December 20, 2011 admin

ਜਨਤਕ ਸਥਾਨਾਂ ‘ਤੇ ਪ੍ਰਚਾਰ ਸਮੱਗਰੀ ਲਗਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਜ਼ਿਲ੍ਹਾ ਚੋਣ ਅਫਸਰ

* ਜ਼ਿਲ੍ਹਾ ਚੋਣ ਅਫਸਰ ਵੱਲੋਂ ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਪ੍ਰਿੰਟਿੰਗ ਪ੍ਰੈਸ ਮਾਲਕਾਂ ਨਾਲ ਮੀਟਿੰਗ
ਪਟਿਆਲਾ, 20 ਦਸੰਬਰ : ” ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਵਿੱਚ ਜਨਤਕ ਸਥਾਨਾਂ ‘ਤੇ ਕਿਸੇ ਵੀ ਤਰ੍ਹਾਂ ਦੇ ਪੋਸਟਰ, ਬੈਨਰ, ਫਲੈਕਸ ਅਤੇ ਹੋਰ ਪ੍ਰਚਾਰ ਸਮੱਗਰੀ ਲਗਾਉਣ ਵਾਲੇ ਵਿਅਕਤੀਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।” ਇਹ ਆਦੇਸ਼ ਅੱਜ ਜ਼ਿਲ੍ਹਾ ਚੋਣ ਅਫਸਰ-ਕਮ-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਮਿੰਨੀ ਸਕੱਤਰੇਤ ਵਿਖੇ ਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਪ੍ਰਾਈਵੇਟ ਪ੍ਰਿੰਟਿੰਗ ਪ੍ਰੈਸਾਂ ਦੇ ਮਾਲਕਾਂ/ਨੁਮਾਇੰਦਿਆਂ/ਪ੍ਰਚਾਰ ਸਮੱਗਰੀ ਛਾਪਣ ਵਾਲੇ ਵਪਾਰੀਆਂ ਅਤੇ ਚੋਣ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦਿੱਤੇ । ਸ਼੍ਰੀ ਗਰਗ ਨੇ ਇਹ ਵੀ ਆਦੇਸ਼ ਦਿੱਤੇ ਕਿ ਜਿਹੜੀਆਂ ਪ੍ਰਾਈਵੇਟ ਪ੍ਰਿੰਟਿੰਗ ਪ੍ਰੈਸਾਂ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਵੇਗੀ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ । ਇਸ ਮੌਕੇ ਉਨ੍ਹਾਂ ਜਨਤਕ ਸਥਾਨਾਂ ‘ਤੇ ਪਹਿਲਾਂ ਤੋਂ ਲੱਗੀ ਪ੍ਰਚਾਰ ਸਮੱਗਰੀ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਉਤਰਵਾਏ ਜਾਣ ਦੇ ਹੁਕਮ ਵੀ ਦਿੱਤੇ ।
ਜ਼ਿਲ੍ਹਾ ਚੋਣ ਅਫਸਰ ਸ਼੍ਰੀ ਗਰਗ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਸਬੰਧਤ ਰਾਜਸੀ ਪਾਰਟੀ ਜਾਂ ਉਸ ਦੇ ਨੁਮਾਇੰਦਿਆਂ ਤੋਂ ਘੋਸ਼ਣਾ ਪੱਤਰ ਲੈਣਾ ਲਾਜ਼ਮੀ ਹੋਵੇਗਾ ਜਿਸ ‘ਤੇ ਦੋ ਵਿਅਕਤੀਆਂ ਦੇ ਦਸਤਖ਼ਤ ਹੋਣਗੇ ਅਤੇ ਇੱਕ ਵਿਅਕਤੀ ਦੀ ਗਵਾਹੀ ਹੋਵੇਗੀ । ਸ਼੍ਰੀ ਗਰਗ ਨੇ ਦੱਸਿਆ ਕਿ ਘੋਸ਼ਣਾ ਪੱਤਰ ਵਿੱਚ ਇਹ ਵੀ ਲਿਖਿਆ ਜਾਵੇਗਾ ਕਿ ਇਹ ਚੋਣ ਸਮੱਗਰੀ ਕਿਸਨੇ ਅਤੇ ਕਿੰਨੀ ਗਿਣਤੀ ਵਿੱਚ ਛਪਵਾਈ ਹੈ ਅਤੇ ਛਾਪੀ ਗਈ ਪ੍ਰਚਾਰ ਸਮੱਗਰੀ ਦੀ ਸੂਚਨਾ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਸਬੰਧਤ ਰਿਟਰਨਿੰਗ ਅਫਸਰ ਨੂੰ ਦੇਣੀ ਲਾਜ਼ਮੀ ਹੋਵੇਗੀ । ਸ਼੍ਰੀ ਗਰਗ ਨੇ ਕਿਹਾ ਕਿ ਜਿਹੜੀ ਵੀ ਪ੍ਰਿੰਟਿੰਗ ਪ੍ਰੈਸ ਪ੍ਰਚਾਰ ਸਮੱਗਰੀ ਨੂੰ ਛਾਪੇਗੀ ਉਸ ਵੱਲੋਂ ਬੈਨਰ, ਫਲੈਕਸ, ਪੋਸਟਰ, ਪੈਂਫਲਿਟ, ਕਿਤਾਬਚੇ ਉਪਰ ਆਪਣੀ ਪ੍ਰੈਸ ਦਾ ਨਾਮ ਅਤੇ ਰਜਿਸਟਰੇਸ਼ਨ ਨੰਬਰ ਛਾਪਣਾ ਵੀ ਲਾਜ਼ਮੀ ਹੋਵੇਗਾ । ਉਨ੍ਹਾਂ ਇਹ ਵੀ ਕਿਹਾ ਕਿ ਜੇ ਕਿਸੇ ਬਾਹਰਲੇ ਜ਼ਿਲ੍ਹੇ ਨਾਲ ਸਬੰਧਤ ਵਿਅਕਤੀ ਜਾਂ ਸਿਆਸੀ ਉਮੀਦਵਾਰ ਵੱਲੋਂ ਪਟਿਆਲਾ ਜ਼ਿਲ੍ਹੇ ਤੋਂ ਆਪਣੀ ਪ੍ਰਚਾਰ ਸਮੱਗਰੀ ਛਪਵਾਈ ਜਾਂਦੀ ਹੈ ਤਾਂ ਪ੍ਰਿੰਟਿੰਗ ਪ੍ਰੈਸ ਮਾਲਕਾਂ ਵੱਲੋਂ ਇਸ ਬਾਰੇ ਵੀ ਪਟਿਆਲਾ ਪ੍ਰਸ਼ਾਸ਼ਨ ਅਤੇ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਰਿਟਰਨਿੰਗ ਅਫਸਰ ਨੂੰ ਲਿਖਤੀ ਸੂਚਨਾ ਭੇਜਣੀ ਜ਼ਰੂਰੀ ਹੋਵੇਗੀ ।
ਇਸ ਮੌਕੇ ਜ਼ਿਲ੍ਹਾ ਚੋਣ ਅਧਿਕਾਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਟਿਆਲਾ ਜ਼ਿਲ੍ਹੇ ਵਿੱਚ ਪ੍ਰਚਾਰ ਸਮੱਗਰੀ ਲਗਾਉਣ ਲਈ ਅਣ-ਅਧਿਕਾਰਤ ਤੌਰ ‘ਤੇ ਲੱਗੇ ਸਾਰੇ ਖੰਭਿਆਂ/ਪੋਲਾਂ ਨੂੰ ਤੁਰੰਤ ਹਟਾ ਕੇ ਚੋਣ ਕਮਿਸ਼ਨ ਵੱਲੋਂ ਜਾਰੀ ਹੋਈਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ । ਸ਼੍ਰੀ ਗਰਗ ਨੇ ਕਿਹਾ ਕਿ ਚੋਣ ਜ਼ਾਬਤੇ ਦੌਰਾਨ ਜੇ ਕੋਈ ਪ੍ਰਿੰਟਿੰਗ ਪ੍ਰੈਸ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰੇਗੀ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਮੀਟਿੰਗ ਦੌਰਾਨ ਐਸ.ਡੀ.ਐਮ. ਪਟਿਆਲਾ ਸ਼੍ਰੀ ਅਨਿਲ ਗਰਗ, ਐਸ.ਡੀ.ਐਮ. ਨਾਭਾ ਸ਼੍ਰੀਮਤੀ ਪੂਨਮਦੀਪ ਕੌਰ, ਐਸ.ਡੀ.ਐਮ. ਸਮਾਣਾ ਸ਼੍ਰੀ ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮ. ਪਾਤੜਾਂ ਸ਼੍ਰੀਮਤੀ ਪਰਨੀਤ ਕੌਰ ਸ਼ੇਰਗਿੱਲ, ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਸ਼੍ਰੀ ਗੁਰਲਵਲੀਨ ਸਿੰਘ, ਜ਼ਿਲ੍ਹਾ ਟਰਾਂਸਪੋਰਟ ਅਫਸਰ ਸ਼੍ਰੀ ਜੀ.ਐਸ. ਚਹਿਲ, ਤਹਿਸੀਲਦਾਰ (ਚੋਣਾਂ) ਸ਼੍ਰੀ ਨਾਮਦੇਵ ਸਿੰਘ ਸਿੱਧੂ ਅਤੇ ਵੱਖ-ਵੱਖ ਪ੍ਰਿੰਟਿੰਗ ਪ੍ਰੈਸਾਂ ਦੇ ਮਾਲਕ ਤੇ ਨੁਮਾਇੰਦੇ ਹਾਜ਼ਰ ਸਨ ।

Translate »