*ਸ਼ਹੀਦੀ ਜੋੜ ਮੇਲ ਦੇ ਆਖ਼ਰੀ ਦਿਨ ਲੱਖਾਂ ਸ਼ਰਧਾਲੂਆਂ ਨੇ ਮੱਥਾ ਟੇਕਿਆ
*ਫਤਹਿਗੜ੍ਹ ਸਾਹਿਬ ਦਾ ਸ਼ਹੀਦੀ ਜੋੜ ਮੇਲ ਨਗਰ ਕੀਰਤਨ ਉਪਰੰਤ ਸਮਾਪਤ
ਫਤਹਿਗੜ੍ਹ ਸਾਹਿਬ, 28 ਦਸੰਬਰ: ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਵੱਲੋਂ ਦਿੱਤੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਇਤਿਹਾਸਕ ਅਤੇ ਪਵਿੱਤਰ ਸ਼ਹਿਰ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜਾ ਸਾਲਾਨਾ ‘ਸ਼ਹੀਦੀ ਜੋੜ ਮੇਲ’ ਅੱਜ ਇੱਥੇ ਵਿਸ਼ਾਲ ਨਗਰ ਕੀਰਤਨ ਦੇ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ਼੍ਰੀ ਜਯੋਤੀ ਸਰੂਪ ਸਾਹਿਬ ਵਿਖੇ ਪੁੱਜਣ ‘ਤੇ ਅਰਦਾਸ ਉਪਰੰਤ ਰਸਮੀ ਤੌਰ ‘ਤੇ ਸਮਾਪਤ ਹੋ ਗਿਆ। ਸਮਾਪਤੀ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਕੌਮ ਦੇ ਨਾਂ ਦਿੱਤੇ ਸੰਦੇਸ਼ ਦੌਰਾਨ ਕਿਹਾ ਕਿ ਸਾਹਿਬਜ਼ਾਦਿਆਂ ਤੇ ਅਨੇਕਾਂ ਸਿੰਘਾਂ ਵੱਲੋਂ ਕੁਰਬਾਨੀਆਂ ਦੇ ਕੇ ਸਿੱਖੀ ਦੀ ਨੀਂਹ ਰੱਖੀ ਗਈ ਸੀ ਪਰ ਹੁਣ ਸਿੱਖਾਂ ਵਿੱਚ ਅਨੇਕਾਂ ਕੁਰੀਤੀਆਂ ਜਨਮ ਲੈ ਰਹੀਆਂ ਹਨ ਅਤੇ ਅਸੀਂ ਸਿੱਖੀ ਦੇ ਸਿਧਾਂਤਾਂ ਤੋਂ ਦੂਰ ਹੁੰਦੇ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਕੁੱਝ ਸਿੱਖ ਵਿਰੋਧੀ ਸ਼ਕਤੀਆਂ ਗੁਰਬਾਣੀ ਅਤੇ ਗੁਰੂ ਇਤਿਹਾਸ ਦੀ ਨਿੰਦਿਆ ਕਰ ਰਹੀਆਂ ਹਨ ਜਿਸ ਤੋਂ ਸਮੁੱਚੀ ਕੌਮ ਤੇ ਖਾਲਸਾ ਪੰਥ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਕੌਮ ਨੂੰ ਗੁਰੂਆਂ ਵੱਲੋਂ ਦਰਸਾਏ ਮਾਰਗ ਨੂੰ ਗ੍ਰਹਿਣ ਕਰਦੇ ਹੋਏ ਨਸ਼ਿਆਂ ਅਤੇ ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਡਟਣ ਦਾ ਸੱਦਾ ਦਿੱਤਾ।
ਅੱਜ ਇਤਿਹਾਸਕ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਵੇਰੇ 9 ਵਜੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ (ਸ਼੍ਰੀ ਅਨੰਦਪੁਰ ਸਾਹਿਬ) ਦੇ ਜਥੇਦਾਰ ਗਿਆਨੀ ਤਰਲੋਚਨ ਸਿੰਘ ਵੱਲੋਂ ਅਰਦਾਸ ਕਰਨ ਅਤੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹੈਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਵੱਲੋਂ ਹੁਕਮਨਾਮਾ ਲੈਣ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਆਰੰਭ ਹੋਇਆ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀਆਂ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਫੁੱਲਾਂ ਨਾਲ਼ ਬੜੇ ਹੀ ਸੁੰਦਰ ਢੰਗ ਨਾਲ਼ ਸਜਾਈ ਪਾਲਕੀ ਸਾਹਿਬ ਵਿੱਚ ਸ਼ੁਸੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੁਨਹਿਰੀ ਚੌਰ ਸਾਹਿਬ ਦੀ ਸੇਵਾ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਿਭਾ ਰਹੇ ਸਨ ਜਦੋਂ ਕਿ ਪਾਲਕੀ ਵਿੱਚ ਸ਼ੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਵਿੱਚ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਤਰਲੋਚਨ ਸਿੰਘ, ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਨੰਦਗੜ੍ਹ, ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹੈਡ ਗੰ੍ਰਥੀ ਗਿਆਨੀ ਜਸਵਿੰਦਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ, ਵਿਧੀਚੰਦ ਸੰਪਰਦਾ ਦੇ ਬਾਬਾ ਅਵਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਮੱਕੜ ਅਤੇ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਦੇ ਹੈਡ ਗੰ੍ਰਥੀ ਗਿਆਨੀ ਹਰਪਾਲ ਸਿੰਘ ਬੈਠੇ ਸਨ।
ਪਾਲਕੀ ਸਾਹਿਬ ਦੇ ਅੱਗੇ ਨਗਰ ਕੀਰਤਨ ਵਿੱਚ ਅਸ਼ਤਰਾਂ ਤੇ ਸ਼ਸ਼ਤਰਾਂ ਨਾਲ ਸਜੇ ਵਿਧੀਚੰਦ ਸੰਪਰਦਾ ਦੇ ਹਾਥੀਆਂ ‘ਤੇ ਸਵਾਰ ਨਿਹੰਗ ਸਿੰਘਾਂ, ਦਰਜਨਾਂ ਰਾਗੀ ਜਥੇ, ਗੱਤਕਾ ਪਾਰਟੀਆਂ, ਸੇਵਾ ਦਲ, ਸੁਖਮਨੀ ਸੇਵਾ ਸੁਸਾਇਟੀਆਂ, ਸਕੂਲੀ ਬੱਚਿਆਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਸੰਗਤ ਗੁਰੂ ਜਸ ਗਾਉਂਦੀਆਂ ਜਾ ਰਹੀਆ ਸਨ। ਨਿਹੰਗ ਸਿੰਘਾਂ ਦੀਆਂ ਗੱਤਕਾ ਪਾਰਟੀਆਂ ਤੋਂ ਇਲਾਵਾ ਬੀਬੀਆਂ ਦੀ ਗੱਤਕਾ ਪਾਰਟੀ ਨੇ ਵੀ ਨਗਰ ਕੀਰਤਨ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਅਕਾਲ ਅਕਾਦਮੀਜ਼ ਬੜੂ ਸਾਹਿਬ ਦੇ ਵਿਦਿਆਰਥੀਆਂ ਵੱਲੋਂ ਪਾਲਕੀ ਸਾਹਿਬ ਵਿੱਚ ਸ਼ੁਸ਼ੋਭਿਤ ਸ਼੍ਰੀ ਗੁਰੂ ਗੰ੍ਰਥ ਸਾਹਿਬ ਨੂੰ ਨਗਰ ਕੀਰਤਨ ਸਮੇਂ ਸਲਾਮੀ ਦਿੱਤੀ ਗਈ। ਪੂਰੇ ਜਾਹੋ ਜਲਾਲ ਨਾਲ ਸ਼ੁਰੂ ਹੋਏ ਨਗਰ ਕੀਰਤਨ ਦੌਰਾਨ ਰਸਤੇ ਵਿੱਚ ਪਾਲਕੀ ਸਾਹਿਬ ਦੇ ਆਲ਼ੇ ਦੁਆਲ਼ੇ ਵੱਡੀ ਗਿਣਤੀ ਵਿੱਚ ਸੰਗਤ ਫੁੱਲਾਂ ਅਤੇ ਮਾਇਆ ਦੀ ਵਰਖਾ ਕਰਕੇ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਯਾਦ ਕਰਦਿਆਂ ‘ਬੋਲੇ ਸੋ ਨਿਹਾਲ ਅਤੇ ਸਤਿ ਸ਼੍ਰੀ ਅਕਾਲ’ ਦੇ ਅਕਾਸ਼ ਗੁੰਜਾਊ ਜੈਕਾਰਿਆਂ ਨਾਲ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੀ ਸੀ। ਇਸ ਮੌਕੇ ਕਈ ਸੰਸਥਾਵਾਂ ਵੱਲੋਂ ਸਿੱਖੀ ਦੇ ਪ੍ਰਚਾਰ ਅਤੇ ਸਮਾਜਿਕ ਕੁਰੀਤੀਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਵਾਲਾ ਸਾਹਿਤ ਵੀ ਵੱਡੀ ਗਿਣਤੀ ਵਿੱਚ ਵੰਡਿਆ ਗਿਆ।
ਪਾਲਕੀ ਸਾਹਿਬ ਦੇ ਨਾਲ-ਨਾਲ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸ. ਦੀਦਾਰ ਸਿੰਘ ਭੱਟੀ, ਜਥੇਦਾਰ ਸਵਰਨ ਸਿੰਘ ਚਨਾਰਥਲ, ਸ. ਜਗਦੀਪ ਸਿੰਘ ਚੀਮਾ, ਸ. ਦਿਲਮੇਘ ਸਿੰਘ ਸਕੱਤਰ ਐਸ.ਜੀ.ਪੀ.ਸੀ, ਐਸ.ਜੀ.ਪੀ.ਸੀ. ਮੈਂਬਰ ਸ. ਕਰਨੈਲ ਸਿੰਘ ਪੰਜੋਲੀ, ਸ. ਗੁਰਵਿੰਦਰ ਸਿੰਘ ਭੱਟੀ, ਸ. ਹਰਵਿੰਦਰ ਸਿੰਘ ਹਰਪਾਲਪੁਰ, ਡਾ. ਹਰਬੰਸ ਲਾਲ, ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਸ. ਅਮਰਜੀਤ ਸਿੰਘ, ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਦੇ ਮੈਨੇਜਰ ਸ. ਲੱਖਾ ਸਿੰਘ, ਡਿਪਟੀ ਕਮਿਸ਼ਨਰ ਸ਼੍ਰੀ ਯਸ਼ਵੀਰ ਮਹਾਜਨ, ਐਸ.ਐਸ.ਪੀ. ਸ੍ਰ: ਰਣਬੀਰ ਸਿੰਘ ਖੱਟੜਾ, ਵਧੀਕ ਡਿਪਟੀ ਕਮਿਸ਼ਨਰ ਸ. ਪ੍ਰੀਤਮ ਸਿੰਘ, ਐਸ.ਡੀ.ਐਮ. ਸ. ਅਰਵਿੰਦਰਪਾਲ ਸਿੰਘ ਸਮੇਤ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਸੀ ਜਥੇਬੰਦੀਆਂ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਵੀ ਚੱਲ ਰਿਹਾ ਸੀ।
ਨਗਰ ਕੀਰਤਨ ਕਰੀਬ 2 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਉਪਰੰਤ 1-30 ਵਜੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਕੀਰਤਨ ਸੋਹਿਲਾ ਦੇ ਪਾਠ ਉਪਰੰਤ ਗਿਆਨੀ ਤਰਲੋਚਨ ਸਿੰਘ ਜਥੇਦਾਰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵੱਲੋਂ ਅਰਦਾਸ ਕਰਨ ਅਤੇ ਦਰਬਾਰ ਸਾਹਿਬ ਦੇ ਹੈਡ ਗਰੰਥੀ ਗਿਆਨੀ ਜਸਵਿੰਦਰ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਵਿੱਚੋਂ ਵਾਕ ਲੈਣ ਉਪਰੰਤ ਸਮਾਪਤ ਹੋ ਗਿਆ। ਇਸ ਸ਼ਹੀਦੀ ਜੋੜ ਮੇਲ ਵਿੱਚ ਇਕੱਤਰ ਸੰਗਤ ਨੂੰ ਅਰਦਾਸ ਮੌਕੇ ਸ਼ਰਧਾਂਜਲੀ ਵਿੱਚ ਸ਼ਮੂਲੀਅਤ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਸਾਇਰਨ ਵੀ ਵਜਾਇਆ ਗਿਆ ਤਾਂ ਜੋ ਜੋੜ ਮੇਲ ਵਿੱਚ ਸ਼ਾਮਲ ਸਮੂਹ ਸੰਗਤ ਪੂਰਨ ਇਕਾਗਰਤਾ ਨਾਲ ਦੋ ਮਿਨਟ ਦਾ ਮੌਨ ਧਾਰਨ ਕਰਕੇ ਮਹਾਨ ਸ਼ਹੀਦਾਂ ਪ੍ਰਤੀ ਆਪਣੀ ਸ਼ਰਧਾਂਜਲੀ ਭੇਂਟ ਕਰ ਸਕੇ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜ਼ਬਰ ਤੇ ਜ਼ੁਲਮ ਦਾ ਟਾਕਰਾ ਕਰਦਿਆਂ ਅਤੇ ਸਿੱਖੀ ‘ਤੇ ਪਹਿਰਾ ਦਿੰਦਿਆਂ ਆਪਣਾ ਪਰਿਵਾਰ ਵਾਰ ਦਿੱਤਾ ਪਰ ਅੱਜ ਦੀ ਨੌਜਵਾਨ ਪੀੜ੍ਹੀ ਸਿੱਖੀ ਤੋਂ ਦੂਰ ਹੋ ਕੇ ਨਸ਼ਿਆਂ ਵਿੱਚ ਗਲਤਾਨ ਹੁੰਦੀ ਜਾ ਰਹੀ ਹੈ। ਜਥੇਦਾਰ ਮੱਕੜ ਨੇ ਸੰਗਤਾਂ ਨੂੰ ਗੁਰੂ ਵੱਲੋਂ ਦਰਸਾਏ ਮਾਰਗ ਨੂੰ ਗ੍ਰਹਿਣ ਕਰਨ ਦੀ ਅਪੀਲ ਕੀਤੀ ਅਤੇ ਇਸ ਸ਼ਹੀਦੀ ਜੋੜ ਮੇਲ ਵਿੱਚ ਦੇਸ਼ ਅਤੇ ਵਿਦੇਸ਼ਾਂ ਤੋਂ ਪੁੱਜੀ ਲੱਖਾਂ ਦੀ ਗਿਣਤੀ ਵਿੱਚ ਸੰਗਤ, ਵੱਖ-ਵੱਖ ਧਾਰਮਿਕ ਸੰਪਰਦਾਵਾਂ ਦੇ ਪ੍ਰਤੀਨਿਧਾ, ਗੱਤਕਾ ਪਾਰਟੀਆਂ, ਸੇਵਾ ਸੋਸਾਇਟੀਆਂ ਅਤੇ ਲੰਗਰਾਂ ਦੇ ਸੇਵਾ ਕਰਨ ਵਾਲੀਆਂ ਸੰਗਤਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਤਰਲੋਚਨ ਸਿੰਘ ਨੇ ਸਿੱਖ ਇਤਿਹਾਸ ‘ਤੇ ਚਾਨਣਾਂ ਪਾਇਆ।
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਯਸ਼ਵੀਰ ਮਹਾਜਨ, ਐਸ.ਐਸ.ਪੀ. ਸ੍ਰ: ਰਣਬੀਰ ਸਿੰਘ ਖੱਟੜਾ ਨੇ ਸ਼ਹੀਦੀ ਜੋੜ ਮੇਲ ਅਮਨ-ਅਮਾਨ ਨਾਲ਼ ਸਮਾਪਤ ਹੋਣ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਆਈ ਸੰਗਤ, ਲੰਗਰਾਂ ਦੇ ਪ੍ਰਬੰਧਕਾਂ, ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਸਮੂਹ ਧਾਰਮਿਕ ਅਤੇ ਸਵੈ ਸੇਵੀ ਜਥੇਬੰਦੀਆਂ ਵੱਲੋਂ ਮਿਲੇ ਸਹਿਯੋਗ ਬਦਲੇ ਉਹਨਾਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਸਮੁੱਚੇ ਜੋੜ ਮੇਲ ਦੌਰਾਨ ਕਿਧਰੇ ਤੋਂ ਵੀ ਕੋਈ ਅਣ ਸੁਖਾਵੀਂ ਘਟਨਾ ਨਹੀਂ ਵਾਪਰੀ ਅਤੇ ਮੇਲਾ ਪੁਰ ਅਮਨ ਢੰਗ ਨਾਲ਼ ਸਮਾਪਤ ਹੋ ਗਿਆ।