ਅੰਮ੍ਰਿਤਸਰ, 16 ਜਨਵਰੀ : 26 ਜਨਵਰੀ ਨੂੰ ਗਣਤੰਤਰ ਦਿਵਸ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ, ਗਾਂਧੀ ਗਰਾਉਂਡ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਸ੍ਰ. ਸੁੱਚਾ ਸਿੰਘ ਲੰਗਾਹ ਕੌਮੀ ਝੰਡਾ ਲਹਿਰਾਉਣਗੇ। ਵਧੀਕ ਡਿਪਟੀ ਕਮਿਸ਼ਨਰ ਸ੍ਰ. ਬਲਜੀਤ ਸਿੰਘ ਵੱਲੋਂ ਇਹ ਜਾਣਕਾਰੀ ਅੱਜ ਸਥਾਨਕ ਸਰਕਟ ਹਾਊਸ ਵਿਖੇ ਗਣਤੰਤਰ ਦਿਵਸ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜਾ ਲੈਣ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਸਾਡਾ ਕੌਮੀ ਤਿਉਹਾਰ ਹੈ ਅਤੇ ਇਸ ਨੂੰ ਖੁਸ਼ੀਆਂ ਖੇੜਿਆਂ ਨਾਲ ਮਨਾਉਣਾਂ ਹਰ ਭਾਰਤੀ ਦਾ ਫਰਜ਼ ਹੈ। ਉਹਨਾਂ ਕਿਹਾ ਕਿ ਗਣਤੰਤਰ ਦਿਵਸ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸਟੇਡੀਅਮ ਦੀ ਸਫਾਈ ਅਤੇ ਸਜਾਵਟ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਐਨ. ਸੀ. ਸੀ. ਕੈਡਿਟਾਂ ਅਤੇ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਕੂਲੀ ਬੱਚਿਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਸਕੂਲੀ ਬੱਚਿਆਂ ਵੱਲੋਂ ਕੀਤੇ ਜਾਣ ਵਾਲੇ ਪੀ. ਟੀ. ਸ਼ੋਅ ਦਾ ਅਭਿਆਸ 18 ਜਨਵਰੀ ਨੂੰ ਸ਼ੁਰੂ ਹੋਵੇਗਾ ਅਤੇ ਹੋਰ ਵੀ ਸੱਭਿਆਚਾਰਕ ਪ੍ਰੋਗਰਾਮਾਂ ਦਾ ਅਭਿਆਸ ਚੱਲ ਰਿਹਾ ਹੈ। ਸ੍ਰ. ਬਲਜੀਤ ਸਿੰਘ ਨੇ ਦੱਸਿਆ ਕਿ 21 ਅਤੇ 22 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ, ਗਾਂਧੀ ਗਰਾਉਂਡ ਵਿਖੇ ਸਾਰੇ ਪ੍ਰੋਗਰਾਮ ਦੀ ਰਿਹਸਲ ਹੋਵੇਗੀ ਜਦਕਿ 24 ਜਨਵਰੀ ਨੂੰ ਫੁੱਲ ਡਰੈਸ ਰਿਹਸਲ ਹੋਵੇਗੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਗਣਤੰਤਰ ਦਿਵਸ ਮੌਕੇ ਸਟੇਡੀਅਮ ਵਿੱਚ ਲੋਕਾਂ ਦੇ ਬੈਠਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ ਅਤੇ ਲੋਕਾਂ ਨੂੰ ਵੱਧ-ਚੜ• ਕੇ ਗਣਤੰਤਰ ਦਿਵਸ ਸਮਾਗਮ ਵਿੱਚ ਭਾਗ ਲੈਣਾ ਚਾਹੀਦਾ ਹੈ।