* ਨਿਰਪੱਖ ਅਤੇ ਆਜ਼ਾਦਾਨਾਂ ਢੰਗ ਨਾਲ ਕਰਵਾਈਆਂ ਜਾਣਗੀਆਂ ਚੋਣਾਂ
ਪਟਿਆਲਾ: 29 ਦਸੰਬਰ : ” ਪੰਜਾਬ ਵਿਧਾਨ ਸਭਾ ਦੀਆਂ 30 ਜਨਵਰੀ 2012 ਨੂੰ ਪੈਣ ਵਾਲੀਆਂ ਵੋਟਾਂ ਲਈ ਸਮੂਹ ਸੁਪਰਵਾਈਜ਼ਰ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਚੋਣਾਂ ਦੌਰਾਨ ਕਿਸੇ ਵੀ ਰਾਜਸੀ ਪਾਰਟੀ ਦੇ ਉਮੀਦਵਾਰ ਜਾਂ ਉਸ ਦੇ ਨੁਮਾਇੰਦੇ ਵੱਲੋਂ ਕਿਸੇ ਵੋਟਰ ਨੂੰ ਕਿਸੇ ਦਬਾਅ ਕਾਰਨ ਵੋਟ ਪਾਉਣ ਦੇ ਹੱਕ ਤੋਂ ਵਾਂਝਾ ਨਹੀਂ ਰੱਖਿਆ ਗਿਆ ਅਤੇ ਜੇਕਰ ਅਜਿਹਾ ਹੋਇਆ ਤਾਂ ਸੁਪਰਵਾਈਜ਼ਰ ਇਸ ਸਬੰਧੀ ਸਬੰਧਤ ਰਿਟਰਨਿੰਗ ਅਫਸਰ ਨੂੰ ਸੂਚਿਤ ਕਰਨਗੇ ਅਤੇ ਸਬੰਧਤ ਰਿਟਰਨਿੰਗ ਅਫਸਰ ਇਸ ਦੀ ਰਿਪੋਰਟ ਤੁਰੰਤ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਨੂੰ ਦੇਣਗੇ। ਇਹ ਹਦਾਇਤਾਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਕਾਸ ਗਰਗ ਨੇ ਮਿੰਨੀ ਸਕੱਤਰੇਤ ਵਿਖੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਵੱਖ-ਵੱਖ ਰਿਟਰਨਿੰਗ ਅਫਸਰਾਂ, ਸਹਾਇਕ ਰਿਟਰਨਿੰਗ ਅਫਸਰਾਂ, ਸੁਪਰਵਾਈਜ਼ਰਾਂ ਅਤੇ ਮਾਸਟਰ ਟਰੇਨਰਾਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ। ਉਨ੍ਹਾਂ ਸਮੂਹ ਚੋਣ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਧਾਨ ਸਭਾ ਚੋਣਾਂ ਪੂਰਨ ਤੌਰ ‘ਤੇ ਆਜ਼ਾਦਾਨਾਂ, ਨਿਰਪੱਖ ਅਤੇ ਸ਼ਾਂਤੀ ਪੂਰਬਕ ਢੰਗ ਨਾਲ ਨੇਪਰੇ ਚੜਾਉਣ ਨੂੰ ਯਕੀਨੀ ਬਣਾਇਆ ਜਾਵੇ । ਉਨ੍ਹਾਂ ਕਿਹਾ ਕਿ ਚੋਣਾਂ ਦੇ ਕੰਮ ਵਿੱਚ ਅਣਗਹਿਲੀ ਵਿਖਾਉਣ ਵਾਲੇ ਕਿਸੇ ਵੀ ਅਧਿਕਾਰੀਆਂ / ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਸ਼੍ਰੀ ਗਰਗ ਨੇ ਸਮੂਹ ਰਿਟਰਨਿੰਗ ਅਫਸਰਾਂ, ਸਹਾਇਕ ਰਿਟਰਨਿੰਗ ਅਫਸਰਾਂ, ਮਾਸਟਰ ਟਰੇਨਰਾਂ ਅਤੇ ਸੁਪਰਵਾਈਜ਼ਰਾਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਵੋਟਾਂ ਪਾਉਣ ਦੀ ਦਰ ਵਧਾਉਣ ਨੂੰ ਯਕੀਨੀ ਬਣਾਉਣ । ਸ਼੍ਰੀ ਗਰਗ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵੋਟਾਂ ਪਾਉਣ ਲਈ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇਗੀ ਅਤੇ ਕੋਈ ਵੀ ਵੋਟਰ ਫੋਟੋ ਵੋਟਰ ਸ਼ਨਾਖਤੀ ਕਾਰਡ ਤੋਂ ਬਿਨਾਂ ਵੋਟ ਨਹੀਂ ਪਾ ਸਕੇਗਾ । ਮੀਟਿੰਗ ਦੌਰਾਨ ਉਨ੍ਹਾਂ ਸਮੂਹ ਚੋਣ ਅਮਲੇ ਨੂੰ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦੀ ਵਰਤੋਂ ਸਬੰਧੀ ਵਿਸਥਾਰਪੂਰਬਕ ਜਾਣਕਾਰੀ ਦਿੱਤੀ । ਅੱਜ ਦੀ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਨਿਨਦਿੱਤਾ ਮਿੱਤਰਾ, ਐਸ.ਡੀ.ਐਮ. ਪਟਿਆਲਾ ਸ਼੍ਰੀ ਅਨਿਲ ਗਰਗ, ਐਸ.ਡੀ.ਐਮ. ਰਾਜਪੁਰਾ ਸ਼੍ਰੀ ਜੇ.ਕੇ. ਜੈਨ, ਐਸ.ਡੀ.ਐਮ. ਨਾਭਾ ਸ਼੍ਰੀਮਤੀ ਪੂਨਮਦੀਪ ਕੌਰ, ਐਸ.ਡੀ.ਐਮ. ਪਾਤੜਾਂ ਸ਼੍ਰੀਮਤੀ ਪ੍ਰਨੀਤ ਕੌਰ ਸ਼ੇਰਗਿੱਲ, ਐਸ.ਡੀ.ਐਮ. ਸਮਾਣਾ ਸ਼੍ਰੀ ਗੁਰਪ੍ਰੀਤ ਸਿੰਘ ਥਿੰਦ, ਉਪ ਅਰਥ ਤੇ ਅੰਕੜਾ ਸਲਾਹਕਾਰ ਸ਼੍ਰੀ ਪਰਮਜੀਤ ਸਿੰਘ, ਸਰਕਲ ਸਿੱਖਿਆ ਅਫਸਰ ਸ਼੍ਰੀਮਤੀ ਗੁਰਮੀਤ ਕੌਰ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਤਹਿਸੀਲਦਾਰ, ਬੀ.ਡੀ.ਪੀ.ਓਜ਼, ਕਾਰਜ ਸਾਧਕ ਅਫਸਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।