ਬਰਨਾਲਾ, 7 ਦਸੰਬਰ- ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਪਰਮਜੀਤ ਸਿੰਘ ਨੇ ਜ਼ਿਲ•ੇ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਸੇਵਾ ਅਧਿਕਾਰ ਕਾਨੂੰਨ ਨੂੰ ਜ਼ਿਲ•ਾ ਬਰਨਾਲਾ ਵਿੱਚ ਸੁਚਾਰੂ ਢੰਗ ਨਾਲ ਲਾਗੂ ਕਰਨ। ਉਹਨਾਂ ਇਹ ਵੀ ਹਦਾਇਤ ਜਾਰੀ ਕੀਤੀ ਹੈ ਕਿ ਸਾਰੇ ਸਰਕਾਰੀ ਅਦਾਰਿਆਂ ਦੇ ਬਾਹਰ 7 ਦਿਨਾਂ ਦੇ ਅੰਦਰ-ਅੰਦਰ ਸੇਵਾ ਅਧਿਕਾਰ ਕਾਨੂੰਨ ਸਬੰਧੀ ਜਾਣਕਾਰੀ ਦੇਣ ਵਾਲੇ ਬੋਰਡ ਲਗਾਉਣ ਅਤੇ ਲੋਕਾਂ ਨੂੰ ਇਸ ਕਾਨੂੰਨ ਸਬੰਧੀ ਜਾਗਰੂਕ ਕਰਨ ਲਈ ਹੇਠਲੇ ਪੱਧਰ ਤੱਕ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾਣ। ਇਹ ਗੱਲ ਡਿਪਟੀ ਕਮਿਸ਼ਨਰ ਨੇ ਅੱਜ ਆਪਣੇ ਦਫਤਰ ਵਿੱਚ ਸੇਵਾ ਅਧਿਕਾਰ ਕਾਨੂੰਨ ਨੂੰ ਲਾਗੂ ਕਰਨ ਸਬੰਧੀ ਕੀਤੀ ਗਈ ਇੱਕ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਹੀ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਇਸ ਕਾਨੂੰਨ ਤਹਿਤ ਸਰਕਾਰ ਵੱਲੋਂ ਤਹਿ ਕੀਤੀ ਗਈ ਸੀਮਾ ਅੰਦਰ-ਅੰਦਰ ਸੇਵਾਵਾਂ ਮੁਹੱਈਆ ਕਰਾਉਣ ਅਤੇ ਜੇਕਰ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੇ ਨਿਸ਼ਚਿਤ ਸਮੇਂ ਸੀਮਾ ਅੰਦਰ ਕੰਮ ਨਾ ਕੀਤਾ ਤਾਂ ਉਸਨੂੰ ਜੁਰਮਾਨਾ ਕੀਤਾ ਜਾਵੇਗਾ।
ਸੇਵਾ ਅਧਿਕਾਰ ਕਾਨੂੰਨ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਸੇਵਾ ਅਧਿਕਾਰ ਕਾਨੂੰਨ ਅਧੀਨ 67 ਸੇਵਾਵਾਂ ਲਿਆਂਦੀਆਂ ਗਈਆਂ ਹਨ ਅਤੇ ਇਹਨਾਂ ਕੰਮਾਂ ਨੂੰ ਕਰਨ ਲਈ ਸਮਾਂ ਸੀਮਾ ਨੂੰ ਨਿਸ਼ਚਿਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਕਾਨੂੰਨ ਤਹਿਤ ਨਿਸ਼ਚਿਤ ਸਮੇਂ ਵਿੱਚ ਕੰਮ ਨਾ ਕਰਨ ਵਾਲੇ ਅਧਿਕਾਰੀ ਨੂੰ 500 ਰੁਪਏ ਤੋਂ ਲੈ ਕੇ 5000 ਰੁਪਏ ਤੱਕ ਜੁਰਮਾਨਾ ਕਰਨ ਦੇ ਨਾਲ-ਨਾਲ ਚਾਰਜ਼ਸ਼ੀਟ ਵੀ ਕੀਤਾ ਜਾ ਸਕਦਾ ਹੈ। ਉਹਨਾਂ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਇਸ ਕਾਨੂੰਨ ਨੂੰ ਇਮਾਨਦਾਰੀ ਨਾਲ ਲਾਗੂ ਕਰਕੇ ਲੋਕਾਂ ਨੂੰ ਇਸਦਾ ਲਾਭ ਪਹੁੰਚਾਉਣ।
