ਫਤਹਿਗੜ੍ਹ ਸਾਹਿਬ: 6 ਜਨਵਰੀ : ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਪੱਧਰ ਦਾ ਗਣਤੰਤਰ ਦਿਵਸ ਸਮਾਗਮ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਦੇ ਸਟੇਡੀਅਮ ਵਿਖੇ 26 ਜਨਵਰੀ ਨੂੰ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ। 26 ਜਨਵਰੀ 1950 ਨੂੰ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ, ਇਸ ਲਈ ਸਾਨੂੰ ਸਾਰਿਆਂ ਨੂੰ ਰਾਸ਼ਟਰੀ ਭਾਵਨਾ ਨਾਲ ਅਜਿਹੇ ਸਮਾਗਮਾਂ ਵਿੱਚ ਵੱਧ ਚੜ ਕੇ ਸ਼ਮੂਲੀਅਤ ਕਰਨੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ. ਪ੍ਰੀਤਮ ਸਿੰਘ ਨੇ ਗਣਤੰਤਰ ਦਿਵਸ ਸਮਾਗਮ ਦੇ ਅਗੇਤੇ ਪ੍ਰਬੰਧਾ ਦਾ ਜਾਇਜ਼ਾ ਲੈਣ ਲਈ ਬੱਚਤ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਅਧਿਕਾਰੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਗਣਤੰਤਰ ਦਿਵਸ ਸਮਾਗਮ ਦੀ ਸਫ਼ਲਤਾ ਲਈ ਆਪਣੀ-ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪੰਜਾਬ ਪੁਲਿਸ, ਹੋਮ ਗਾਰਡ, ਵੱਖ ਵੱਖ ਸਕੂਲਾਂ ਦੇ ਐਨ.ਸੀ.ਸੀ. ਕੈਡਿਟ, ਸਕਾਊਟਸ ਅਤੇ ਪੰਜਾਬ ਪੁਲਿਸ ਦੇ ਬੈਂਡ ਦੀਆਂ ਟੁਕੜੀਆਂ ਸ਼ਾਨਦਾਰ ਮਾਰਚ ਪਾਸਟ ਵਿੱਚ ਹਿੱਸਾ ਲੈਣਗੀਆਂ। ਉਨ੍ਹਾਂ ਦੱਸਿਆ ਕਿ ਪਰੇਡ ਦੀ ਸਾਂਝੀ ਰਿਹਰਸਲ 15 ਜਨਵਰੀ ਤੋਂ 23 ਜਨਵਰੀ ਤੱਕ ਮਾਤਾ ਗੁਜਰੀ ਕਾਲਜ ਦੇ ਸਟੇਡੀਅਮ ਵਿਖੇ ਹੋਵੇਗੀ, ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲਾਂ 16 ਜਨਵਰੀ ਤੋਂ ਸ਼ੁਰੂ ਹੋਣਗੀਆਂ ਅਤੇ 24 ਜਨਵਰੀ ਨੂੰ ਮਾਰਚ ਪਾਸਟ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਅੰਤਿਮ ਰਿਹਰਸਲ ਨਿਸ਼ਚਿਤ ਸਮੇਂ ਅਨੁਸਾਰ ਹੋਣਗੀਆਂ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਵਾਲੇ ਦਿਨ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸਭਿਆਚਾਰ ਨੂੰ ਦਰਸਾਉਣ ਵਾਲਾ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ ਵਿਅਕਤੀਆਂ ਅਤੇ ਸਭਿਆਚਾਰ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਵਿਸ਼ੇਸ ਤੌਰ ‘ਤੇ ਸ਼ਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸਕੂਲੀ ਬੱਚਿਆਂ ਨੂੰ ਲੱਡੂ ਵੀ ਵੰਡੇ ਜਾਣਗੇ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਫਤਹਿਗੜ੍ਹ ਸਾਹਿਬ ਸ. ਅਰਵਿੰਦਰਪਾਲ ਸਿੰਘ ਸੰਧੂ, ਡੀ.ਟੀ.ਓ ਸ਼੍ਰੀ ਮਹੇਸ਼ ਗਰਗ, ਡੀ.ਐਸ.ਪੀ. ਸ. ਹਰਗੋਬਿੰਦ ਸਿੰਘ ਅਤੇ ਜ਼ਿਲ੍ਹੇ ਦੇ ਸਮੂਹ ਅਧਿਕਾਰੀ ਵੀ ਹਾਜ਼ਰ ਸਨ।