December 26, 2011 admin

ਪਹਿਲੇ ਹੀ ਦਿਨ ਲੱਖਾਂ ਸ਼ਰਧਾਲੂਆਂ ਵੱਲੋਂ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਸ਼ਰਧਾਂਜਲੀਆਂ ਭੇਂਟ

*ਪ੍ਰਦਰਸ਼ਨੀ ਅਤੇ ਕਵੀ ਦਰਬਾਰ ਵੀ ਲਗਾਇਆ
ਫਤਹਿਗੜ੍ਹ ਸਾਹਿਬ: 26 ਦਸੰਬਰ:  ਸ਼੍ਰੀ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦੀ ਯਾਦ ਵਿੱਚ ਤਿੰਨ ਰੋਜਾ ‘ਸ਼ਹੀਦੀ ਜੋੜ ਮੇਲ’ ਅੱਜ ਇੱਥੇ ਇਤਿਹਾਸਕ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਪ੍ਰਾਆਰੰਭ ਹੋਣ ਨਾਲ ਪੂਰੀ ਸ਼ਰਧਾ ਨਾਲ ਆਰੰਭ ਹੋ ਗਿਆ। ਸ਼ਹੀਦੀ ਜੋੜ ਮੇਲ ਦੇ ਪਹਿਲੇ ਦਿਨ ਦੇਸ਼ ਤੇ ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਸ਼੍ਰੀ ਯਸ਼ਵੀਰ ਮਹਾਜਨ ਨੇ ਦੱÎਸਿਆ ਕਿ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਅੰਤਿਮ ਸਸਕਾਰ ਵਾਲੇ ਅਸਥਾਨ ‘ਤੇ ਸ਼ੁਸੋਭਿਤ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਅੱਜ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ, ਇਸ ਮੌਕੇ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਬਲਵੰਤ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 28 ਦਸੰਬਰ ਨੂੰ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਸਵੇਰੇ 9:00 ਵਜੇ ਨਗਰ ਕੀਰਤਨ ਆਰੰਭ ਹੋਵੇਗਾ ਅਤੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਵਿਖੇ ਨਗਰ ਕੀਰਤਨ ਦੀ ਸਮਾਪਤੀ ਉਪਰੰਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ।
         ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਅਦਾਰਿਆਂ ਦੀ ਗਤੀਵਿਧੀਆਂ ਸਬੰਧੀ ਲਗਾਈ ਗਈ ਪ੍ਰਦਰਸ਼ਨੀ ਦਾ ਮੁਆਇਨਾ ਕੀਤਾ ਅਤੇ ਇਸ ਮੌਕੇ ਤੇ ਜ਼ਿਲ੍ਹਾ ਕਲਚਰ ਸੁਸਾਇਟੀ ਵੱਲੋਂ ਛੋਟੇ ਸਾਹਿਬਜਾਦਿਆਂ ਦੀ ਯਾਦ ਵਿੱਚ ਤਿਆਰ ਕੀਤਾ ਸੋਵੀਨਾਰ ਸ਼ਹਾਦਤ-2011 ਵੀ ਸੰਗਤਾ ਲਈ ਜਾਰੀ ਕੀਤਾ। ਇਸ ਮੌਕੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਨੂੰ ਸਮਰਪਿਤ ਇੱਕ ਕਵੀ ਦਰਬਾਰ ਵੀ ਕਰਵਾਇਆ ਗਿਆ ਜਿਸ ਵਿੱਚ ਸ਼੍ਰੋਮਣੀ ਸਾਹਿਤਕਾਰ ਅਤੇ ਕਵੀ ਸ਼੍ਰੀ ਸੁਰਜੀਤ ਮਰਜਾਰਾ, ਡਾ. ਦਰਸ਼ਨ ਸਿੰਘ, ਸ਼੍ਰੀ ਰਾਮ ਸਿੰਘ ਅਲਬੇਲਾ, ਸ਼੍ਰੀ ਹਰਨੇਕ ਸਿੰਘ ਬਡਾਲੀ, ਸ਼੍ਰੀ ਰਜਿੰਦਰ ਸਿੰਘ, ਸ਼੍ਰੀ ਜਗਜੀਤ ਸਿੰਘ ਗੁਰਮ, ਸ਼੍ਰੀ ਅਨੁਪ ਸਿੰਘ ਖਾਨਪੁਰੀ, ਸ਼੍ਰੀ ਰਣਜੋਧ ਸਿੰਘ, ਸ਼੍ਰੀ ਬਾਬੂ ਸਿੰਘ ਚੌਹਾਨ, ਸ਼੍ਰੀ ਸਨੇਹਇੰਦਰ ਸਿੰਘ ਮੀਲੂ, ਸ਼੍ਰੀ ਅਮਨ ਬੇਦਰਦ, ਸ਼੍ਰੀ ਕੁਲਵਿੰਦਰ ਸਿੰਘ, ਸ਼੍ਰੀ ਬਚਨ ਸਿੰਘ, ਸ਼੍ਰੀ ਕੇਵਲ ਮਾਣਿਕ ਪੁਰੀ, ਸ਼੍ਰੀਮਤੀ ਅਮਰਜੀਤ ਕੌਰ ਹਿਰਦੇ ਮੋਹਾਲੀ, ਸ਼੍ਰੀ ਗੁਲਜ਼ਾਰ ਸਿੰਘ ਸ਼ੌਂਕੀ, ਸ਼੍ਰੀ ਮਹਿਮਾ ਸਿੰਘ ਅਰਸ਼ੀ ਆਦਿ ਕਵੀਆਂ ਨੇ ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਸਬੰਧੀ ਆਪਣੀਆਂ ਕਵੀਤਾਵਾਂ ਪੜ੍ਹੀਆਂ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਵੱਲੋਂ ਦੀਵਾਨ ਟੋਡਰ ਮੱਲ ਬਾਰੇ ਸ਼੍ਰੀ ਬਾਬੂ ਸਿੰਘ ਮਾਨ ਵੱਲੋਂ ਲਿਖਿਤ ਪੁਸਤਕ ਵੀ ਜਾਰੀ ਕੀਤੀ। ਇਸ ਮੌਕੇ ‘ਤੇ ਭਾਸ਼ਾ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਅਤੇ ਹੋਰ ਆਏ ਹੋਏ ਮਹਿਮਾਨਾਂ ਨੂੰ ਕਿਤਾਬਾਂ ਦੇ ਸੈਟ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਇੰਜਨੀਅਰ ਸ਼੍ਰੀ ਬਲਰਾਜ ਚੋਪੜਾ ਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਬਿਮਲਾ ਚੋਪੜਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਅਖੀਰ ਵਿੱਚ ਜ਼ਿਲ੍ਹਾ ਭਾਸ਼ਾ ਅਫਸਰ ਸ਼੍ਰੀਮਤੀ ਕਰਮਜੀਤ ਕੌਰ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।
         ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਪ੍ਰੀਤਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਖਦੇਵ ਸਿੰਘ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਸ. ਹਰਦਿਆਲ ਸਿੰਘ ਚੱਠਾ ਅਤੇ ਸਕੱਤਰ ਰੈਡ ਕਰਾਸ ਸੋਸਾਇਟੀ ਫਤਹਗਿੜ੍ਹ ਸਾਹਿਬ ਸ਼੍ਰੀਮਤੀ ਸੁਤੰਤਰ ਅਰੋੜਾ ਅਤੇ ਵੱਖ-ਵੱਖ ਅਦਾਰਿਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

Translate »