ਬਠਿੰਡਾ, 14 ਦਸੰਬਰ -ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ੍ਰੀ ਐਸ. ਕੇ. ਅਗਰਵਾਲ ਦੀ ਪ੍ਰਧਾਨਗੀ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਹਾਊਸਿੰਗ ਬੋਰਡ ਕਲੋਨੀ, ਬਠਿੰਡਾ ਅਤੇ ਪ੍ਰਾਇਮਰੀ ਸਕੂਲ ਧੋਬੀਆਣਾ ਬਸਤੀ, ਬਠਿੰਡਾ ਵਿਖੇ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸ੍ਰੀ ਅਗਰਵਾਲ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵੱਲੋਂ ਸਾਲ 2011-12 ਨੂੰ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਬਾਰੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਅਧਿਕਾਰਾਂ ਬਾਰੇ ਸਰਕਾਰ ਵੱਲੋਂ ਬਣਾਏ ਗਏ ਕਾਨੂੰਨਾਂ ਨੂੰ ਅਮਲ ਵਿਚ ਲਿਆਉਣ ਦੀ ਜ਼ਰੂਰਤ ਹੈ ਤਾਂ ਜੋ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਹੋ ਸਕੇ। ਬੱਚਿਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਿਤਾ ਅਤੇ ਅਧਿਆਪਕ ਬੱਚਿਆਂ ਦੇ ਅਸਲ ਗੁਰੂ ਹੁੰਦੇ ਹਨ ਅਤੇ ਬੱਚਿਆਂ ਨੂੰ ਇਨ੍ਹਾਂ ਦੀਆਂ ਦਿੱਤੀਆਂ ਨਸੀਹਤਾਂ ‘ਤੇ ਅਮਲ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਬੱਚਿਆਂ ਨੂੰ ਫਲ, ਕਾਪੀਆਂ ਅਤੇ ਪੈਨਸਿਲਾਂ ਵੀ ਵੰਡੀਆਂ। ਉਨ੍ਹਾਂ ਦੱਸਿਆ ਕਿ ਪੂਰੇ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਮੁਹਿੰਮ ਚਲਾ ਕੇ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਕੈਂਪ ਲਗਾਏ ਜਾਣਗੇ ਅਤੇ ਬੱਚਿਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯੋਗ ਕਦਮ ਚੁੱਕੇ ਜਾਣਗੇ। ਇਨ੍ਹਾਂ ਕੈਂਪਾਂ ਵਿਚ ਸ੍ਰੀਮਤੀ ਹਰਿੰਦਰ ਕੌਰ ਸਿੱਧੂ, ਸਿਵਲ ਜੱਜ ਸੀਨੀਅਰ ਡਵੀਜ਼ਨ, ਸ੍ਰੀ ਹਰਜੀਤ ਸਿੰਘ, ਸੀ ਜੇ ਐਮ, ਸ੍ਰੀ ਰਾਜਨ ਗਰਗ ਪ੍ਰਧਾਨ ਬਾਰ ਐਸੋਸੀਏਸ਼ਨ, ਸ੍ਰੀ ਆਰ ਕੇ ਸ਼ਰਮਾ ਸਹਾਇਕ ਜ਼ਿਲ੍ਹਾ ਅਟਾਰਨੀ, ਸ੍ਰੀ ਲਲਿਤ ਗਰਗ ਐਡਵੋਕੇਟ, ਸੂਕਲ ਸਟਾਫ ਅਤੇ ਆਮ ਲੋਕਾਂ ਨੇ ਭਾਗ ਲਿਆ।