January 26, 2012 admin

ਦੇਸ਼ ਦੇ ਹਰੇਕ ਨਾਗਰਿਕ ਨੂੰ ਆਪਣੀ ਵੋਟ ਦੀ ਵਰਤੋਂ ਕਰਕੇ ਆਪਣੀ ਮਨਪਸੰਦ ਸਰਕਾਰ ਚੁਨਣ ਦਾ ਅਧਿਕਾਰ -ਢੀਂਡਸਾ

ਅਨੇਕਤਾ ਵਿੱਚ ਏਕਤਾ ਸਾਡੇ ਦੇਸ਼ ਦੀ ਸ਼ਾਨ
ਯਾਦਵਿੰਦਰਾ ਸਟੇਡੀਅਮ ਪਟਿਆਲਾ ਵਿਖੇ 63ਵੇਂ ਗਣਤੰਤਰ ਦਿਵਸ ਮੌਕੇ ਜ਼ਿਲ•ਾ ਪੱਧਰੀ ਸਮਾਗਮ
ਪਟਿਆਲਾ: 26 ਜਨਵਰੀ : 26 ਜਨਵਰੀ ਗਣਤੰਤਰ ਦਿਵਸ ਦਾ ਜ਼ਿਲ•ਾ ਪੱਧਰੀ ਸਮਾਗਮ ਪਟਿਆਲਾ ਦੇ ਯਾਦਵਿੰਦਰਾ ਸਟੇਡੀਅਮ ਵਿਖੇ ਪੂਰੀ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ ਜਿਸ ਵਿੱਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰ: ਪਰਮਿੰਦਰ ਸਿੰਘ ਢੀਂਡਸਾ ਨੇ ਅਦਾ ਕੀਤੀ।
ਇਸ ਮੌਕੇ ਆਪਣੇ ਸੰਦੇਸ਼ ਵਿੱਚ ਸ੍ਰ: ਢੀਂਡਸਾ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਵੱਖ-ਵੱਖ ਧਰਮਾਂ, ਮਜ•ਬਾਂ, ਬੋਲੀਆਂ ਅਤੇ ਸਭਿਆਚਾਰ ਵਾਲੇ ਲੋਕ ਰਹਿੰਦੇ ਹਨ ਪ੍ਰੰਤੂ ਫਿਰ ਵੀ ਅਨੇਕਤਾ ਵਿੱਚ ਏਕਤਾ ਸਾਡੇ ਦੇਸ਼ ਦੀ ਸ਼ਾਨ ਹੈ ਜੋ ਕਿ ਪੂਰੀ ਦੁਨੀਆਂ ਵਿੱਚ ਮਸ਼ਹੂਰ ਹੈ। ਉਨ•ਾਂ ਕਿਹਾ ਕਿ ਸਾਡਾ ਦੇਸ਼ ਦੁਨੀਆਂ ਦਾ ਇੱਕ ਮਜਬੂਤ ਲੋਕਤੰਤਰਿਕ ਦੇਸ਼ ਹੈ ਅਤੇ 26 ਜਨਵਰੀ 1950 ਨੂੰ ਸਾਡਾ ਸੰਵਿਧਾਨ ਹੋਂਦ ਵਿੱਚ ਆਇਆ ਜਿਸ ਵਿੱਚ ਦੇਸ਼ ਦੇ ਹਰੇਕ ਨਾਗਰਿਕ ਆਪਣੀ ਵੋਟ ਦੀ ਵਰਤੋਂ ਕਰਦੇ ਹੋਏ ਆਪਣੀ ਮਨਪਸੰਦ ਸਰਕਾਰ ਚੁਨਣ ਦਾ ਅਧਿਕਾਰ ਦਿੱਤਾ ਗਿਆ।  ਉਨ•ਾਂ ਕਿਹਾ ਕਿ ਸਾਡਾ ਸੰਵਿਧਾਨ ਧਰਮ ਨਿਰਪੱਖ ਹੈ ਅਤੇ ਇਸ ਵਿੱਚ ਸਭਨਾਂ ਨੂੰ ਬਰਾਬਰਤਾ ਦੇ ਮੌਲਿਕ ਅਧਿਕਾਰ ਪ੍ਰਦਾਨ ਕੀਤੇ ਗਏ ਹਨ, ਇਸੇ ਕਾਰਨ ਅਸੀਂ ਆਪਣੇ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਜੀ ਨੂੰ ਬੜੇ ਮਾਣ ਨਾਲ ਯਾਦ ਕਰਦੇ ਹਾਂ। ਉਨ•ਾਂ ਕਿਹਾ ਕਿ ਅਸੀਂ ਪਿਛਲੇ 62 ਸਾਲਾਂ ਤੋਂ ਲੋਕਤੰਤਰ ਪ੍ਰਣਾਲੀ ਰਾਹੀਂ ਆਪਣੇ ਦੇਸ਼ ਦਾ ਰਾਜ ਪ੍ਰਬੰਧ ਬੜੀ ਸਫਲਤਾ ਨਾਲ ਚਲਾ ਰਹੇ ਹਾਂ ਅਤੇ ਸਾਰੀ ਦੁਨੀਆਂ ਭਾਰਤ ਦੇ ਸਫਲ ਲੋਕਤੰਤਰ ਤੋਂ ਸੇਧ ਪ੍ਰਾਪਤ ਕਰ ਰਹੀ ਹੈ।
ਸ੍ਰ: ਢੀਂਡਸਾ ਨੇ ਕਿਹਾ ਕਿ ਭਾਵੇਂ ਸਾਡੇ ਰਾਜ ਦਾ ਕੁੱਲ ਰਕਬਾ ਦੇਸ਼ ਦੇ ਰਕਬੇ ਨਾਲੋਂ ਸਿਰਫ ਢਾਈ ਗੁਣਾਂ ਹੈ ਪ੍ਰੰਤੂ ਦੇਸ਼ ਦੀ ਜੰਗ-ਏ-ਆਜ਼ਾਦੀ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਹੀ ਕੀਤੀਆਂ । ਉਨ•ਾਂ ਕਿਹਾ ਕਿ ਅੱਜ ਦੇ ਦਿਨ ਮੈਂ ਉਹਨਾਂ ਮਹਾਨ ਦੇਸ਼ ਭਗਤਾਂ ਤੇ ਸ਼ਹੀਦਾਂ ਨੂੰ ਵੀ ਪ੍ਰਣਾਮ ਕਰਦਾ ਹਾਂ ਜਿਹਨਾਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ । ਸ੍ਰ: ਢੀਂਡਸਾ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਅਸੀਂ ਆਜਾਦੀ ਦਿਵਾਉਣ ਵਾਲੇ ਸ਼ਹੀਦਾਂ ਦੇ ਸੁਫਨਿਆਂ ਨੂੰ ਅਜੇ ਤੱਕ ਪੂਰਾ ਨਹੀਂ ਕਰ ਸਕੇ । ਉਨ•ਾਂ ਕਿਹਾ ਕਿ ਅੱਜ ਵੀ ਸਾਡੇ ਦੇਸ਼ ਵਿੱਚ ਕਈ ਸਮਾਜਿਕ ਬੁਰਾਈਆਂ ਪਣਪ ਰਹੀਆਂ ਹਨ ਜਿਹਨਾਂ ਵਿੱਚੋਂ ਭਰੂਣ ਹੱਤਿਆ ਅਤੇ ਨਸ਼ਿਆਂ ਵਰਗੀਆਂ ਲਾਹਣਤਾਂ ਨੂੰ ਖਤਮ ਕਰਨ ਲਈ ਸਾਨੂੰ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਚਲਾਉਣੀ ਪਵੇਗੀ। ਉਨ•ਾਂ ਕਿਹਾ ਕਿ ਸਾਡੇ ਨੌਜਵਾਨ ਦਿਨੋ-ਦਿਨ ਨਸ਼ਿਆਂ ਦੀ ਗ੍ਰਿਫਤ ਵਿੱਚ ਫਸਦੇ ਜਾ ਰਹੇ ਹਨ ਇਸ ਲਈ ਆਪਣੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤੀ ਦਿਵਾਉਣ ਲਈ ਇੱਕ ਲੋਕ ਲਹਿਰ ਪੈਦਾ ਕਰਨੀ ਪਵੇਗੀ ਤਾਂ ਹੀ ਅਸੀਂ ਆਪਣੀ ਨੌਜਵਾਨੀ ਨੂੰ ਬਚਾ ਕੇ ਇੱਕ ਨਰੋਏ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ ।
