬਣਾਈ  ਗਈ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ: ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ , ਜਿਸ ਵਿੱਚ ਸਮੁੱਚੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਏ.ਡੀ.ਸੀ. ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਵਿੱਚ ਸਟਾਲ ਲਗਾਉਣ ਦੇ ਚਾਹਵਾਨ ਅਦਾਰੇ ਦਫਤਰੀ ਸਮੇਂ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ  ਦੇ ਦਫਤਰ ਕਮਰਾ ਨੰਬਰ 119 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਪਰਕ ਕਰ ਸਕਦੇ ਹਨ । ਉਨ੍ਹਾਂ ਕਿਹਾ ਕਿ  ਵਾਜਬ ਰੇਟਾਂ ਤੇ ਸਟਾਲਾਂ ਦੀ ਅਲਾਟਮੈਂਟ ਕੀਤੀ ਜਾ ਰਹੀ ਹੈ। ਪਹਿਲਾਂ ਆਉਣ ਵਾਲੇ ਅਦਾਰਿਆਂ ਨੂੰ ਪਹਿਲ ਦਿੱਤੀ ਜਾਵੇਗੀ । ਇਸ ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ  ਵੀ ਸ਼ਮੂਲੀਅਤ ਕੀਤੀ ।

Translate »