January 17, 2012 admin

ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਮਨਾਉਣ ਲਈ ਪ੍ਰਬੰਧਾ ਦੇ ਜਾਇਜ਼ੇ ਸਬੰਧੀ ਮੀਟਿੰਗ

ਪਟਿਆਲਾ: 16 ਜਨਵਰੀ : 26 ਜਨਵਰੀ ਗਣਤੰਤਰ ਦਿਵਸ ਦਾ ਦਿਹਾੜਾ ਇਸ ਸਾਲ ਵੀ ਪਟਿਆਲਾ ਦੇ ਯਾਦਵਿੰਦਰਾ ਸਟੇਡੀਅਮ ਵਿਖੇ ਪੂਰੀ ਸ਼ਾਨੋ-ਸ਼ੋਕਤ ਨਾਲ ਮਨਾਇਆ ਜਾਵੇਗਾ ਜਿਸ ਵਿੱਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰ: ਪਰਮਿੰਦਰ ਸਿੰਘ ਢੀਂਡਸਾ ਅਦਾ ਕਰਨਗੇ। ” ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਕਾਸ ਗਰਗ ਨੇ ਮਿੰਨੀ ਸਕੱਤਰੇਤ ਵਿਖੇ 26 ਜਨਵਰੀ ਗਣਤੰਤਰ ਦਿਵਸ ਮਨਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪ੍ਰਬੰਧਾ ਦਾ ਜਾਇਜ਼ਾ ਲੈਣ ਹਿੱਤ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ । ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਗਣਤੰਤਰ ਦਿਹਾੜਾ ਸੁਚੱਜੇ ਢੰਗ ਨਾਲ ਮਨਾਉਣ ਸਬੰਧੀ ਡਿਊਟੀਆਂ ਵੀ ਲਗਾਈਆਂ । ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਗਣਤੰਤਰ ਦਿਵਸ ਸਾਡੇ ਸਭ ਲਈ ਬਹੁਤ ਅਹਿਮ ਦਿਨ ਹੈ ਇਸ ਲਈ ਹਰੇਕ ਅਧਿਕਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵੇ।
              ਸ਼੍ਰੀ ਗਰਗ ਨੇ ਦੱਸਿਆ ਕਿ ਇਸ ਵਾਰ ਗਣਤੰਤਰ ਦਿਵਸ ਸਮਾਗਮ ਵਿੱਚ ਪੰਜਾਬ ਪੁਲਿਸ, ਰੇਲਵੇ ਪੁਲਿਸ, ਇੰਡੋ-ਤਿੱਬਤ ਪੁਲਿਸ, ਪੰਜਾਬ ਹੋਮ ਗਾਰਡ, ਸੇਂਟ ਜੋਨਜ਼ ਐਂਬੂਲੈਂਸ, ਸਕਾਊਟਸ ਐਂਡ ਗਰਲ ਗਾਈਡਜ਼, ਐਨ.ਸੀ.ਸੀ. ਲੜਕੇ ਤੇ ਲੜਕਿਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਮੁੱਖ ਮਹਿਮਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ ਇਸ ਮੌਕੇ ਸਰਕਾਰੀ ਕਾਲਜ਼ ਲੜਕੀਆਂ ਦੀਆਂ ਵਿਦਿਆਰਥਣਾ ਪੰਜਾਬ ਦੇ ਰਵਾਇਤੀ ਲੋਕ ਨਾਚ ਗਿੱਧੇ ਦੀ ਪੇਸ਼ਕਾਰੀ ਕਰਨਗੀਆਂ ਅਤੇ ਸਿਵਲ ਲਾਈਨਜ਼ ਸਕੂਲ ਦੇ ਵਿਦਿਆਰਥੀਆਂ ਵੱਲੋਂ ਭੰਗੜੇ ਦੀ ਪੇਸ਼ਕਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਫਾਈਨਲ ਫੁਲ ਡਰੈਸ ਰੀਹਰਸਲ 24 ਜਨਵਰੀ ਨੂੰ ਯਾਦਵਿੰਦਰਾ ਸਟੇਡੀਅਮ ਵਿਖੇ ਹੋਵੇਗੀ।
              ਅੱਜ ਦੀ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਨਿਨਦਿੱਤਾ ਮਿੱਤਰਾ, ਐਸ.ਡੀ.ਐਮ. ਪਟਿਆਲਾ ਸ਼੍ਰੀ ਅਨਿਲ ਗਰਗ, ਐਸ.ਪੀ. (ਸਿਟੀ) ਸ੍ਰ; ਦਲਜੀਤ ਸਿੰਘ ਰਾਣਾ, ਜ਼ਿਲ੍ਹਾ ਟਰਾਂਸਪੋਰਟ ਅਫਸਰ ਡਾ: ਰਿਸ਼ੀਪਾਲ ਸਿੰਘ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰ: ਨਾਜ਼ਰ ਸਿੰਘ, ਸੰਯੁਕਤ ਸਕੱਤਰ ਰੈਡ ਕਰਾਸ ਡਾ: ਪ੍ਰਿਤਪਾਲ ਸਿੰਘ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ਼੍ਰੀ ਵਿਪਨ ਬਾਂਸਲ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਅਫਸਰ ਸ੍ਰ: ਸੇਰ ਸਿੰਘ, ਡਿਪਟੀ ਡੀ.ਈ.ਓ. (ਪ੍ਰਾਇਮਰੀ) ਸ੍ਰ: ਜਰਨੈਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Translate »