December 23, 2011 admin

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਵਾਜ਼ ਪ੍ਰਦੂਸ਼ਣ ‘ਤੇ ਪਾਬੰਦੀ ਲਗਾਉਣ ਦੇ ਆਦੇਸ਼

ਪਟਿਆਲਾ, 23 ਦਸੰਬਰ :ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਫੌਜਦਾਰੀ, ਜਾਬਤਾ, ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਵਿੱਚ ਆਵਾਜ਼ ਪ੍ਰਦੂਸ਼ਣ ‘ਤੇ 20 ਫਰਵਰੀ 2012 ਤੱਕ ਮੁਕੰਮਲ ਰੂਪ ਵਿੱਚ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਕੀਤੇ ਇਨ੍ਹਾਂ ਹੁਕਮਾਂ ਦੇ ਅਨੁਸਾਰ ਵੱਖ-ਵੱਖ ਰਾਜਸੀ ਪਾਰਟੀਆਂ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ, ਜਲਸਿਆਂ, ਰੈਲੀਆਂ ਅਤੇ ਹੋਰ ਮੌਕਿਆਂ ਉੱਤੇ ਜਨਤਕ ਸਥਾਨਾਂ, ਪੰਡਾਲਾਂ ਵਿੱਚ ਲਾਊਡ ਸਪੀਕਰ ਅਤੇ ਵਿਆਹ-ਸ਼ਾਦੀਆਂ ਜਾਂ ਹੋਰ ਮੌਕਿਆਂ ‘ਤੇ ਮੈਰਿਜ ਪੈਲੇਸਾਂ, ਕਲੱਬਾਂ, ਹੋਟਲਾਂ ਆਦਿ ਵਿੱਚ ਡੀ.ਜੇ, ਆਰਕੈਸਟਰਾ, ਸੰਗੀਤਕ ਯੰਤਰਾਂ ਨੂੰ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੁਆਇਸ) ਐਕਟ 1956 ਵਿੱਚ ਦਰਜ ਸ਼ਰਤਾਂ ਤਹਿਤ ਉਪ ਮੰਡਲ ਮੈਜਿਸਟਰੇਟ ਕੋਲੋਂ ਲਿਖਤੀ ਪ੍ਰਵਾਨਗੀ ਲੈਣ ਤੋਂ ਬਿਨਾਂ ਨਹੀਂ ਚਲਾਇਆ ਜਾਵੇਗਾ ਅਤੇ ਕਿਸੇ ਵੀ ਸਥਾਨ ਜਾਂ ਇਮਾਰਤ ਵਿੱਚ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਡੀ.ਜੇ/ਆਰਕੈਸਟਰਾ/ਸੰਗੀਤਕ ਯੰਤਰ ਚਲਾਉਣ ‘ਤੇ ਪੂਰਨ ਪਾਬੰਦੀ ਹੋਵੇਗੀ ।
         ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਵਿਕਾਸ ਗਰਗ ਵੱਲੋਂ ਜਾਰੀ ਕੀਤੇ ਮਨਾਹੀ ਦੇ ਹੁਕਮਾਂ ਅਨੁਸਾਰ ਮੈਰਿਜ ਪੈਲਸਾਂ, ਕਲੱਬਾਂ, ਰਿਹਾਇਸ਼ੀ ਇਲਾਕਿਆਂ, ਗੈਰ ਸਰਕਾਰੀ ਇਮਾਰਤਾਂ, ਵਪਾਰਕ ਸਥਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ, ਰੈਸਟੋਰੈਂਟਾਂ ਅਤੇ ਮੇਲਿਆਂ ਦੇ ਪ੍ਰਬੰਧਕਾਂ/ ਮਾਲਕਾਂ ਵਿੱਚ ਕਿਸੇ ਵੀ ਤਰ੍ਹਾਂ ਦੇ ਲਾਊਡ ਸਪੀਕਰ/ਸੰਗੀਤਕ ਯੰਤਰ, ਢੋਲ, ਡਰੰਮ, ਆਵਾਜ਼ੀ ਪ੍ਰਦੂਸ਼ਣ ਕਰਨ ਵਾਲੇ ਯੰਤਰਾਂ ਅਤੇ ਆਵਾਜ਼ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਆਤਿਸ਼ਬਾਜੀ ਚਲਾਉਣ ‘ਤੇ ਰਾਤ ਦੇ 10:00 ਵਜੇ ਤੋਂ ਲੈ ਕੇ ਸਵੇਰੇ 6:00 ਵਜੇ ਤੱਕ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ। ਮਨਾਹੀ ਦੇ ਹੁਕਮਾਂ ਅਨੁਸਾਰ ਖਾਸ ਹਾਲਾਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ ਧਾਰਮਿਕ ਸਥਾਨਾਂ/ਪੰਡਾਲ ਵਿੱਚ ਲਾਊਡ ਸਪੀਕਰ ਅਤੇ ਅਧਿਕਾਰਤ ਮੈਰਿਜ ਪੈਲਸਾਂ ਵਿੱਚ ਡੀ.