ਬਠਿੰਡਾ, 14 ਦਸੰਬਰ-ਨੈਸ਼ਨਲ ਡਿਜ਼ਾਸਟਰ ਰਿਸਪੌਂਸ ਫੋਰਸ ਦੀ ਬੀਬੀ ਵਾਲਾ ਰੋਡ, ਬਠਿੰਡਾ ‘ਚ ਸਥਿਤ ਸੱਤਵੀਂ ਵਾਹਿਨੀ ਦੀ ਨਿਰੀਖਕ ਸ੍ਰੀ ਵਿਰੇਸ਼ ਕੁਮਾਰ ਦੀ ਅਗਵਾਈ ਹੇਠ 31 ਜਵਾਨਾਂ ਦੀ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਸ਼ਮੀਰ ਵਿਖੇ ਅੱਜ ਭਾਸ਼ਣ/ਡੈਮੋ ਅਤੇ ਪ੍ਰਦਰਸ਼ਨੀ ਦੇ ਮਾਧਿਅਮ ਰਾਹੀਂ 1030 ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵੱਖ-ਵੱਖ ਸੰਕਟਕਾਲੀਨ ਹਾਲਾਤ/ਆਫਤਾਂ ਸਮੇਂ ਬਚਾਅ ਲਈ ਢੰਗ-ਤਰੀਕੇ ਸਿਖਾਏ ਜਿਨ੍ਹਾਂ ਪ੍ਰਤੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬਹੁਤ ਹੀ ਉਤਸ਼ਾਹ ਵਿਖਾਇਆ। ਸ੍ਰੀ ਵਿਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਇਹ ਪ੍ਰੋਗਰਾਮ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ‘ਚ 23 ਦਸੰਬਰ ਤੱਕ ਕਰਵਾਏ ਜਾਣਗੇ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੇ ਇਸ ਬਾਰੇ ਜ਼ਿਆਦਾ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਦਸੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਤ ਮੰਡੀ, 16 ਦਸੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਾਰਾਮ ਤੀਰਥ, 19 ਦਸੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਰੀ, 20 ਦਸੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਤਾ ਅਤੇ 23 ਦਸੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਕੋਠਾਗੁਰੂ ਵਿਖੇ ਇਹ ਪ੍ਰੋਗਰਾਮ ਕਰਵਾਏ ਜਾਣਗੇ। ਉਨ੍ਹਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਇਸ ਪ੍ਰੋਗਰਾਮ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।