ਸ੍ਰ: ਢੀਂਡਸਾ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਤੇ ਪੈਗੰਬਰਾਂ ਦੀ ਧਰਤੀ ਹੈ ਅਤੇ ਗੁਰੂ ਸਾਹਿਬਾਨਾਂ ਨੇ ਜਿਥੇ ਇਸ ਧਰਤੀ ‘ਤੇ ਜਬਰ ਜੁਲਮ ਵਿਰੁੱਧ ਆਵਾਜ਼ ਬੁਲੰਦ ਕੀਤੀ ਉਥੇ ਹੀ ਲੋਕਾਂ ਨੂੰ ਵਿਦੇਸ਼ੀ ਜਰਵਾਣਿਆਂ ਵਿਰੁੱਧ ਸੁਚੇਤ ਵੀ ਕੀਤਾ। ਉਨ•ਾਂ ਕਿਹਾ ਕਿ ਸਾਡੇ ਗੁਰੂਆਂ ਨੇ ਸਰਬਤ ਦੇ ਭਲੇ ਦਾ ਸੰਦੇਸ਼ ਦੇ ਕੇ ਸਮੁੱਚੀ ਮਾਨਵਤਾ ਨੂੰ ਬਰਾਬਰੀ ਦਾ ਪੈਗਾਮ ਵੀ ਦਿੱਤਾ। ਉਨ•ਾਂ ਕਿਹਾ ਕਿ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਨੇ ਪੰਜ ਪਿਆਰਿਆਂ ਦੀ ਸਥਾਪਨਾਂ ਕਰਕੇ ਲੋਕਤੰਤਰ ਅਤੇ ਸਾਂਝੀਵਾਲਤਾ ਦੀ ਨੀਂਹ ਰੱਖੀ ਸੀ ਅਤੇ ਅੱਜ ਦੇ ਦੌਰ ਵਿੱਚ ਸਾਨੂੰ ਆਪਣੇ ਗੁਰੂਆਂ, ਪੀਰਾਂ ਤੇ ਪੈਗੰਬਰਾਂ ਵੱਲੋਂ ਵਿਖਾਏ ਮਾਰਗ ‘ਤੇ ਚੱਲਣ ਦੀ ਮੁੱਖ ਲੋੜ ਹੈ। ਉਨ•ਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸ਼ਹੀਦਾਂ ਵੱਲੋਂ ਵਿਖਾਏ ਮਾਰਗ ‘ਤੇ ਚੱਲਦੇ ਹੋਏ ਰਾਸ਼ਟਰ ਨਿਰਮਾਣ ਅਤੇ ਤਰੱਕੀ ਵਿੱਚ ਆਪਣਾ ਵੱਧ ਤੋਂ ਵੱਧ ਸਾਰਥਕ ਯੋਗਦਾਨ ਪਾਉਣ।
ਇਸ ਮੌਕੇ ਸ੍ਰ: ਢੀਂਡਸਾ ਨੇ ਸ਼ਾਨਦਾਰ ਪਰੇਡ ਦਾ ਨਿਰੀਖਣ ਕੀਤਾ ਅਤੇ ਵੱਖ-ਵੱਖ ਟੁਕੜੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ । ਇਸ ਮੌਕੇ ਉਨ•ਾਂ ਦੇ ਨਾਲ ਜ਼ਿਲ•ੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਕਾਸ ਗਰਗ ਅਤੇ ਐਸ.ਐਸ.ਪੀ. ਸ਼੍ਰੀ ਦਿਨੇਸ਼ ਪ੍ਰਤਾਪ ਸਿੰਘ ਵੀ ਮੌਜੂਦ ਸਨ। ਇਸ ਮੌਕੇ ਵੱਖ-ਵੱਖ ਸਕੂਲਾਂ ਤੇ ਕਾਲਜ਼ਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸਨੌਰ ਦੀਆਂ ਵਿਦਿਆਰਥਣਾਂ ਵੱਲੋਂ ਭਾਰਤੀ ਸੈਨਾ, ਦੇਸ਼ ਦੀ ਸੁਰੱਖਿਆ ਦਾ ਪ੍ਰਤੀਕ ਵਿਸ਼ੇ ‘ਤੇ ਅਤੇ ਨਵਜੀਵਨੀ ਸਕੂਲ ਆਫ ਸਪੈਸ਼ਲ ਐਜੂਕੇਸ਼ਨ ਸੂਲਰ ਦੇ ਵਿਦਿਆਰਥੀਆਂ ਵੱਲੋਂ ‘ ਬਜੁਰਗਾਂ ਨੂੰ ਸਤਿਕਾਰ ਦਿਓ’ ਵਿਸ਼ੇ ‘ਤੇ ਇੱਕ ਵਿਸ਼ੇਸ਼ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਸਰਕਾਰੀ ਸਿਵਲ ਲਾਈਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਭੰਗੜਾ ਅਤੇ ਸਰਕਾਰੀ ਕਾਲਜ਼ ਲੜਕੀਆਂ ਦੀਆਂ ਵਿਦਿਆਰਥਣਾ ਵੱਲੋਂ ਪੰਜਾਬ ਦਾ ਲੋਕ ਨਾਚ ਗਿੱਧਾ ਵੀ ਪੇਸ਼ ਕੀਤਾ ਗਿਆ । ਇਸ ਮੌਕੇ ਸ੍ਰ: ਢੀਂਡਸਾ ਨੇ ਸੁਤੰਤਰਤਾ ਸੈਨਾਨੀਆਂ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੇ 17 ਵਿਅਕਤੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸ੍ਰ: ਢੀਂਡਸਾ ਵੱਲੋਂ ਪਰੇਡ ਕਮਾਂਡਰ ਡੀ.ਐਸ.ਪੀ. ਨਾਭਾ ਸ੍ਰ: ਰਾਜਵਿੰਦਰ ਸਿੰਘ ਸੋਹਲ ਅਤੇ ਪਰੇਡ ਵਿੱਚ ਪਹਿਲੇ ਸਥਾਨ ‘ਤੇ ਰਹਿਣ ਵਾਲੀ ਇੰਡੋ ਤਿਬਤੀਅਨ ਬਾਰਡਰ ਪੁਲਿਸ ਅਤੇ ਦੂਜੇ ਸਥਾਨ ‘ਤੇ ਰਹਿਣ ਵਾਲੀ ਪੰਜਾਬ ਪੁਲਿਸ ਦੀ ਟੁਕੜੀਆਂ ਤੇ ਸਭਿਆਚਾਰਕ ਪ੍ਰੋਗਰਾਮਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਪਟਿਆਲਾ ਨੇ 27 ਜਨਵਰੀ ਨੂੰ ਜ਼ਿਲ•ੇ ਦੇ ਸਮੂਹ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ।
