• ਅਧਿਆਪਕਾਂ ਨੂੰ ਰੈਗੂਲਰ ਕਰਨ ਸਬੰਧੀ ਮਸਲਾ ਕੇਂਦਰ ਸਰਕਾਰ
ਕੋਲ ਉਠਾਇਆ ਜਾਵੇਗਾ
ਚੰਡੀਗੜ•, 17 ਦਸੰਬਰ:
ਸੂਬੇ ਵਿੱਚ ਸਰਵ ਸਿੱਖਿਆ ਅਭਿਆਨ ਅਤੇ ਰਾਸ਼ਟਰੀਯ ਮਾਧਿਅਮਿਕ ਸਿੱਖਿਆ ਅਭਿਆਨ ਤਹਿਤ ਕੰਮ ਕਰ ਰਹੇ 13500 ਅਧਿਆਪਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਸਰਕਾਰ ਨੇ ਅੱਜ ਇਨ•ਾਂ ਅਧਿਆਪਕਾਂ ਦੀਆਂ ਸਾਲਾਨਾ ਅਚਨਚੇਤੀ ਛੁੱਟੀਆਂ 10 ਤੋਂ ਵਧਾ ਕੇ 15 ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ।
ਇਸ ਬਾਰੇ ਫੈਸਲਾ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸਰਵ ਸਿੱਖਿਆ ਅਭਿਆਨ/ਰਾਸ਼ਟਰੀਯ ਮਾਧਿਅਮਕ ਸਿੱਖਿਆ ਅਭਿਆਨ ਅਧਿਆਪਕਾਂ ਦੇ ਵਫ਼ਦ ਨਾਲ ਅੱਜ ਸਵੇਰੇ ਮੁੱਖ ਮੰਤਰੀ ਨਿਵਾਸ ‘ਤੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਵਫ਼ਦ ਦੀ ਅਗਵਾਈ ਕਰ ਰਹੇ ਯੂਨੀਅਨ ਦੇ ਪ੍ਰਧਾਨ ਸ਼੍ਰੀ ਦੀਦਾਰ ਸਿੰਘ ਅਤੇ ਜਨਰਲ ਸਕੱਤਰ ਸ਼੍ਰੀ ਰਾਮਭਜਨ ਨੇ ਅਚਨਚੇਤੀ ਛੁੱਟੀਆਂ ਘੱਟ ਹੋਣ ਕਾਰਨ ਅਧਿਆਪਕਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਬਾਰੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ। ਇਸ ਦੌਰਾਨ ਸ. ਬਾਦਲ ਨੇ ਇਨ•ਾਂ ਅਧਿਆਪਕਾਂ ਨੂੰ ਸਾਲਾਨਾ 15 ਅਚਨਚੇਤੀ ਛੁੱਟੀਆਂ ਦੇਣ ਦੀ ਪ੍ਰਵਾਨਗੀ ਦਿੱਤੀ।
ਯੂਨੀਅਨ ਵਲੋਂ ਇਨ•ਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਬਾਰੇ ਉਠਾਈ ਮੰਗ ‘ਤੇ ਮੁੱਖ ਮੰਤਰੀ ਨੇ ਵਫ਼ਦ ਨੂੰ ਦੱਸਿਆ ਕਿ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਕਿਰਿਆ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਹੈ, ਹਾਲਾਂ ਕਿ ਉਨ•ਾਂ ਵਫ਼ਦ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਵਿਸਥਾਰਤ ਪ੍ਰਾਜੈਕਟ ਰਿਪੋਰਟ (ਡੀ.ਪੀ.ਆਰ.) ਬਣਾ ਕੇ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ ਤਾਂ ਜੋ ਇਸ ਪ੍ਰਾਜੈਕਟ ਨੂੰ ਬੱਜਟ ਵਿੱਚ ਸ਼ਾਮਲ ਕੀਤਾ ਜਾ ਸਕੇ।
ਸਰਵ ਸਿੱਖਿਆ ਅਭਿਆਨ ਦੇ ਅਧਿਆਪਕਾਂ ਨੂੰ ਉਨ•ਾਂ ਦੀ ਰਿਹਾਇਸ਼ ਦੇ ਨੇੜੇ ਦੇ ਸਕੂਲ ਦਾ ਸਟੇਸ਼ਨ ਅਲਾਟ ਕਰਨ ਸਬੰਧੀ ਉਠਾਈ ਮੰਗ ਬਾਰੇ ਸ. ਬਾਦਲ ਨੇ ਕਿਹਾ ਕਿ ਇਸ ਮੰਗ ਨੂੰ ਆਉਂਦੇ ਸਾਲ ਸਿੱਖਿਆ ਵਿਭਾਗ ਦੀਆਂ ਹੁੰਦੀਆਂ ਸਾਲਾਨਾ ਆਮ ਬਦਲੀਆਂ ਦੌਰਾਨ ਵਿਸ਼ੇਸ਼ ਤੌਰ ‘ਤੇ ਵਿਚਾਰਿਆ ਜਾਵੇਗਾ।
ਮੀਟਿੰਗ ਵਿੱਚ ਸ਼ਾਮਲ ਪ੍ਰਮੁੱਖ ਵਿਅਕਤੀਆਂ ਵਿੱਚ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ਼੍ਰੀ ਡੀ.ਐਸ. ਗੁਰੂ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀ ਕਾਹਨ ਸਿੰਘ ਪਨੂੰ, ਸਕੱਤਰ ਸਿੱਖਿਆ ਸ਼੍ਰੀ ਹੁਸਨ ਲਾਲ ਅਤੇ ਸਰਵ ਸਿੱਖਿਆ ਅਭਿਆਨ ਪੰਜਾਬ ਦੇ ਡਾਇਰੈਕਟਰ ਜਨਰਲ ਸ਼੍ਰੀ ਬੀ. ਪੁਰਸ਼ਾਰਥਾ ਹਾਜ਼ਰ ਸਨ।