ਸ੍ਰੀ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ 25 ਨੂੰ
ਅੰਮ੍ਰਿਤਸਰ 23 ਜਨਵਰੀ:- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇ-ਅਦਬੀ ਨੂੰ ਨਾ ਸਹਾਰਦੇ ਹੋਏ ਰਣ ਤੱਤੇ ਵਿਚ ਜੂਝਣ ਵਾਲੇ ਮਹਾਨ ਸੂਰਬੀਰ, ਸਿਰ ਲੱਥ ਯੋਧੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ 26 ਜਨਵਰੀ ਨੂੰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖ ਦਫਤਰ ਤੋਂ ਜਾਰੀ ਪ੍ਰੈਸ ਰਲੀਜ ਰਾਹੀਂ ਜਾਣਕਾਰੀ ਦੇਂਦਿਆਂ ਦੱਸਿਆ ਹੈ ਕਿ ਮਹਾਨ ਸੂਰਬੀਰ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਤ 25 ਜਨਵਰੀ ਨੂੰ ਦੁਪਹਿਰ 12.00 ਵਜੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਧਾਰਮਿਕ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਆਯੋਜਤ ਕੀਤਾ ਜਾਵੇਗਾ। ਜੋ ਸਰਾਂ-ਗੁਰੂ ਰਾਮਦਾਸ, ਜਲਿਆਂ ਵਾਲਾ ਬਾਗ, ਲੱਕੜ ਮੰਡੀ ਬਾਜਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਂਕ, ਬਾਜਾਰ ਸ਼ਹੀਦ ਊਧਮ ਸਿੰਘ, ਬਾਜਾਰ ਕੋਟ ਮਾਹਣਾ ਸਿੰਘ ਤੇ ਤਰਨਤਾਰਨ ਰੋਡ ਤੋਂ ਹੁੰਦਾ ਹੋਇਆ ਚਾਟੀਵਿੰਡ ਗੇਟ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਪਨ ਹੋਵੇਗਾ।
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਤ 24 ਜਨਵਰੀ ਨੂੰ ਸ੍ਰੀ ਅਖੰਡਪਾਠ ਸਾਹਿਬ ਅਰੰਭ ਹੋਵੇਗਾ ਤੇ 26 ਜਨਵਰੀ ਨੂੰ ਭੋਗ ਉਪਰੰਤ ਪੰਥ ਪ੍ਰਸਿਧ ਕਥਾ ਵਾਚਕ ਗਿਆਨੀ ਪਿੰਦਰਪਾਲ ਸਿੰਘ ਤੇ ਰਾਗੀ ਜਥੇ ਭਾਈ ਅਨੂਪ ਸਿੰਘ ਊਨਾ, ਭਾਈ ਅਮੋਲਕ ਸਿੰਘ ਆਸਟਰੇਲੀਆ, ਭਾਈ ਬਖਸ਼ੀਸ਼ ਸਿੰਘ (ਬੰਦਾ) ਦਿੱਲੀ ਵਾਲੇ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਬਲਦੇਵ ਸਿੰਘ, ਭਾਈ ਗੁਰਇਕਬਾਲ ਸਿੰਘ, ਬੀਬੀ ਬਲਜੀਤ ਕੌਰ ਤਲਵਾੜੇ ਵਾਲੇ ਤੇ ਬੀਬਾ ਆਸ਼ੂਪ੍ਰੀਤ ਕੌਰ ਜਲੰਧਰ ਵਾਲੇ ਕਥਾ ਵਖਿਆਨ ਤੇ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਪ੍ਰਸਿੱਧ ਕਵੀਜਨ, ਢਾਡੀ, ਕਵੀਸਰ ਬਾਬਾ ਜੀ ਦੇ ਜੀਵਨ ਤੇ ਅਧਾਰਤ ਕਵੀਤਾਵਾਂ, ਬੀਰ ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਨਗੇ। ਰਾਤ ਨੂੰ ਦੀਪਮਾਲਾ ਕੀਤੀ ਜਾਵੇਗੀ ਤੇ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਅਲੌਕਿਕ ਆਤਿਸ਼ਬਾਜੀ ਚਲਾਈ ਜਾਵੇਗੀ।