ਫਤਹਿਗੜ੍ਹ ਸਾਹਿਬ, 21 ਦਸੰਬਰ
ਜ਼ਿਲ੍ਹੇ ਦੇ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦੇ ਵਿਕਾਸ ਕਾਰਜਾਂ ਅਤੇ ਵਿੱਦਿਅਕ ਮਿਆਰ ਨੂੰ ਉੱਚਾ ਚੁੱਕਣ ਲਈ ਪਿਛਲੇ ਵਿੱਤੀ ਵਰ੍ਹੇ ਦੌਰਾਨ ਸਰਵ ਸਿੱਖਿਆ ਅਭਿਆਨ ਅਧੀਨ 7 ਕਰੋੜ 96 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਸੀ, ਜਿਸ ਵਿੱਚੋਂ ਜ਼ਿਲ੍ਹੇ ਦੇ 192 ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦੀਆਂ 21 ਹਜ਼ਾਰ ਮੀਟਰ ਚਾਰ ਦੀਵਾਰੀਆਂ ਦੇ ਨਿਰਮਾਣ ਤੇ 5 ਕਰੋੜ 56 ਲੱਖ 50 ਹਜ਼ਾਰ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ: ਪ੍ਰੀਤਮ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਹੁਣ ਤੱਕ 186 ਸਕੂਲਾਂ ਦੀਆਂ ਚਾਰ ਦੀਵਾਰੀਆਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦੇ 5 ਸਕੂਲਾਂ ਦੀਆਂ ਚਾਰ ਦੀਵਾਰੀਆਂ ਦਾ ਕੰਮ ਵੀ ਜਲਦੀ ਹੀ ਮੁਕੰਮਲ ਹੋ ਜਾਵੇਗਾ।
ਏ.ਡੀ.ਸੀ. ਨੇ ਕਾਰਜਕਾਰੀ ਇੰਜਨੀਅਰ ਪੇਂਡੂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਸਿਵਲ ਸਰਜਨ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਸਕੂਲਾਂ ਵਿੱਚ ਨਵੇਂ ਸਬਮਰਸੀਬਲ ਪੰਪ ਲਗਾਏ ਗਏ ਹਨ ਉਨ੍ਹਾਂ ਦੇ ਪੀਣ ਵਾਲੇ ਪਾਣੀ ਦੇ ਸੈਂਪਲ ਲੈ ਕੇ ਪਾਣੀ ਟੈਸਟ ਕਰਵਾ ਕੇ ਇਹ ਯਕੀਨੀ ਬਣਾਇਆ ਜਾਵੇ ਕਿ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਹੀ ਮੁਹੱਈਆ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਕੂਲਾਂ ਵਿੱਚ ਚੱਲ ਰਹੇ ਸਾਰੇ ਵਿਕਾਸ ਕਾਰਜ ਸਮੇਂ ਸਿਰ ਨੇਪਰੇ ਚਾੜ੍ਹੇ ਜਾਣ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀਮਤੀ ਪਰਮਜੀਤ ਕੌਰ ਚਾਹਲ, ਜ਼ਿਲ੍ਹਾ ਕੋਆਰਡੀਨੇਟਰ ਸਰਵ ਸਿੱਖਿਆ ਅਭਿਆਨ ਸ: ਪਰਮਜੀਤ ਸਿੰਘ ਸੰਧੂ, ਐਸ.ਡੀ.ਓ. ਪੀ.ਡਬਲਿਊ.ਡੀ. ਸ: ਸ਼ਮਸ਼ੇਰ ਸਿੰਘ, ਐਸ.ਡੀ.ਓ. ਵਾਟਰ ਸਪਲਾਈ ਸ: ਪਰਮਜੀਤ ਸਿੰਘ, ਜ਼ਿਲ੍ਹੇ ਦੇ ਸਮੂਹ ਬਲਾਕ ਸਿੱਖਿਆ ਅਫਸਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।