ਡਿਪਟੀ ਕਮਿਸ਼ਨਰ ਸ਼੍ਰੀ ਪਰਮਜੀਤ ਸਿੰਘ ਨੇ ਪੰਜਾਬ ਸੇਵਾ ਅਧਿਕਾਰ ਕਾਨੂੰਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਲ ਵਿਭਾਗ ਵਿੱਚ ਇਸ ਕਾਨੂੰਨ ਤਹਿਤ ਪਿੰਡ ਪੱਧਰ ਤੇ ਜਮੀਨ ਦੀ ਜਮਾਂਬੰਦੀ, ਗਿਰਦਾਵਰੀ ਵਗੈਰਾ ਦੀਆਂ ਨਕਲਾਂ ਦੇਣ ਦੀ ਜਿੰਮੇਵਾਰੀ ਪਟਵਾਰੀ ਦੀ ਹੋਵੇਗੀ ਅਤੇ ਉਹ ਇਸ ਕੰਮ ਨੂੰ ਇੱਕ ਦਿਨ ਵਿੱਚ ਕਰਨ ਲਈ ਪਾਬੰਧ ਹੋਵੇਗਾ। ਇਸੇ ਤਰਾਂ ਇਤਰਾਜ਼ ਰਹਿਤ ਜਮਾਂਬੰਦੀਆਂ ਦੀ ਤਸਦੀਕ ਸਰਕਲ ਮਾਲ ਅਫਸਰ 15 ਦਿਨਾਂ ਦੇ ਵਿੱਚ-ਵਿੱਚ ਕਰੇਗਾ। ਨਗਰ ਪਾਲਿਕਾ ਸ਼ਹਿਰਾਂ, ਕਸਬਿਆਂ ਵਿੱਚ ਪਾਣੀ, ਸੀਵਰੇਜ ਦੇ ਕੁਨੈਕਸ਼ਨ ਦੇਣ ਲਈ 7 ਦਿਨਾਂ ਤੋਂ ਵੱਧ ਦਾ ਸਮਾਂ ਨਹੀਂ ਲਗਾਏਗਾ। ਇਸ ਤੋਂ ਇਲਾਵਾ ਉਹਨਾਂ ਨੇ ਇਸ ਕਾਨੂੰਨ ਤਹਿਤ ਹੋਰ ਵਿਭਾਗਾਂ ਦੇ ਅਧੀਨ ਆਉਂਦੀਆਂ ਸੇਵਾਵਾਂ ਬਾਰੇ ਵੀ ਅਧਿਕਾਰੀਆਂ ਨੂੰ ਵਿਸਥਾਰ ਵਿੱਚ ਦੱਸਿਆ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸੇਵਾ ਅਧਿਕਾਰ ਕਾਨੂੰਨ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਜੇਕਰ ਕੋਈ ਅਧਿਕਾਰੀ ਨਿਸ਼ਚਿਤ ਸਮੇਂ ਵਿੱਚ ਉਹਨਾਂ ਦਾ ਕੰਮ ਨਹੀਂ ਕਰਦਾ ਤਾਂ ਲੋਕ ਇਸ ਦੀ ਸ਼ਕਾਇਤ ਸੁਵਿਧਾ ਕੇਂਦਰਾਂ ਵਿੱਚ ਇਸ ਸਬੰਧੀ ਬਣਾਏ ਗਏ ਵਿਸ਼ੇਸ਼ ਸ਼ਕਾਇਤ ਕੇਂਦਰਾਂ ‘ਤੇ ਕਰ ਸਕਦੇ ਹਨ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰ. ਭੁਪਿੰਦਰ ਸਿੰਘ, ਐਸ.ਡੀ.ਐਮ. ਤਪਾ ਸ੍ਰ. ਜਸਪਾਲ ਸਿੰਘ, ਜ਼ਿਲ•ਾ ਮਾਲ ਅਫ਼ਸਰ ਸ਼੍ਰੀਮਤੀ ਅਨੁਪ੍ਰਿਤਾ ਜੌਹਲ, ਜ਼ਿਲ•ਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀ ਨਰਿੰਦਰ ਸਿੰਘ, ਤਹਿਸੀਲਦਾਰ ਬਰਨਾਲਾ ਸ਼੍ਰੀ ਜਸਵੰਤ ਰਾਏ ਦਾਨੀ, ਨਾਇਬ ਤਹਿਸੀਲਦਾਰ ਸ਼੍ਰੀ ਕਮਲਪ੍ਰੀਤ ਸਿੰਘ ਪੁਰੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।