January 6, 2012 admin

ਰਾਜਸੀ ਪਾਰਟੀ ਦੀ ਝੰਡੀ ਵਾਲੀ ਕਾਰ ਵਿੱਚੋਂ ਮਿਲਣ ਵਾਲਾ ਪੈਸਾ ਹੋਵੇਗਾ ਜ਼ਬਤ-ਉਮੀਦਵਾਰ ਦੇ ਚੋਣ ਖਰਚੇ ਵਿੱਚ ਵੀ ਜੋੜਿਆ ਜਾਵੇਗਾ-ਜ਼ਿਲ੍ਹਾ ਚੋਣ ਅਫਸਰ

ਪਟਿਆਲਾ: 6 ਜਨਵਰੀ : ” ਪੰਜਾਬ ਵਿਧਾਨ ਸਭਾ ਦੀਆਂ 30 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਭਾਰਤ ਦੇ ਚੋਣ ਕਮਿਸ਼ਨ ਦਾ ਮੁੱਖ ਉਦੇਸ਼ ਜਿਥੇ ਇਹ ਚੋਣਾਂ ਆਜ਼ਾਦ, ਨਿਰਪੱਖ ਅਤੇ ਅਮਨ- ਸ਼ਾਂਤੀ ਪੂਰਵਕ ਨੇਪਰੇ ਚੜਾਉਣਾ ਹੈ ਉਥੇ ਹੀ ਇਹਨਾਂ ਚੋਣਾਂ ਵਿੱਚ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚੇ ਨੂੰ ਨਿਸ਼ਚਿਤ ਹੱਦ ਅੰਦਰ ਰੱਖਣਾ ਅਤੇ ਵੋਟਰਾਂ ਨੂੰ ਭਰਮਾਉਣ ਲਈ ਨਸ਼ੀਲੇ ਪਦਾਰਥਾਂ ਤੇ ਪੈਸਿਆਂ ਦੀ ਵੰਡ ਨੂੰ ਰੋਕਣਾ ਹੈ।”  ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਵੀਜ਼ਨਲ ਕਮਿਸ਼ਨਰ ਸ਼੍ਰੀ ਐਸ.ਆਰ.ਲੱਧੜ ਨੇ ਮਿੰਨੀ ਸਕੱਤਰੇਤ ਵਿਖੇ ਚੋਣ ਦਰਸ਼ਕਾਂ, ਸਮੂਹ ਰਿਟਰਨਿੰਗ ਅਫਸਰਾਂ ਅਤੇ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਉਮੀਦਵਾਰ ਵੱਲੋਂ ਵੋਟਰਾਂ ਨੂੰ ਨਜਾਇਜ਼ ਢੰਗ ਨਾਲ ਕੀਤੀ ਜਾਂਦੀ ਪੈਸਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਵੰਡ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਸਮੂਹ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਸਮੂਹ ਰਿਟਰਨਿੰਗ ਅਫਸਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਅਖ਼ਬਾਰਾਂ ਤੇ ਚੈਨਲਾਂ ਵਿੱਚ ਮੁੱਲ ਦੀਆਂ ਖਬਰਾਂ ‘ਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਜੇਕਰ ਕੋਈ ਉਮੀਦਵਾਰ ਅਜਿਹਾ ਕਰਦਾ ਹੈ ਤਾਂ ਉਹਨਾਂ ਖਬਰਾਂ ਦਾ ਖਰਚਾ ਉਮੀਦਵਾਰ ਦੇ ਚੋਣ ਖਰਚੇ ਵਿੱਚ ਜੋੜਿਆ ਜਾਵੇ। ਡਵੀਜ਼ਨਲ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸਮੂਹ ਅਧਿਕਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਅਤੇ ਕੋਈ ਵੀ ਅਧਿਕਾਰੀ ਬਿਨਾਂ ਪ੍ਰਵਾਨਗੀ ਆਪਣਾ ਸਥਾਨ ਨਾ ਛੱਡੇ ।
         ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਕਾਸ ਗਰਗ ਨੇ ਕਿਹਾ ਕਿ ਚੋਣਾਂ ਦੌਰਾਨ ਵੋਟਰਾਂ ਨੂੰ ਭਰਮਾਉਣ ਲਈ ਨਸ਼ੀਲੇ ਪਦਾਰਥਾਂ ਅਤੇ ਪੈਸਿਆਂ ਦੀ ਵੰਡ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਪੁਲਿਸ ਦੀਆਂ  23 ਵਿਸ਼ੇਸ਼ ਨਾਕਾ ਟੀਮਾਂ ਅਤੇ 8 ਉਡਨ ਦਸਤਿਆਂ ਦਾ ਗਠਨ ਕੀਤਾ ਗਿਆ ਹੈ ਜਿਹਨਾਂ ਨੇ ਆਪਣੀ ਡਿਊਟੀ ਪੂਰੀ ਮੁਸਤੈਦੀ ਨਾਲ ਨਿਭਾਉਂਦੇ ਹੋਏ ਵੱਡੀ ਮਾਤਰਾ ਵਿੱਚ ਪੈਸੇ ਅਤੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ ਹੋ ਗਈਆਂ ਹਨ ਅਤੇ ਜੇਕਰ ਨਾਮਜ਼ਦਗੀਆਂ ਭਰਨ ਤੋਂ ਬਾਅਦ ਕਿਸੇ ਵੀ ਪਾਰਟੀ ਦੇ ਉਮੀਦਵਾਰ ਦੀ ਗੱਡੀ ਜਿਸ ‘ਤੇ ਪਾਰਟੀ ਦਾ ਝੰਡਾ ਲੱਗਾ ਹੋਵੇ, ਵਿੱਚੋਂ ਕੋਈ ਰਕਮ ਬਰਾਮਦ ਹੋਈ ਤਾਂ ਉਹ ਰਕਮ ਤਾਂ ਜ਼ਬਤ ਹੋਵੇਗੀ ਹੀ ਪਰ ਉਸ ਦੇ ਨਾਲ ਉਤਨੀ ਹੀ ਰਕਮ ਉਮੀਦਵਾਰ ਦੇ ਚੋਣ ਖਰਚੇ ਵਿੱਚ ਵੀ ਜੋੜੀ ਜਾਵੇਗੀ। ਉਨ੍ਹਾਂ ਸਮੂਹ ਰਿਟਰਨਿੰਗ ਅਫਸਰਾਂ ਨੂੰ ਕਿਹਾ ਕਿ ਜਦੋਂ ਵੀ ਕੋਈ ਨਸ਼ੀਲਾ ਪਦਾਰਥ ਜਾਂ ਪੈਸੇ ਜ਼ਬਤ ਕੀਤੇ ਜਾਂਦੇ ਹਨ ਤਾਂ ਉਸ ਦੀ ਪੂਰੀ ਵੀਡੀਓਗ੍ਰਾਫੀ ਕਰਵਾਈ ਜਾਣ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਮੀਦਵਾਰਾਂ ਵੱਲੋਂ ਕੀਤੇ ਜਾਂਦੇ ਜਲਸੇ ਜਾਂ ਰੈਲੀ ਦੀ ਵੀ ਵੀਡੀਓਗ੍ਰਾਫੀ ਕਰਵਾਈ ਜਾਵੇ । ਉਨ੍ਹਾਂ ਸਮੂਹ ਰਿਟਰਨਿੰਗ ਅਫਸਰਾਂ ਨੂੰ ਕਿਹਾ ਕਿ ਨਾਮਜ਼ਦਗੀਅਆਂ ਵਾਪਸ ਲੈਣ ਉਪਰੰਤ ਸਮੂਹ ਉਮੀਦਵਾਰਾਂ ਨੂੰ ਵੋਟਿੰਗ ਮਸ਼ੀਨਾਂ ਅਤੇ ਚੋਣਾਂ ਸਬੰਧੀ ਜਾਣਕਾਰੀ ਦੇਣ ਲਈ ਨਿਸ਼ਚਿਤ ਮਿਤੀ ‘ਤੇ ਆਪਣੇ ਦਫਤਰਾਂ ਵਿੱਚ ਬੁਲਾਇਆ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਵਿਧਾਨ ਸਭਾ ਚੋਣਾਂ ਸਬੰਧੀ ਜੇਕਰ ਕੋਈ ਸ਼ਿਕਾਇਤ ਹੋਵੇ ਤਾਂ ਉਹ ਇਹਨਾਂ ਚੋਣਾਂ ਲਈ ਨਿਯੁਕਤ ਕੀਤੇ ਨੋਡਲ ਅਫਸਰ  ਸ੍ਰ: ਰਾਜਬੀਰ ਸਿੰਘ ਨਾਲ 0175-2311311 ਅਤੇ ਉਨ੍ਹਾਂ ਦੇ ਮੋਬਾਇਲ ਨੰਬਰ 98726-67001 ‘ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨੋਡਲ ਅਫਸਰ ਨੂੰ ਹਦਾਇਤ ਕੀਤੀ ਕਿ ਜੇਕਰ ਉਹਨਾਂ ਨੂੰ ਚੋਣਾਂ ਸਬੰਧੀ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ‘ਤੇ ਤੁਰੰਤ ਕਾਰਵਾਈ ਕਰਕੇ ਜ਼ਿਲ੍ਹਾ ਚੋਣ ਅਫਸਰ ਨੂੰ ਸੂਚਿਤ ਕੀਤਾ ਜਾਵੇ।
         ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਚੋਣ ਦਰਸ਼ਕ (ਖਰਚਾ) ਸ਼੍ਰੀ ਮੋਹਨੀਸ਼ ਵਰਮਾ ਨੇ ਸਮੂਹ ਰਿਟਰਨਿੰਗ ਅਫਸਰਾਂ ਨੂੰ ਕਿਹਾ ਕਿ ਵਿਧਾਨ ਸਭਾ ਚੋਣਾਂ ਪੂਰੀ ਨਿਰਪੱਖਤਾ ਨਾਲ ਕਰਵਾਈਆਂ ਜਾਣ ਅਤੇ ਉਮੀਦਵਾਰਾਂ ਵੱਲੋਂ ਕੀਤੇ ਜਾਂਦੇ ਚੋਣ ਖਰਚਿਆਂ ਸਬੰਧੀ ਸ਼ੈਡੋ ਰਜਿਸਟਰ ਤਿਆਰ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਅਧਿਕਾਰੀ ਜਾਂ ਲੋਕਾਂ ਨੂੰ ਚੋਣ ਖਰਚਿਆਂ ਸਬੰਧੀ ਕਿਸੇ ਪ੍ਰਕਾਰ ਦੀ ਜਾਣਕਾਰੀ ਚਾਹੀਦੀ ਹੋਵੇ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਚੋਣ ਖਰਚਾ ਦਰਸ਼ਕ ਸ਼੍ਰੀ ਐਸ.ਕੇ. ਮੀਨਾ ਅਤੇ ਸ਼੍ਰੀ ਹਿਤੇਸ਼ ਗੋਦਾਰਾ ਵੀ ਮੌਜੂਦ ਸਨ।
         ਅੱਜ ਦੀ ਮੀਟਿੰਗ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਦਿਨੇਸ਼ ਪ੍ਰਤਾਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਨਿਨਦਿੱਤਾ ਮਿੱਤਰਾ, ਐਸ.ਡੀ.ਐਮ. ਪਟਿਆਲਾ ਸ਼੍ਰੀ ਅਨਿਲ ਗਰਗ, ਐਸ.ਡੀ.ਐਮ. ਰਾਜਪੁਰਾ ਸ਼੍ਰੀ ਜੇ.ਕੇ. ਜੈਨ, ਐਸ.ਡੀ.ਐਮ. ਨਾਭਾ ਸ਼੍ਰੀਮਤੀ ਪੂਨਮਦੀਪ ਕੌਰ, ਐਸ.ਡੀ.ਐਮ. ਸਮਾਣਾ ਸ਼੍ਰੀ ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮ. ਪਾਤੜਾਂ ਸ਼੍ਰੀਮਤੀ ਪ੍ਰਨੀਤ ਸ਼ੇਰਗਿੱਲ, ਜ਼ਿਲ੍ਹਾ ਟਰਾਂਸਪੋਰਟ ਅਫਸਰ ਡਾ: ਰਿਸ਼ੀਪਾਲ ਸਿੰਘ, ਵਧੀਕ ਜ਼ਿਲ੍ਹਾ ਚੋਣ ਅਫਸਰ ਸ੍ਰੀ ਹਰਿੰਦਰ ਸਿੰਘ ਸਰਾਂ, ਕਮਿਸ਼ਨਰ ਨਗਰ ਨਿਗਮ ਸ਼੍ਰੀ ਗੁਰਲਵਲੀਨ ਸਿੰਘ ਸਿੱਧੂ, ਸੰਯੁਕਤ ਕਮਿਸ਼ਨਰ ਇਨਕਮ ਟੈਕਸ ਸ਼੍ਰੀਮਤੀ ਰਾਜਿੰਦਰ ਕੌਰ, ਐਸ.ਪੀ. (ਹੈ/ਕੁ) ਸ਼੍ਰੀ ਗੌਤਮ ਸਿੰਘਲ, ਐਸ.ਪੀ. (ਸਿਟੀ) ਸ਼੍ਰੀ ਦਲਜੀਤ ਸਿੰਘ ਰਾਣਾ, ਇਨਕਮ ਟੈਕਸ ਅਫਸਰ ਸ੍ਰ: ਜਰਨੈਲ ਸਿੰਘ, ਤਹਿਸੀਲਦਾਰ ਚੋਣਾ ਸ੍ਰ: ਜਗਰੂਪ ਸਿੰਘ ਭੁੱਲਰ, ਜ਼ਿਲ੍ਹੇ ਦੇ ਸਮੂਹ ਡੀ.ਐਸ.ਪੀ. ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Translate »