*ਮੌੜ ਮੰਡੀ ਵਿਖੇ ਸੰਗਤ ਦਰਸ਼ਨ ਦੌਰਾਨ ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਵੰਡੀਆਂ ਗਰਾਂਟਾਂ
ਬਠਿੰਡਾ, 16 ਦਸੰਬਰ-ਕਾਂਗਰਸ ਦੇ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣ ਰੈਲੀਆਂ ਦੌਰਾਨ ਖੂੰਡਾ ਦਿਖਾਉਣ ਨੂੰ ਆਧੁਨਿਕ ਲੋਕਤੰਤਰ ‘ਚ ਸਭ ਤੋਂ ਮਾੜੀ ਗੱਲ ਆਖਦਿਆਂ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਰਕਾਰਾਂ ਵਿਕਾਸ ਕਾਰਜਾਂ ਅਤੇ ਚੰਗੀਆਂ ਨੀਤੀਆਂ ਘੜਨ ਨਾਲ ਚੱਲਦੀਆਂ ਹਨ ਨਾ ਕਿ ਖੂੰਡਿਆਂ ਨਾਲ। ਉਨ੍ਹਾਂ ਕਿਹਾ ਕਿ ਅੱਜ ਲੋਕ ਜਾਗਰੂਕ ਹਨ ਅਤੇ ਉਹ ਸਰਕਾਰਾਂ ਦੀ ਕਾਰਗੁਜ਼ਾਰੀ ਨੂੰ ਦੇਖਦੇ ਹਨ, ਇਸ ਲਈ ਅੱਜ ਦੇ ਦੌਰ ‘ਚ ਖੂੰਡਾ ਸਿਆਸਤ ਕਰਨੀ ਸਭ ਤੋਂ ਮਾੜੀ ਗੱਲ ਹੈ। ਮੁੱਖ ਮੰਤਰੀ ਨੇ ਇਹ ਗੱਲ ਮੌੜ ਮੰਡੀ ਵਿਖੇ ਸੰਗਤ ਦਰਸ਼ਨ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਆਖੀ। ਇਸ ਸੰਗਤ ਦਰਸ਼ਨ ‘ਚ 65 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਲਗਭਗ 5.25 ਕਰੋੜ ਰੁਪਏ ਦੀਆਂ ਗਰਾਂਟਾਂ ਵੰਡੀਆਂ ਗਈਆਂ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮੌੜ ਕਸਬੇ ਦੀਆਂ ਗਲੀਆਂ, ਸੜਕਾਂ, ਸਟ੍ਰੀਟ ਲਾਈਟਾਂ, ਆਰ. ਓ. ਪਲਾਂਟ ਅਤੇ ਸੀਵਰੇਜ ਦਾ ਉਦਘਾਟਨ ਕੀਤਾ। ਉਨ੍ਹਾਂ ਬਾਲਿਆਂਵਾਲੀ ਨੂੰ ਸਬ-ਤਹਿਸੀਲ ਬਣਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਨੂੰ ਭਲਕੇ ਹੋਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਪਾਸ ਕਰ ਦਿੱਤਾ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ‘ਚ ਸੱਤਾ ‘ਚ ਬੈਠੀ ਕਾਂਗਰਸ ਪਾਰਟੀ ਸਭ ਤੋਂ ਵੱਧ ਭ੍ਰਿਸ਼ਟ ਪਾਰਟੀ ਹੈ ਅਤੇ ਇਸ ਨੇ ਇੰਨੇ ਸਾਲ ਰਾਜ ਕਰਨ ਦੇ ਬਾਵਜੂਦ ਮੁਲਕ ਦਾ ਕੁਝ ਨਹੀਂ ਸੰਵਾਰਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਯੂ ਪੀ ਏ ਸਰਕਾਰ ਘਪਲਿਆਂ ‘ਚ ਘਿਰੀ ਹੋਈ ਹੈ ਅਤੇ ਇਸ ਦੇ ਮੰਤਰੀ ਕਰੋੜਾਂ ਰੁਪਏ ਦੇ ਘਪਲਿਆਂ ‘ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਖੁਦ ਸੋਚਣ ਕਿ ਅਜਿਹੀ ਪਾਰਟੀ ਨੂੰ ਪੰਜਾਬ ਦੀ ਵਾਗਡੋਰ ਸੰਭਾਲਣੀ ਚਾਹੀਦੀ ਹੈ ਜਾਂ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਮੁਲਕ ਨੂੰ ਗਰੀਬੀ ਤੇ ਬੇਰੁਜ਼ਗਾਰੀ ਤੋਂ ਬਿਨਾਂ ਕੁਝ ਨਹੀਂ ਦਿੱਤਾ ਅਤੇ ਅੱਜ ਵੀ ਵੱਡੀ ਗਿਣਤੀ ਵਿਚ ਲੋਕਾਂ ਨੂੰ ਦੋ ਡੰਗ ਦੀ ਰੋਟੀ ਨਸੀਬ ਨਹੀਂ ਹੁੰਦੀ। ਅਕਾਲੀ-ਭਾਜਪਾ ਸਰਕਾਰ ਵੱਲੋਂ ਆਪਣੇ ਮੌਜੂਦਾ ਕਾਰਜਕਾਲ ਦੌਰਾਨ ਕਰਵਾਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਸਾਰੇ ਹੀ ਸ਼ਹਿਰਾਂ ਅਤੇ ਕਸਬਿਆਂ ‘ਚ ਵਾਟਰ ਸਪਲਾਈ, ਸੀਵਰੇਜ, ਲਾਈਟਾਂ, ਸੜਕਾਂ ਅਤੇ ਹੋਰ ਕੰਮਾਂ ‘ਤੇ 4 ਹਜ਼ਾਰ ਕਰੋੜ ਰੁਪਏ ਖ਼ਰਚ ਕੀਤੇ ਹਨ। ਉਨ੍ਹਾਂ ਕਿਹਾ ਕਿ ਦਰਿਆਈ ਪਾਣੀਆਂ ਨੂੰ ਸਾਫ਼ ਰੱਖਣ ਲਈ ਕਰੋੜਾਂ ਰੁਪਏ ਖ਼ਰਚ ਕੀਤੇ ਗਏ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪਿਛਲੀਆਂ ਕਾਂਗਰਸ ਸਰਕਾਰਾਂ ਨੇ ਪੰਜਾਬ ‘ਚ ਬਿਜਲੀ ਪੈਦਾਕਾਰ ਲਈ ਕੋਈ ਹੰਭਲਾ ਨਹੀਂ ਮਾਰਿਆ ਅਤੇ ਅਕਾਲੀ-ਭਾਜਪਾ ਸਰਕਾਰ ਨੇ ਇਸ ਖੇਤਰ ਨੂੰ ਸਭ ਤੋਂ ਵੱਧ ਅਹਿਮੀਅਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਰ ਵਰਗ ਦੇ ਉਥਾਨ ਲਈ ਨੀਤੀਆਂ ਘੜੀਆਂ ਹਨ ਜਿਸ ਤਹਿਤ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ, ਟਿਊਬਵੈਲਾਂ ਦੇ ਬਿਜਲੀ ਬਿੱਲ ਮੁਆਫ਼ ਕੀਤੇ ਗਏ ਅਤੇ ਸਮਾਜ ਭਲਾਈ ਦੀਆਂ ਕਈ ਸਕੀਮਾਂ ਚਾਲੂ ਕੀਤੀਆਂ ਗਈਆਂ।
ਸ: ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਸੂਬੇ ਦੇ ਵਿਕਾਸ ਲਈ ਤਾਂ ਕੀ ਕਰਨਾ ਹੈ ਸਗੋਂ ਹੋ ਰਹੇ ਵਿਕਾਸ ਨੂੰ ਰੋਕਣ ਅਤੇ ਸਹੂਲਤਾਂ ਖੋਹਣ ਦਾ ਕੰਮ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਬਠਿੰਡਾ ਤੇਲ ਸੋਧਕ ਕਾਰਖਾਨਾ ਪੰਜਾਬ ‘ਚ ਲਿਆਉਣ ਲਈ ਮਿਹਨਤ ਕੀਤੀ ਪਰੰਤੂ ਕੈਪਟਨ ਅਮਰਿੰਦਰ ਦੀ ਸਰਕਾਰ ਆਉਣ ‘ਤੇ ਇਸ ਨੂੰ ਬੰਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਮੁੜ ਅਕਾਲੀ-ਭਾਜਪਾ ਸਰਕਾਰ ਆਉਣ ‘ਤੇ ਇਹ ਇਤਿਹਾਸਕ ਪ੍ਰਾਜੈਕਟ ਮੁਕੰਮਲ ਹੋਇਆ ਹੈ। ਉਨ੍ਹਾਂ ਆਪਣੇ ਸੰਬੋਧਨ ਵਿਚ ਇਹ ਵੀ ਕਿਹਾ ਕਿ ਮੌੜ ਹਲਕੇ ਨੇ ਹਮੇਸ਼ਾ ਅਕਾਲੀ-ਭਾਜਪਾ ਗਠਜੋੜ ਦਾ ਸਾਥ ਦਿੱਤਾ ਹੈ ਅਤੇ ਹੁਣ ਸਿੰਚਾਈ ਮੰਤਰੀ ਸ: ਜਨਮੇਜਾ ਸਿੰਘ ਸੇਖੋਂ ਨੂੰ ਪਾਰਟੀ ਵੱਲੋਂ ਇਸ ਸੀਟ ‘ਤੇ ਲਿਆਂਦਾ ਗਿਆ ਅਤੇ ਲੋਕ ਉਨ੍ਹਾਂ ਦੀ ਪੂਰੀ ਮਦਦ ਕਰਨ। ਅਗਾਮੀ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾਕਿ ਲੋਕਾਂ ਲਈ ਵੋਟ ਦਾ ਫ਼ੈਸਲਾ ਬੜਾ ਅਹਿਮ ਹੁੰਦਾ ਹੈ ਕਿਉਂਕਿ ਜਿਸ ਪਾਰਟੀ ਜਾਂ ਉਮੀਦਵਾਰ ਨੂੰ ਉਹ ਸੱਤਾ ‘ਚ ਲਿਆਉਂਦੇ ਹਨ, ਉਸ ਨੇ ਉਨ੍ਹਾਂ ਦੇ ਭਵਿੱਖ ਬਾਰੇ ਫ਼ੈਸਲੇ ਕਰਨੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਵੋਟ ਸਹੀ ਧਿਰ ਦੇ ਹੱਕ ਵਿਚ ਜਾਵੇ ਤਾਂ ਲਾਭ ਹੁੰਦਾ ਹੈ ਅਤੇ ਜੇਕਰ ਗਲਤ ਪਾਰਟੀ ਨੂੰ ਪਵੇ ਤਾਂ ਨੁਕਸਾਨ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ-ਭਾਜਪਾ ਗਠਜੋੜ ਨੂੰ ਇਕ ਮੌਕਾ ਹੋਰ ਦਿੱਤਾ ਜਾਵੇ ਤਾਂ ਪਹਿਲਾਂ ਹੀ ਵਿਕਸਤ ਹੋ ਰਹੇ ਪੰਜਾਬ ਨੂੰ ਮੁਲਕ ਦਾ ਨੰਬਰ ਇਕ ਸੂਬਾ ਬਣਾ ਦਿੱਤਾ ਜਾਵੇਗਾ।
ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਖ਼ਰੀ ਸਵਾਸ ਤੱਕ ਪਾਰਟੀ ਦੇ ਨਿਮਾਣੇ ਵਰਕਰ ਵਜੋਂ ਕੰਮ ਕਰਦੇ ਰਹਿਣਗੇ। ਪੰਜਾਬ ਦੇ ਆਲੂ ਉਤਪਾਦਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀਆਂ ਇਨ੍ਹਾਂ ਮੁਸ਼ਕਿਲਾਂ ਦੀ ਵਜ੍ਹਾ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਕਿਸਾਨਾਂ ਦੀ ਮੁਸ਼ਕਿਲਾਂ ਹੱਲ ਕਰਨ ਲਈ ਸੰਜੀਦਾ ਹੋਵੇ ਤਾਂ ਮਿਹਨਤ ਨਾਲ ਪਾਲੀਆਂ ਫ਼ਸਲਾਂ ਏਦਾਂ ਖ਼ਰਾਬ ਨਾ ਹੋਣ। ਇਸ ਮੌਕੇ ਸਿੰਚਾਈ ਮੰਤਰੀ ਸ: ਜਨਮੇਜਾ ਸਿੰਘ ਸੇਖੋਂ, ਮੁੱਖ ਪਾਰਲੀਮਾਨੀ ਸਕੱਤਰ ਸ: ਜਗਦੀਪ ਸਿੰਘ ਨਕੱਈ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ: ਸਿਕੰਦਰ ਸਿੰਘ ਮਲੂਕਾ, ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਕਮਲ ਕਿਸ਼ੋਰ ਯਾਦਵ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਅਭਿਨਵ ਤ੍ਰਿਖਾ, ਹਲਕਾ ਇੰਚਾਰਜ ਤਲਵੰਡੀ ਸਾਬੋ ਸ: ਅਮਰਜੀਤ ਸਿੰਘ ਸਿੱਧੂ, ਸਾਬਕਾ ਵਿਧਾਇਕ ਸ: ਗੁਰਜੰਟ ਸਿੰਘ ਕੁੱਤੀਵਾਲ, ਸ਼੍ਰੋਮਣੀ ਕਮੇਟੀ ਮੈਂਬਰ ਸ: ਗੁਰਤੇਜ ਸਿੰਘ ਢੱਡੇ, ਚੇਅਰਮੈਨ ਮਾਰਕੀਟ ਕਮੇਟੀ ਮੌੜ ਸ: ਗੁਰਪ੍ਰੀਤ ਸਿੰਘ ਪੀਰਕੋਟ, ਜ਼ਿਲ੍ਹਾ ਸਿਹਤ ਸਲਾਹਕਾਰ ਕਮੇਟੀ ਦੇ ਮੈਂਬਰ ਡਾ. ਓਮ ਪ੍ਰਕਾਸ਼ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਅਕਾਲੀ-ਭਾਜਪਾ ਆਗੂ ਹਾਜ਼ਰ ਸਨ।