ਜੇ/ਆਰਕੈਸਟਰਾ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਅਗਾਊਂ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਏ ਜਾ ਸਕਣਗੇ। ਇਸੇ ਤਰ੍ਹਾਂ ਕਿਸੇ ਵੀ ਥਾਂ ‘ਤੇ ਚਲਾਏ ਜਾ ਰਹੇ ਲਾਊਡ ਸਪੀਕਰ/ਡੀ.ਜੇ ਸਿਸਟਮ ਦੀ ਆਵਾਜ਼ ਨਿਰਧਾਰਤ ਸੀਮਾ ਤੋਂ ਵੱਧ ਨਹੀਂ ਹੋਵੇਗੀ ਅਤੇ ਆਵਾਜ਼ ਉਸ ਸਥਾਨ ਦੇ ਦਾਇਰੇ ਵਿੱਚ ਹੀ ਰਹਿਣੀ ਚਾਹੀਦੀ ਹੈ।
ਇਸ ਤੋਂ ਇਲਾਵਾ ਵਾਹਨਾਂ ‘ਤੇ ਲਗਾਏ ਜਾਂਦੇ ਪ੍ਰੈਸ਼ਰ ਹਾਰਨ ਅਤੇ ਜਿਆਦਾ ਆਵਾਜ਼ ਵਾਲੇ ਹਾਰਨ ਵਜਾਉਣ ‘ਤੇ ਵੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੂਰਨ ਤੌਰ ‘ਤੇ ਪਾਬੰਦੀ ਲਗਾਈ ਗਈ ਹੈ। ਹੁਕਮਾਂ ਅਨੁਸਾਰ ਸਿਰਫ ਸਰਕਾਰ ਵੱਲੋਂ ਨਿਰਧਾਰਤ ਕੀਤੇ ਹਾਰਨ ਜੋ ਆਵਾਜੀ ਪ੍ਰਦੂਸ਼ਣ ਤੋਂ ਰਹਿਤ ਹੋਣ ਹੀ ਨਿਰਧਾਰਤ ਆਵਾਜ਼ ਵਿੱਚ ਵਜਾਏ ਜਾ ਸਕਦੇ ਹਨ, ਕਿਸੇ ਵੀ ਰਿਹਾਇਸੀ ਇਲਾਕੇ ਵਿੱਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਕਿਸੇ ਖਾਸ ਹਾਲਾਤ ਨੂੰ ਛੱਡ ਕੇ ਹਾਰਨ ਵਜਾਉਣ ‘ਤੇ ਪਾਬੰਦੀ ਹੋਵੇਗੀ । ਇਨ੍ਹਾਂ ਹੁਕਮਾਂ ਅਨੁਸਾਰ ਸਾਇਲੈਂਸ ਜੋਨ ਜਿਵੇਂ ਕਿ ਮੰਤਰਾਲਾ, ਵਾਤਾਵਰਣ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਵੀ ਅਜਿਹਾ ਖੇਤਰ ਜੋ ਸਮਰੱਥ ਅਧਿਕਾਰੀ ਵੱਲੋਂ ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਘੇਰੇ ਅੰਦਰ ਤੇਜ਼ ਆਵਾਜ਼ ਵਾਲੇ ਪਟਾਖੇ, ਲਾਊਡ ਸਪੀਕਰ, ਪ੍ਰੈਸ਼ਰ ਹਾਰਨ ਅਤੇ ਜਿਆਦਾ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ। ਮਾਣਯੋਗ ਸੁਪਰੀਮ ਕੋਰਟ ਵੱਲੋਂ ਆਵਾਜ਼ੀ ਪ੍ਰਦੂਸ਼ਣ ਨੂੰ ਰੋਕਣ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ ਅਮਲ ਵਿੱਚ ਲਿਆਉਂਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਹ ਹੁਕਮ ਜਾਰੀ ਕੀਤੇ ਗਏੇ ਹਨ ।  ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿੱਚ ਲਾਗੂ ਨਹੀਂ ਹੋਣਗੇ ।

Translate »