ਅੱਜ ਦੇ ਸਮਾਗਮ ਵਿੱਚ ਡਵੀਜ਼ਨਲ ਕਮਿਸ਼ਨਰ ਪਟਿਆਲਾ ਸ਼੍ਰੀ ਐਸ.ਆਰ. ਲੱਧੜ, ਆਈ.ਜੀ. ਪਟਿਆਲਾ ਜ਼ੋਨ ਸ਼੍ਰੀ ਐਸ.ਐਲ. ਗੱਖੜ, ਜ਼ਿਲ•ੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਕਾਸ ਗਰਗ, ਐਸ.ਐਸ.ਪੀ. ਸ਼੍ਰੀ ਦਿਨੇਸ਼ ਪ੍ਰਤਾਪ ਸਿੰਘ, ਜ਼ਿਲ•ਾ ਤੇ ਸ਼ੈਸ਼ਨ ਜੱਜ ਸ਼੍ਰੀ ਰਾਜ ਸ਼ੇਖਰ ਅੱਤਰੀ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨਿਨਦਿੱਤਾ ਮਿੱਤਰਾ, ਐਸ.ਡੀ.ਐਮ. ਪਟਿਆਲਾ ਸ਼੍ਰੀ ਅਨਿਲ ਗਰਗ, ਐਸ.ਪੀ. (ਸਿਟੀ) ਸ਼੍ਰੀ ਦਲਜੀਤ ਸਿੰਘ ਰਾਣਾ, ਐਸ.ਪੀ. (ਡੀ) ਸ਼੍ਰੀ ਪ੍ਰਿਤਪਾਲ ਸਿੰਘ ਥਿੰਦ, ਜ਼ਿਲ•ਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਅੰਜੁਮਨ ਪ੍ਰਭਾਕਰ, ਸਕੱਤਰ ਜ਼ਿਲ•ਾ ਪ੍ਰੀਸ਼ਦ ਸ੍ਰ: ਹਰਿੰਦਰ ਸਿੰਘ ਸਰਾਂ, ਤਹਿਸੀਲਦਾਰ ਪਟਿਆਲਾ ਸ਼੍ਰੀ ਏ.ਐਸ. ਥਿੰਦ, ਪ੍ਰਿੰਸੀਪਲ ਸਰਕਾਰੀ ਕਾਲਜ਼ ਲੜਕੀਆਂ ਡਾ: ਸੁਖਜਿੰਦਰ ਕੌਰ, ਪੰਜਾਬ ਅਨੁਸੂਚਿਤ ਜਾਤੀ ਦੇ ਮੈਂਬਰ ਸ੍ਰ: ਦਲੀਪ ਸਿੰਘ ਪਾਂਧੀ, ਭਾਜਪਾ ਸ਼ਹਿਰੀ ਦੇ ਜ਼ਿਲ•ਾ ਪ੍ਰਧਾਨ ਸ਼੍ਰੀ ਅਰੁਣ ਗੁਪਤਾ,  ਜਨਰਲ ਸਕੱਤਰ ਸ਼੍ਰੀ ਤ੍ਰਿਭਵਨ ਗੁਪਤਾ, ਜ਼ਿਲ•ਾ ਸਿੱਖਿਆ ਅਫਸਰ (ਸੈਕੰਡਰੀ) ਸ਼੍ਰੀ ਪ੍ਰਮੋਦ ਕੁਮਾਰ, ਜ਼ਿਲ•ਾ ਸਿੱਖਿਆ ਅਫਸਰ (ਪ੍ਰਾਇਮਰੀ) ਸ਼੍ਰੀਮਤੀ ਬਲਬੀਰ ਕੌਰ ਗਿੱਲ ਤੋਂ ਇਲਾਵਾ ਸਿਵਲ, ਪੁਲਿਸ ਅਤੇ ਨਿਆਂਇਕ ਅਧਿਕਾਰੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਇਸੇ ਤਰ•ਾਂ ਗਣਤੰਤਰ ਦਿਵਸ ਦੇ ਮੌਕੇ ‘ਤੇ ਰਾਜਪੁਰਾ ਵਿਖੇ ਐਸ.ਡੀ.ਐਮ. ਰਾਜਪੁਰਾ ਸ਼੍ਰੀ ਜੇ.ਕੇ.ਜੈਨ, ਨਾਭਾ ਵਿਖੇ ਐਸ.ਡੀ.ਐਮ.ਸ਼੍ਰੀਮਤੀ ਪੂਨਮਦੀਪ ਕੌਰ, ਸਮਾਣਾ ਵਿਖੇ ਐਸ.ਡੀ.ਐਮ. ਸ਼੍ਰੀ ਗੁਰਪ੍ਰੀਤ ਸਿੰਘ ਥਿੰਦ ਅਤੇ ਪਾਤੜਾਂ ਵਿਖੇ ਐਸ.ਡੀ.ਐਮ. ਸ਼੍ਰੀਮਤੀ ਪ੍ਰਨੀਤ ਕੌਰ ਸ਼ੇਰਗਿੱਲ ਨੇ ਕੌਮੀ ਝੰਡਾ ਲਹਿਰਾਇਆ। 

Translate »